ਰੂਪਨਗਰ, 22 ਫਰਵਰੀ(ਪੰਜਾਬੀ ਖ਼ਬਰਨਾਮਾ)
ਜ਼ਿਲ੍ਹਾ ਰੂਪਨਗਰ ਦੇ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿੱਚ ਕਣਕ ਦੀ ਫਸਲ ਦਾ ਨਿਰੀਖਣ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਡਾ. ਗੁਰਬਚਨ ਸਿੰਘ ਨੇ ਦੱਸਿਆ ਕਿ ਹੁਣ ਕਣਕ ਦੀ ਫਸਲ ਤੇ ਪੀਲੀ ਕੁੰਗੀ ਬਿਮਾਰੀ ਦਾ ਹਮਲਾ ਵੱਧਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਕਿਸਾਨਾਂ ਨੂੰ ਆਪਣੇ ਖੇਤਾਂ ਦਾ ਨਿਰੰਤਰ ਨਿਰੀਖਣ ਕਰਦੇ ਰਹਿਣਾ ਚਾਹੀਦਾ ਹੈ।
ਪਿੰਡ ਪਚਰੰਡਾਂ ਵਿਖੇ ਕਣਕ ਦੀ ਫਸਲ ਦਾ ਨਿਰੀਖਣ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਪੀਲੀ ਕੁੰਗੀ ਦੇ ਪ੍ਰਭਾਵ ਕਾਰਨ ਫਸਲ ਪੀਲੀ ਨਜ਼ਰ ਆਉਂਦੀ ਹੈ, ਇਸ ਬਿਮਾਰੀ ਦੀ ਸ਼ੁਰੂਆਤ ਇਸੇ ਬਲਾਕ ਤੋਂ ਹਰ ਸਾਲ ਹੁੰਦੀ ਹੈ। ਇਹ ਬਿਮਾਰੀ ਸਭ ਤੋਂ ਪਹਿਲਾਂ ਹੇਠਲੇ ਪੱਤਿਆਂ ਉੱਪਰ ਧੌੜੀਆਂ ਵਿੱਚ ਖੇਤ ਦੇ ਕਿਨਾਰਿਆਂ ਤੇ ਆਉਂਦੀ ਹੈ, ਜੋ ਪੀਲੇ ਰੰਗ ਦੇ ਪਾਊਡਰੀ ਲੰਮੀਆਂ ਧਾਰੀਆਂ ਦੇ ਰੂਪ ਵਿੱਚ ਧੱਬਿਆਂ ਦੇ ਰੂਪ ਵਿੱਚ ਦਿਖਾਈ ਦਿੰਦੀ ਹੈ, ਜੇਕਰ ਪ੍ਰਭਾਵਤ ਪੱਤੇ ਨੂੰ ਦੋ ਉੰਗਲਾਂ ਵਿੱਚ ਫੜਿਆ ਜਾਵੇ ਤਾਂ ਉੰਗਲਾਂ ਤੇ ਪੀਲਾ ਪਾਊਡਰ ਲੱਗ ਜਾਵੇ ਤਾਂ ਸਮਝੋ ਇਹੀ ਪੀਲੀ ਕੁੰਗੀ ਹੈ। ਇਸ ਬਿਮਾਰੀ ਦੇ ਵੱਧ ਜਾਣ ਕਾਰਨ ਕਣਕ ਦੇ ਦਾਣੇ ਪਤਲੇ ਪੈ ਜਾਂਦੇ ਹਨ ਅਤੇ ਝਾੜ ਬਹੁਤ ਘੱਟ ਜਾਂਦਾ ਹੈ।
ਡਾ. ਗੁਰਬਚਨ ਸਿੰਘ ਨੇ ਦੱਸਿਆ ਕਿ ਇਸ ਦੇ ਹੱਲ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਆਪਣੇ ਖੇਤਾਂ ਦਾ ਲਗਾਤਾਰ ਸਰਵੇਖਣ ਕਰਦੇ ਰਹਿਣ ਅਤੇ ਜਦ ਵੀ ਪੀਲੀ ਕੁੰਗੀ ਦੇ ਹਮਲੇ ਦੇ ਸ਼ੁਰੂਆਤੀ ਲੱਛਣ ਦਿਖਾਈ ਦੇਣ ਤਾਂ ਤੁਰੰਤ 200 ਗ੍ਰਾਮ ਟੈਬੂਕੋਨਾਜ਼ੋਲ 25 ਡਬਲਯੂ ਜੀ ਜਾਂ 120 ਗ੍ਰਾਮ ਟ੍ਰਾਈਫਲੋਕਸੀਸਟ੍ਰੋਬਿਨ+ਟੈਬੂਕੋਨਾਜ਼ੋਲ 75 ਡਬਲਯੂ ਜੀ ਜਾਂ 200 ਮਿਲੀਲਿਟਰ ਪਾਈਰੈਕਲੋਸਟ੍ਰੋਬਿਨ+ਇਪੋਕਸੀਕੋਨਾਜ਼ੋਲ 18.3 ਐਸ ਈ ਜਾਂ 200 ਮਿਲੀਲਿਟਰ ਐਜ਼ੋਕਸੀਸਟ੍ਰੋਬਿਨ + ਟੈਬੂਕੋਨਾਜ਼ੋਲ 320 ਐਸ ਸੀ) ਜਾਂ 200 ਮਿਲੀਲਿਟਰ ਪ੍ਰੋਪੀਕੋਨਾਜ਼ੋਲ 25 ਈ ਸੀ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕੀਤਾ ਜਾਵੇ।
ਵਧੇਰੇ ਜਾਣਕਾਰੀ ਲਈ ਕਿਸਾਨ ਆਪਣੇ ਹਲਕੇ ਨਾਲ ਸੰਬੰਧਤ ਖੇਤੀਬਾੜੀ ਦਫਤਰ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਡਾ.ਅਮਰਜੀਤ ਸਿੰਘ ਏ.ਡੀ.ੳ ਅਤੇ ਹਰਪ੍ਰੀਤ ਸਿੰਘ ਏ.ਐਸ.ਆਈ ਵੀ ਹਾਜ਼ਰ ਸਨ।