ਚੰਡੀਗੜ੍ਹ 08 ਮਈ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਵਿੱਚ ਹਾਲ ਹੀ ਵਿੱਚ ਹੋਏ ਬੰਬ ਧਮਾਕਿਆਂ ਨੂੰ ਲੈ ਕੇ ਚੱਲ ਰਹੀ ਸਿਆਸੀ ਬਿਆਨਬਾਜ਼ੀ ਦਰਮਿਆਨ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਭ ਨੂੰ ਸੰਯਮ ਵਰਤਣ ਅਤੇ ਸਾਂਝੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ ਹੈ। ਚੰਡੀਗੜ੍ਹ ਵਿੱਚ ਇਕ ਪ੍ਰੋਗਰਾਮ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ‘ਤੇ ਸਿਰਫ਼ ਦੂਸ਼ਣਬਾਜੀ ਨਾਲ ਕੋਈ ਫਾਇਦਾ ਨਹੀਂ ਹੋਵੇਗਾ, ਸਗੋਂ ਭਵਿੱਖ ਵਿੱਚ ਇਨ੍ਹਾਂ ਨੂੰ ਰੋਕਣ ਲਈ ਠੋਸ ਤਿਆਰੀ ਅਤੇ ਸਾਂਝੇ ਯਤਨ ਲਾਜ਼ਮੀ ਹਨ।
ਰਾਜਪਾਲ ਨੇ ਕਿਹਾ ਕਿ ਦੇਸ਼ ਵਿਰੋਧੀ ਤਾਕਤਾਂ ਲਗਾਤਾਰ ਅਸ਼ਾਂਤੀ ਫੈਲਾਉਣ ਦੀ ਕੋਸ਼ਿਸ਼ ਕਰਦੀਆਂ ਰਹੀਆਂ ਹਨ ਅਤੇ ਸੁਰੱਖਿਆ ਏਜੰਸੀਆਂ ਵੀ ਇਸ ਦਿਸ਼ਾ ਵਿੱਚ ਕਾਰਵਾਈ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਸਾਰਿਆਂ ਨੂੰ ਇਹ ਮੰਨਣਾ ਪਵੇਗਾ ਕਿ ਅਜਿਹੀਆਂ ਘਟਨਾਵਾਂ ਚੁਣੌਤੀ ਬਣ ਕੇ ਸਾਹਮਣੇ ਆ ਰਹੀਆਂ ਹਨ ਅਤੇ ਇਨ੍ਹਾਂ ਨੂੰ ਰੋਕਣ ਲਈ ਸਮਾਜ ਅਤੇ ਪ੍ਰਸ਼ਾਸਨ ਦੋਵਾਂ ਨੂੰ ਸਚੇਤ ਰਹਿਣਾ ਪਵੇਗਾ।’
ਕਟਾਰੀਆ ਨੇ ਕਿਸੇ ਵੀ ਦਲ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਕਿਸੇ ‘ਤੇ ਦੋਸ਼ ਨਹੀਂ ਲਗਾਉਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਜੇ ਇਸ ਤਰ੍ਹਾਂ ਦੀਆਂ ਘਟਨਾਵਾਂ ਹੋ ਰਹੀਆਂ ਹਨ ਤਾਂ ਉਨ੍ਹਾਂ ਨੂੰ ਰੋਕਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ ਅਤੇ ਕੇਵਲ ਤਮਾਸ਼ਬੀਨ ਬਣ ਕੇ ਰਹਿਣ ਨਾਲ ਕੰਮ ਨਹੀਂ ਚੱਲੇਗਾ।
ਰਾਜਪਾਲ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਸਿਹਤ ਵਿਸ਼ੇਕ ਸਾਲਾਨਾ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਨੂੰ ਗੰਭੀਰ ਚੁਣੌਤੀ ਦੱਸਦਿਆਂ ਕਿਹਾ ਕਿ ਸਮਾਜ ਅਤੇ ਇੰਡਸਟਰੀ ਨੂੰ ਮਿਲ ਕੇ ਇਸ ਦੇ ਖ਼ਿਲਾਫ਼ ਕੰਮ ਕਰਨਾ ਹੋਵੇਗਾ। ਉਨ੍ਹਾਂ ਟੀਬੀ ਵਰਗੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਵੀ ਸਾਂਝੇ ਯਤਨਾਂ ਦੀ ਲੋੜ ਦੱਸੀ।
