ਸ਼੍ਰੀ ਚਮਕੌਰ ਸਾਹਿਬ, 26 ਅਪ੍ਰੈਲ (ਪੰਜਾਬੀ ਖ਼ਬਰਨਾਮਾ): ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਰੂਪਨਗਰ ਡਾ. ਪ੍ਰੀਤੀ ਯਾਦਵ ਅਤੇ ਉਪ ਮੰਡਲ ਮੈਜਿਸਟਰੇਟ ਸ਼੍ਰੀ ਚਮਕੌਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਲਈ ਨਾਰਕੋ ਕੋਰਡੀਨੈਸ਼ਨ ਸੈਂਟਰ (ਨਕਾਰਡ) ਪ੍ਰਣਾਲੀ ਦੇ ਤਹਿਤ ਫੁੱਟਬਾਲ ਖੇਡ ਦੇ ਮੁਕਾਬਲੇ ਕਰਵਾਏ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਰੂਪਨਗਰ ਸ਼੍ਰੀ ਕੁਲਦੀਪ ਚੁੱਘ ਨੇ ਦੱਸਿਆ ਕਿ ਇਹ ਖੇਡ ਮੁਕਾਬਲੇ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਸਟੇਡੀਅਮ ਸ਼੍ਰੀ ਚਮਕੌਰ ਸਾਹਿਬ ਵਿਖੇ ਕਰਵਾਏ ਗਏ ਅਤੇ ਇਨ੍ਹਾਂ ਮੈਚਾਂ ਵਿੱਚ ਬਲਾਕ ਸ਼੍ਰੀ ਚਮਕੌਰ ਸਾਹਿਬ ਅਤੇ ਇਸ ਇਲਾਕੇ ਦੇ ਆਸ-ਪਾਸ ਦੇ ਖਿਡਾਰੀਆਂ ਅਤੇ ਖਿਡਾਰਨਾਂ ਨੇ ਭਾਗ ਲਿਆ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਤੋਂ ਇਲਾਵਾ ਕੋਚਾਂ ਵੱਲੋਂ ਸਵੀਪ ਗਤੀਵਿਧੀਆਂ ਅਧੀਨ ਆਉਣ ਵਾਲੀ ਇੱਕ ਜੂਨ ਨੂੰ ਸਮੂਹ ਖਿਡਾਰੀਆਂ ਨੂੰ ਪਰਿਵਾਰ ਸਮੇਤ ਵੱਧ-ਚੜ੍ਹ ਕੇ ਲੋਕ ਸਭਾ ਚੋਣਾਂ ਵਿੱਚ ਹਿੱਸਾ ਲੈਣ ਦੀ ਅਪੀਲ ਵੀ ਕੀਤੀ ਗਈ।
ਇਸ ਮੌਕੇ ਹਾਕੀ ਕੋਚ ਲਵਜੀਤ ਸਿੰਘ, ਫੁੱਟਬਾਲ ਕੋਚ ਜਸਵਿੰਦਰ ਸਿੰਘ ਭੁੱਲਰ, ਕਬੱਡੀ ਕੋਚ ਪ੍ਰਿਯੰਕਾ ਦੇਵੀ, ਕੈਕਿੰਗ, ਕੈਨੋਇੰਗ ਕੋਚ ਉਂਕਾਰਦੀਪ ਕੌਰ ਵੀ ਹਾਜ਼ਰ ਸਨ।