ਪਟਿਆਲਾ, 22 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਫਰੀਦਕੋਟ ਗੋਲੀਕਾਂਡ (Faridkot Shooting Case) ਦੇ ਮੁਲਜ਼ਮ ਤੇ ਪੰਜਾਬ ਪੁਲਿਸ (Punjab Police) ਦੇ ਸਾਬਕਾ ਡੀਆਈਜੀ ਅਮਰ ਸਿੰਘ ਚਾਹਲ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਪੁਲਿਸ ਦੀ ਮੁੱਢਲੀ ਜਾਂਚ ਅਨੁਸਾਰ ਖੁਦਕੁਸ਼ੀ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ, ਚਾਹਲ ਨੂੰ ਗੋਲੀ ਲੱਗਣ ਤੋਂ ਤੁਰੰਤ ਬਾਅਦ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਸੀ ਤੇ ਬਾਅਦ ਵਿਚ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ ਮੁਤਾਬਕ ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਗੋਲ਼ੀ ਕਿਵੇਂ ਅਤੇ ਕਿਹੜੇ ਹਾਲਾਤ ‘ਚ ਚਲਾਈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ਅਤੇ ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ।
ਪਟਿਆਲਾ ਐਸਐਸਪੀ ਵਰੁਣ ਸ਼ਰਮਾ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ, “ਜਿਵੇਂ ਹੀ ਸਾਨੂੰ ਗੋਲ਼ੀ ਚੱਲਣ ਦੀ ਸੂਚਨਾ ਮਿਲੀ, ਸਾਡੀਆਂ ਟੀਮਾਂ ਤੁਰੰਤ ਉਨ੍ਹਾਂ ਦੇ ਘਰ ਪਹੁੰਚੀਆਂ। ਉਨ੍ਹਾਂ ਨੂੰ ਗੰਭੀਰ ਹਾਲਤ ‘ਚ ਹਸਪਤਾਲ ਪਹੁੰਚਾਇਆ ਗਿਆ ਹੈ।”
ਅਮਰ ਸਿੰਘ ਚਾਹਲ 2015 ਦੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਨਾਮਜ਼ਦ ਮੁਲਜ਼ਮਾਂ ‘ਚੋਂ ਇੱਕ ਹਨ। 24 ਫਰਵਰੀ 2023 ਨੂੰ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਫਰੀਦਕੋਟ ਦੀ ਅਦਾਲਤ ‘ਚ ਚਾਰਜਸ਼ੀਟ ਦਾਖਲ ਕੀਤੀ ਸੀ। ਇਸ ਚਾਰਜਸ਼ੀਟ ਵਿੱਚ ਅਮਰ ਸਿੰਘ ਚਾਹਲ ਤੋਂ ਇਲਾਵਾ ਕਈ ਵੱਡੇ ਨਾਮ ਸ਼ਾਮਲ ਹਨ।
