ਰੂਪਨਗਰ, 6ਫਰਵਰੀ (ਪੰਜਾਬੀ ਖ਼ਬਰਨਾਮਾ)
ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਡਾ. ਗੁਰਬਚਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਪੈਸਟ ਸਰਵੇਲੈਂਸ ਟੀਮਾਂ ਵੱਲੋ ਕਿਸਾਨਾਂ ਦੇ ਖੇਤਾਂ ਵਿੱਚ ਜਾਕੇ ਕਣਕ, ਗੋਭੀ ਸਰੋਂ, ਗੰਨਾ ਅਤੇ ਦਾਲ ਫ਼ਸਲਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ, ਅਤੇ ਜ਼ਿਲ੍ਹਾ ਸਿਖਲਾਈ ਅਫ਼ਸਰ ਵੱਲੋ ਪਿੰਡ ਪੱਧਰ ਤੇ ਕਿਸਾਨ ਸਿਖਲਾਈ ਕੈਂਪ ਲਗਾਕੇ ਕਿਸਾਨਾਂ ਨੂੰ ਜਾਗਰੂਕ ਵੀ ਕੀਤਾ ਜਾਂਦਾ ਹੈ ਕਿ ਫ਼ਸਲਾਂ ਦਾ ਨਿਰੰਤਰ ਨਿਰੀਖਣ ਕਰਦੇ ਰਹੋ, ਅਗਰ ਕੋਈ ਸਮੱਸਿਆ ਆਉਂਦੀ ਹੈ ਤਾਂ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਕੀਤਾ ਜਾਵੇ।
ਪਿੰਡ ਕਕਰਾਲੀ ਵਿਖੇ ਕਿਸਾਨ ਜਰਨੈਲ ਸਿੰਘ ਦੀ ਗੋਭੀ ਸਰੋਂ ਦੀ ਫਸਲ ਦਾ ਨਿਰੀਖਣ ਕਰਦੇ ਹੋਏ ਡਾ. ਗੁਰਬਚਨ ਸਿੰਘ ਨੇ ਦੱਸਿਆ ਕਿ ਗੋਭੀ ਸਰੋਂ ਦੀ ਫ਼ਸਲ ਤੇ ਫੁੱਲ ਪੈਣ ਦੀ ਸ਼ੁਰੂਆਤੀ ਅਵਸਥਾ, ਫਲੀਆ ਬਣਨ ਅਤੇ ਦਾਣੇ ਬਣਨ ਸਮੇਂ ਸਿੰਚਾਈ ਦਾ ਖਾਸ ਖਿਆਲ ਰੱਖਿਆ ਜਾਣਾ ਚਾਹੀਦਾ ਹੈ। ਹੁਣ ਫ਼ਸਲ ਦੀ ਹਾਲਤ ਨਾਰਮਲ ਹੈ ਕਿਸੇ ਕਿਸਮ ਦਾ ਕੀੜਾ ਜਾਂ ਬਿਮਾਰੀ ਦਾ ਹਮਲਾ ਨਹੀ ਹੈ। ਪਰ ਅੱਗੇ ਤਾਪਮਾਨ ਵਿੱਚ ਵਾਧਾ ਹੋਣ ਤੇ ਚੇਪੇ ਦੇ ਹਮਲੇ ਬਾਰੇ ਸੁਚੇਤ ਰਹਿਕੇ ਖੇਤਾਂ ਦਾ ਨਿਰੀਖਣ ਕਰਦੇ ਰਹਿਣਾ ਚਾਹੀਦਾ ਹੈ। ਇਹ ਕੀੜੇ ਬਹੁਤ ਜਿਆਦਾ ਗਿਣਤੀ ਵਿੱਚ ਫੁੱਲਾਂ ਅਤੇ ਫਲੀਆਂ ਨੂੰ ਢੱਕ ਲੈਂਦੇ ਹਨ,ਪੌਦੇ ਦਾ ਰਸ ਚੂਸਦੇ ਹਨ,ਜਿਸ ਦੇ ਸਿੱਟੇ ਵੱਜੋਂ ਪੌਦਾ ਮਧਰਾ ਰਹਿ ਜਾਂਦਾ ਹੈ, ਫਲੀਆਂ ਸੁੱਕੜ ਜਾਂਦੀਆ ਹਨ ਅਤੇ ਬੀਜ ਨਹੀ ਬਣਦੇ।
ਮੁੱਖ ਖੇਤੀਬਾੜੀ ਅਫ਼ਸਰ ਨੇ ਅੱਗੇ ਦੱਸਿਆ ਕਿ ਇਸ ਦੀ ਰੋਕਥਾਮ ਲਈ ਐਕਟਾਰਾ 25 ਡਬਲਿਊ ਜੀ 40 ਗ੍ਰਾਮ, ਡਾਈਮੈਥੋਏਟ 30 ਈ ਸੀ 400 ਮਿਲੀਲਿਟਰ ਅਤੇ ਕਲੋਰਪਾਈਰੀਫਾਸ 20 ਈ ਸੀ 600 ਮਿਲੀਲਿਟਰ ਪ੍ਰਤੀ ਲਿਟਰ ਦੇ ਹਿਸਾਬ ਨਾਲ 80-125 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਹ ਕੀਟਨਾਸ਼ਕ ਦਾ ਛਿੜਕਾਅ ਦੁਪਹਿਰ ਤੋਂ ਬਾਅਦ ਕਰੋ, ਜਦੋਂ ਪਰ-ਪਰਾਗਣ ਕਿਰਿਆ ਕਰਨ ਵਾਲੇ ਕੀੜੇ-ਮਕੌੜੇ ਘੱਟ ਹਰਕਤ ਵਿੱਚ ਹੁੰਦੇ ਹਨ।
ਇਸ ਮੌਕੇ ਡਾ. ਗੁਰਬਚਨ ਸਿੰਘ ਨੇ ਦੱਸਿਆ ਕਿ ਆਮ ਤੌਰ ਤੇ ਸਰੋਂ ਜਾਤੀ ਦੀਆਂ ਕੁੱਝ ਮੁੱਖ ਕੀੜਿਆ ਵਿੱਚ ਜਿਵੇ ਰਾਇਆ ਦਾ ਚੇਪਾ, ਬੰਦਗੋਭੀ ਵਾਲੀ ਸੁੰਡੀ ਅਤੇ ਬਿਮਾਰੀਆਂ ਵਿੱਚ ਝੁਲਸ ਰੋਗ ਅਤੇ ਚਿੱਟੀ ਕੁੰਗੀ ਦਾ ਹਮਲਾ ਜਿਆਦਾ ਹੁੰਦਾ ਹੈ।