06 ਅਪ੍ਰੈਲ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅਧਿਕਾਰੀ ਡਾਕਟਰ ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਦੇ ਮਾਮਲੇ ਨੇ ਹੁਣ ਕੌਮਾਂਤਰੀ ਪੱਧਰ ’ਤੇ ਤੂਲ ਫੜ ਲਿਆ ਹੈ। ਕੈਨੇਡਾ, ਅਮਰੀਕਾ ਅਤੇ ਆਸਟਰੇਲੀਆ ਵਿੱਚ ਵਸਦੇ ਪੰਜਾਬੀ ਭਾਈਚਾਰੇ ਵੱਲੋਂ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਕੈਂਡਲ ਮਾਰਚ ਅਤੇ ਸੋਗ ਸਭਾਵਾਂ ਕੀਤੀਆਂ ਜਾ ਰਹੀਆਂ ਹਨ। ਸਰੀ ਦੇ ਐਂਪਾਇਰ ਬੈਂਕੁਏਟ ਹਾਲ ਵਿੱਚ ਹੋਏ ਇੱਕ ਵੱਡੇ ਸਮਾਗਮ ਵਿੱਚ ਸਾਂਸਦ ਸੁਖ ਧਾਲੀਵਾਲ ਅਤੇ ਰਣਦੀਪ ਸਰਾਏ ਸਮੇਤ ਕਈ ਉੱਘੀਆਂ ਹਸਤੀਆਂ ਨੇ ਸ਼ਿਰਕਤ ਕੀਤੀ।
ਖਾਲਸਾ ਕਾਲਜ ਅੰਮ੍ਰਿਤਸਰ ਅਤੇ ਪੀ.ਏ.ਯੂ. (PAU) ਦੇ ਪੁਰਾਣੇ ਵਿਦਿਆਰਥੀਆਂ ਵੱਲੋਂ ਬਰੈਂਪਟਨ ਸਿਟੀ ਹਾਲ ਅਤੇ ਹੋਰਨਾਂ ਥਾਵਾਂ ’ਤੇ ਕੀਤੇ ਗਏ ਪ੍ਰਦਰਸ਼ਨਾਂ ਦੌਰਾਨ ਡਾ. ਰੰਧਾਵਾ ਨੂੰ ਇੱਕ ਇਮਾਨਦਾਰ ਅਫ਼ਸਰ ਵਜੋਂ ਯਾਦ ਕੀਤਾ ਗਿਆ ਅਤੇ ਪੰਜਾਬ ਦੇ ਰਾਜਪਾਲ ਨੂੰ ਇਸ ਮਾਮਲੇ ਦੀ ਨਿਰਪੱਖ ਜਾਂਚ ਲਈ ਮੰਗ ਪੱਤਰ ਭੇਜਣ ਦਾ ਫੈਸਲਾ ਕੀਤਾ ਗਿਆ ਹੈ।
ਇਸ ਮਾਮਲੇ ਵਿੱਚ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਅਤੇ ਨਿੱਜੀ ਸਹਾਇਕ ’ਤੇ ਡਾ. ਰੰਧਾਵਾ ਨਾਲ ਕੁੱਟਮਾਰ ਅਤੇ ਜ਼ਲੀਲ ਕਰਨ ਦੇ ਗੰਭੀਰ ਦੋਸ਼ ਲੱਗੇ ਹਨ, ਜਿਸ ਕਾਰਨ ਉਨ੍ਹਾਂ ਨੇ ਇਹ ਖ਼ੌਫ਼ਨਾਕ ਕਦਮ ਚੁੱਕਿਆ। ਭਾਰੀ ਜਨਤਕ ਅਤੇ ਸਿਆਸੀ ਦਬਾਅ ਦੇ ਚੱਲਦਿਆਂ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦੋਂਕਿ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਅਤੇ ਪੀ.ਏ. ਦਿਲਬਾਗ ਸਿੰਘ ਅਜੇ ਵੀ ਪੁਲੀਸ ਦੀ ਗ੍ਰਿਫਤ ਤੋਂ ਬਾਹਰ ਹਨ।
ਆਸਟਰੇਲੀਆ ਦੇ ਬ੍ਰਿਸਬੇਨ ਸਿੱਖ ਟੈਂਪਲ ਵਿਖੇ ਹੋਏ ਇਕੱਠ ਵਿੱਚ ਵੀ ਪਰਵਾਸੀ ਭਾਰਤੀਆਂ ਨੇ ਸਪੱਸ਼ਟ ਕੀਤਾ ਕਿ ਉਹ ਇਨਸਾਫ਼ ਮਿਲਣ ਤੱਕ ਚੁੱਪ ਨਹੀਂ ਬੈਠਣਗੇ। ਪੀੜਤ ਪਰਿਵਾਰ ਦੇ ਹੱਕ ਵਿੱਚ ਉੱਠੀ ਇਹ ਗਲੋਬਲ ਲਹਿਰ ਹੁਣ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਲਈ ਜਵਾਬਦੇਹੀ ਦਾ ਵੱਡਾ ਸਬੱਬ ਬਣ ਗਈ ਹੈ।
