22 ਅਗਸਤ 2024 : ਪੰਜਾਬੀ ਗਾਇਕ ਗਿੱਪੀ ਗਰੇਵਾਲ ਇੰਨੀ ਦਿਨੀ ਸੁਰਖੀਆਂ ਵਿੱਚ ਬਣੇ ਹੋਏ ਹਨ। ਦਰਅਸਲ ਗੈਂਗਸਟਰ ਦਿਲਪ੍ਰੀਤ ਬਾਬਾ ਵੱਲੋਂ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਤੋਂ ਫਿਰੌਤੀ ਮੰਗਣ ਦੇ ਮਾਮਲੇ ਦੀ ਸੁਣਵਾਈ ਮੰਗਲਵਾਰ ਨੂੰ ਮੋਹਾਲੀ ਦੇ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਦੀ ਅਦਾਲਤ ਵਿੱਚ ਹੋਈ।
ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਗਿੱਪੀ ਗਰੇਵਾਲ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕਰਦਿਆਂ ਉਨ੍ਹਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਸਨ ਕਿ ਜੇਕਰ ਉਹ ਅਗਲੀ ਪੇਸ਼ੀ ’ਤੇ ਅਦਾਲਤ ਵਿੱਚ ਪੇਸ਼ ਨਾ ਹੋਏ ਤਾਂ ਉਨ੍ਹਾਂ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਜਾਵੇਗਾ।
3 ਸਤੰਬਰ ਨੂੰ ਹੋਵੇਗੀ ਅਗਲੀ ਸੁਣਵਾਈ
ਗਿੱਪੀ ਦੇ ਵਕੀਲ ਨੇ ਅਦਾਲਤ ‘ਚ ਪੇਸ਼ ਹੋ ਕੇ ਦੱਸਿਆ ਕਿ ਗਿੱਪੀ ਗਰੇਵਾਲ ਵਿਦੇਸ਼ ‘ਚ ਫਿਲਮ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ, ਜਿਸ ਕਾਰਨ ਉਹ ਅਦਾਲਤ ‘ਚ ਪੇਸ਼ ਨਹੀਂ ਹੋ ਸਕਦੇ।ਉਨ੍ਹਾਂ ਅਦਾਲਤ ਤੋਂ ਕੁਝ ਦਿਨਾਂ ਦਾ ਸਮਾਂ ਮੰਗਿਆ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 3 ਸਤੰਬਰ ਨੂੰ ਤੈਅ ਕੀਤੀ ਹੈ ਅਤੇ ਗਿੱਪੀ ਗਰੇਵਾਲ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ।
ਇਸੇ ਦੌਰਾਨ ਇਸ ਮਾਮਲੇ ਵਿੱਚ ਡੀਐਸਪੀ ਰੁਪਿੰਦਰ ਕੌਰ ਸੋਹੀ ਮੰਗਲਵਾਰ ਨੂੰ ਅਦਾਲਤ ਵਿੱਚ ਪੇਸ਼ ਹੋਈ ਅਤੇ ਅਦਾਲਤ ਵਿੱਚ ਆਪਣੇ ਬਿਆਨ ਦਰਜ ਕਰਵਾਏ। ਦੱਸ ਦੇਈਏ ਕਿ ਜਿਸ ਸਮੇਂ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਉਰਫ਼ ਢਾਹਾ ਨੇ ਗਿੱਪੀ ਗਰੇਵਾਲ ਤੋਂ ਫਿਰੌਤੀ ਦੀ ਮੰਗ ਕੀਤੀ ਸੀ, ਉਸ ਸਮੇਂ ਰੁਪਿੰਦਰ ਕੌਰ ਸੋਹੀ ਮੁਹਾਲੀ ਦੀ ਐਸਐਚਓ-ਕਮ-ਡੀਐਸਪੀ ਸੀ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਗੈਂਗਸਟਰ ਦਿਲਪ੍ਰੀਤ ਬਾਬਾ ਖ਼ਿਲਾਫ਼ ਥਾਣਾ ਫੇਜ਼-2 ਵਿੱਚ ਕੇਸ ਦਰਜ ਕੀਤਾ ਗਿਆ ਸੀ। ਇਸ ਕੇਸ ਵਿਚ ਉਨ੍ਹਾਂ ਦੀ ਗਵਾਹੀ ਜ਼ਰੂਰੀ ਸੀ। ਡੀਐਸਪੀ ਸੋਹੀ ਨੇ ਮੰਗਲਵਾਰ ਨੂੰ ਅਦਾਲਤ ਵਿੱਚ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਵਾਏ।