ਪਟਿਆਲਾ, 27 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਸੁਤੰਤਰਤਾ ਸੰਗਰਾਮੀ ਅਤੇ ਉਨ੍ਹਾਂ ਦੇ ਪਰਿਵਾਰਾਂ ਵਲੋਂ ਗਣਤੰਤਰ ਦਿਵਸ ਸਮਾਗਮ ਦੌਰਾਨ ਰਾਸ਼ਟਰੀ ਝੰਡੇ ਨੂੰ ਸਲਾਮੀ ਦੇਣ ਉਪਰੰਤ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਗਿਆ। ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ 234 ਅਤੇ ਜਥੇਬੰਦੀ 196 ਦੇ ਸੱਦੇ ਉੱਤੇ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ ਗਣਤੰਤਰ ਦਿਵਸ ਸਮਾਗਮ ਵਿੱਚ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਨੇ ਸ਼ਿਰਕਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਸਨਮਾਨ ਨੂੰ ਲੈਣ ਤੋਂ ਇਨਕਾਰ ਕੀਤਾ। ਫਰੀਡਮ ਫਾਈਟਰ ਉਤਰਾਧਿਕਾਰੀ ਜਥੇਬੰਦੀਆਂ ਵੱਲੋਂ ਗਣਤੰਤਰ ਦਿਵਸ ਸਮਾਗਮ ਮੋਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਦੀ ਰਣਨੀਤੀ ਸਫਲ ਸਾਬਤ ਹੋਈ।

ਜਾਣਕਾਰੀ ਦਿੰਦਿਆਂ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਨੇ ਦੱਸਿਆ ਕਿ ਜਥੇਬੰਦੀਆਂ ਵੱਲੋਂ ਆਪਣੇ ਪਰਿਵਾਰਾਂ ਦੀਆਂ ਹੱਕੀ ਸਨਮਾਨ ਸਹੂਲਤਾਂ ਨੂੰ ਲਾਗੂ ਕਰਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਆਵਾਜ਼ ਬੁਲੰਦ ਕੀਤੀ ਜਾਂ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਮੇਂ ਸਮੇਂ ਦੌਰਾਨ ਚਾਰ ਮੀਟਿੰਗ ਤਹਿ ਕਰ ਕੇ ਰੱਦ ਕੀਤੀਆਂ ਗਈਆਂ ਹਨ। ਆਗੂਆਂ ਨੇ ਪੰਜਾਬ ਸਰਕਾਰ ਦੀ ਤਿੱਖੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਮਹਾਨ ਦੇਸ਼ ਭਗਤਾਂ ਦੀਆਂ ਸਮੱਸਿਆਂਵਾਂ ਨੂੰ ਅਣਗੌਲਿਆਂ ਕਰ ਰਹੀ ਹੈ। 26 ਜਨਵਰੀ ਅਤੇ 15 ਅਗਸਤ ਨੂੰ ਸੁਤੰਤਰਤਾ ਸੰਗਰਾਮੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਕ ਲੋਈ ਅਤੇ ਲੱਡੂਆਂ ਦੇ ਡੱਬੇ ਨਾਲ ਸਨਮਾਨਿਤ ਕਰ ਕੇ ਪ੍ਰਸ਼ਾਸਨ ਵੱਲੋਂ ਪੱਲਾ ਝਾੜ ਦਿੱਤਾ ਜਾਂਦਾ ਹੈ। ਦੇਸ਼ ਭਗਤਾਂ ਦੇ ਨਾਅਰੇ ਹੇਠ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਤੋਂ ਭੱਜਦੀ ਨਜ਼ਰ ਆ ਰਹੀ ਹੈ।

ਮੁੱਖ ਸਨਮਾਨ ਸਹੂਲਤਾਂ ਚੋਥੀ ਪੀੜ੍ਹੀ ਨੂੰ ਕਾਨੂੰਨੀ ਵਾਰਿਸਾਂ ਵਿੱਚ ਸ਼ਾਮਲ ਕਰਨਾ, ਨੋਕਰੀਆਂ ਵਿੱਚ ਪ੍ਰਮੋਸ਼ਨ ਚੈਨਲ, ਸਰਵੇ ਅਨੁਸਾਰ ਨੌਕਰੀਆਂ ਪ੍ਰਦਾਨ ਕਰਨਾ, ਸੁਤੰਤਰਤਾ ਸੰਗਰਾਮੀ ਕਮਿਸ਼ਨ ਬਣਾਉਣਾ, ਦੇਸ਼ ਭਗਤ ਯਾਦਗਾਰ ਹਾਲ ਬਣਾਉਣੇ, ਮਾਣ ਸਨਮਾਨ ਬਹਾਲ ਕਰਵਾਉਣ ਦੀ ਮੰਗ ਕੀਤੀ ਗਈ।ਸੁਤੰਤਰਤਾ ਸੰਗਰਾਮੀ ਜਥੇਬੰਦੀ ਨੇ ਸਰਕਾਰ ਨੂੰ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਜੇਕਰ ਜਲਦ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀਆਂ ਹੱਕੀ ਸਨਮਾਨ ਸਹੂਲਤਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਨਾ ਹੋਇਆ ਤਾਂ ਆਉਣ ਵਾਲੇ ਦਿਨਾਂ ਵਿੱਚ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੋਕੇ ਸੂਬੇ ਭਰ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

ਸੋਮਵਾਰ ਨੂੰ ਵੱਖ-ਵੱਖ ਜ਼ਿਲ੍ਹਿਆਂ ‘ਚ ਪਹੁੰਚੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ ਪੰਡਾਲ ਵਿੱਚ ਹਾਜ਼ਰ ਸੁਤੰਤਰਤਾ ਸੰਗਰਾਮੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ‘ਸਾਮਾਨ ਨਹੀਂ ਸਨਮਾਨ ਦਿਓ’ ਦੀ ਨੀਤੀ ਤਹਿਤ ਝੰਡੇ ਨੂੰ ਸਲਾਮੀ ਦੇਣ ਤੋਂ ਤੁਰੰਤ ਬਾਅਦ ਸਮਾਗਮਾਂ ਦਾ ਸ਼ਾਂਤਮਈ ਬਾਈਕਾਟ ਕੀਤਾ। ਅੰਗਰੇਜ਼ ਹਕੂਮਤ ਵਿਰੁੱਧ ਆਜ਼ਾਦੀ ਦੀ ਲਹਿਰ ਦੋਰਾਨ ਅਨੇਕਾਂ ਤਸੀਹੇ ਝੱਲਣ ਵਾਲੇ ਪੰਜਾਬੀ ਯੋਧਿਆਂ ਦੇ ਵਾਰਸਾਂ ਨੂੰ ਸਨਮਾਨ ਸਹੂਲਤਾਂ ਲਾਗੂ ਕਰਵਾਉਣ ਲਈ ਆਪਣੀ ਹੀ ਸਰਕਾਰ ਨਾਲ ਸੰਘਰਸ਼ ਉਲੀਕਣਾ ਪੈ ਰਿਹਾ ਹੈ। ਵੱਖ ਵੱਖ ਆਗੂਆਂ ਮੌਜੂਦਾ ਸੁਤੰਤਰਤਾ ਸੰਗਰਾਮੀ ਮੋਹਕਮ ਸਿੰਘ, ਅਮਰਪ੍ਰੀਤ ਸਿੰਘ ਬੋਬੀ ਜ਼ਿਲ੍ਹਾ ਪ੍ਰਧਾਨ,ਗੁਰਇਕਬਾਲ ਸਿੰਘ ਸੰਧੂ, ਕਮਲਦੀਪ ਸਿੰਘ ਗਿੱਲ, ਜਗਦੀਪ ਸਿੰਘ ਧਨੇਠਾ ਜ਼ਿਲ੍ਹਾ ਪ੍ਰਧਾਨ, ਸੁਖਵਿੰਦਰ ਸਿੰਘ ਖੁਰਾਣਾ, ਬਾਬਾ ਭੁਪਿੰਦਰ ਸਿੰਘ, ਪਰਮਜੀਤ ਸਿੰਘ, ਰਾਜਿੰਦਰ ਸਿੰਘ ਆਦਿ ਉਤਰਾਧਿਕਾਰੀ ਨੇ ਸਨਮਾਨ ਸਹੂਲਤਾਂ ਸਬੰਧੀ ਆਵਾਜ਼ ਬੁਲੰਦ ਕੀਤੀ।

ਸੰਖੇਪ :
ਗਣਤੰਤਰ ਦਿਵਸ ਮੌਕੇ ਪੰਜਾਬ ਭਰ ’ਚ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਨੇ ਸਨਮਾਨ ਸਹੂਲਤਾਂ ਦੀ ਮੰਗ ਨੂੰ ਲੈ ਕੇ ਝੰਡੇ ਨੂੰ ਸਲਾਮੀ ਦੇਣ ਉਪਰੰਤ ਸ਼ਾਂਤਮਈ ਰੋਸ ਕਰਦਿਆਂ ਸਰਕਾਰੀ ਸਨਮਾਨ ਲੈਣ ਤੋਂ ਇਨਕਾਰ ਕੀਤਾ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।