ਚੰਡੀਗੜ੍ਹ 11 ਜੂਨ 2026 (ਪੰਜਾਬੀ ਖਬਰਨਾਮਾ ਬਿਊਰੋ) ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਚਿਤਾਵਨੀ ਦਿੱਤੀ ਹੈ ਕਿ ਫੈਟੀ ਲਿਵਰ ਰੋਗ ਤੇਜ਼ੀ ਨਾਲ ‘‘ਸਾਈਲੈਂਟ ਮਹਾਮਾਰੀ’’ ਦਾ ਰੂਪ ਧਾਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬੀਮਾਰੀ ਅਕਸਰ ਬਿਨਾਂ ਕਿਸੇ ਸਪੱਸ਼ਟ ਲੱਛਣ ਦੇ ਹੌਲੀ-ਹੌਲੀ ਵਧਦੀ ਹੈ ਅਤੇ ਕਈ ਵਾਰ ਉਦੋਂ ਸਾਹਮਣੇ ਆਉਂਦੀ ਹੈ ਜਦੋਂ ਲਿਵਰ ਨੂੰ ਗੰਭੀਰ ਨੁਕਸਾਨ ਪਹੁੰਚ ਚੁੱਕਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਸਮੇਂ ਸਿਰ ਇਲਾਜ ਨਾ ਹੋਣ ਦੀ ਸੂਰਤ ਵਿੱਚ ਇਹ ਰੋਗ ਫਾਈਬਰੋਸਿਸ, ਸਿਰੋਸਿਸ ਅਤੇ ਲਿਵਰ ਫੇਲ੍ਹ ਹੋਣ ਵਰਗੀਆਂ ਗੰਭੀਰ ਸਥਿਤੀਆਂ ਤੱਕ ਪਹੁੰਚ ਸਕਦਾ ਹੈ।

ਰਾਜ ਸਿਹਤ ਏਜੰਸੀ ਦੇ ਅੰਕੜਿਆਂ ਮੁਤਾਬਕ ਪਿਛਲੇ ਪੰਜ ਮਹੀਨਿਆਂ ਦੌਰਾਨ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਿਵਰ ਨਾਲ ਸਬੰਧਿਤ 302 ਮਰੀਜ਼ਾਂ ਦਾ ਇਲਾਜ ਕੀਤਾ ਗਿਆ, ਜਿਸ ’ਤੇ 6 ਲੱਖ ਰੁਪਏ ਤੋਂ ਵੱਧ ਖ਼ਰਚ ਕੀਤਾ ਗਿਆ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਅੰਕੜੇ ਰਾਜ ਵਿੱਚ ਲਿਵਰ ਰੋਗਾਂ ਦੀ ਵਧਦੀ ਚੁਣੌਤੀ ਅਤੇ ਸਮੇਂ ਸਿਰ ਜਾਂਚ ਦੀ ਲੋੜ ਨੂੰ ਦਰਸਾਉਂਦੇ ਹਨ।

ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਿਜ਼ ਦੇ ਡਾਇਰੈਕਟਰ ਡਾ. ਵੀਰੇਂਦਰ ਸਿੰਘ ਨੇ ਕਿਹਾ ਕਿ ਗੈਰ-ਸਿਹਤਮੰਦ ਖਾਣ-ਪੀਣ, ਸਰੀਰਕ ਗਤੀਵਿਧੀਆਂ ਦੀ ਘਾਟ, ਮੋਟਾਪਾ, ਸ਼ੂਗਰ ਅਤੇ ਸ਼ਰਾਬ ਦੀ ਵਰਤੋਂ ਫੈਟੀ ਲਿਵਰ ਦੇ ਮੁੱਖ ਕਾਰਨ ਹਨ। ਉਨ੍ਹਾਂ ਦੱਸਿਆ ਕਿ ਇਹ ਬੀਮਾਰੀ ਹੁਣ ਨੌਜਵਾਨਾਂ ਅਤੇ ਬੱਚਿਆਂ ਵਿੱਚ ਵੀ ਤੇਜ਼ੀ ਨਾਲ ਪਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਸੰਤੁਲਿਤ ਖੁਰਾਕ ਅਪਣਾਉਣ, ਨਿਯਮਿਤ ਕਸਰਤ ਕਰਨ, ਤਲੇ-ਭੁੰਨੇ ਅਤੇ ਪ੍ਰੋਸੈਸਡ ਭੋਜਨਾਂ ਤੋਂ ਪਰਹੇਜ਼ ਕਰਨ ਅਤੇ ਸਮੇਂ-ਸਮੇਂ ’ਤੇ ਸਿਹਤ ਜਾਂਚ ਕਰਵਾਉਣ ਦੀ ਸਲਾਹ ਦਿੱਤੀ।

ਉਨ੍ਹਾਂ ਕਿਹਾ ਕਿ ਲਿਵਰ ਫੰਕਸ਼ਨ ਟੈਸਟ, ਅਲਟਰਾਸਾਊਂਡ ਅਤੇ ਫਾਈਬ੍ਰੋਸਕੈਨ ਵਰਗੀਆਂ ਜਾਂਚਾਂ ਰਾਹੀਂ ਬੀਮਾਰੀ ਦਾ ਸ਼ੁਰੂਆਤੀ ਪੜਾਅ ਵਿੱਚ ਪਤਾ ਲਗਾ ਕੇ ਗੰਭੀਰ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।