ਚੰਡੀਗੜ੍ਹ, 09 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਵਿਚ ਭ੍ਰਿਸ਼ਟਾਚਾਰ ਤੇ ਐੱਨਡੀਪੀਐੱਸ ਕਾਨੂੰਨ ਵਰਗੇ ਗੰਭੀਰ ਮਾਮਲਿਆਂ ਵਿਚ ਫਸੇ ਕਰਮਚਾਰੀਆਂ ਤੇ ਅਧਿਕਾਰੀਆਂ ਦੇ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ ਹੈ। ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਨੀਰਜਾ ਕੁਲਵੰਤ ਕਲਸਨ ਦੇ ਬੈਂਚ ਨੇ ਇਸ ਮਾਮਲੇ ਵਿਚ ਖ਼ੁਦ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਤੋਂ 10 ਫਰਵਰੀ ਤੱਕ ਵਿਸਥਾਰਤ ਰਿਪੋਰਟ ਮੰਗੀ ਹੈ।
ਹਾਈ ਕੋਰਟ ਨੇ ਕਿਹਾ ਹੈ ਕਿ ਇਹ ਬਹੁਤ ਗੰਭੀਰ ਤੇ ਚਿੰਤਾ ਦਾ ਵਿਸ਼ਾ ਹੈ ਕਿ ਜਿਨ੍ਹਾਂ ਅਫ਼ਸਰਾਂ ਅਤੇ ਮੁਲਾਜ਼ਮਾਂ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਐੱਨਡੀਪੀਐੱਸ ਕਾਨੂੰਨ ਤਹਿਤ ਮਾਮਲੇ ਦਰਜ ਹਨ, ਇੱਥੇ ਤੱਕ ਕਿ ਕਈਆਂ ਨੂੰ ਦੋਸ਼ੀ ਕਰਾਰ ਦੇ ਕੇ ਸਜ਼ਾ ਵੀ ਸੁਣਾਈ ਜਾ ਚੁੱਕੀ ਹੈ ਪਰ ਉਹ ਹਾਲੇ ਵੀ ਸਰਕਾਰੀ ਨੌਕਰੀ ਕਰ ਰਹੇ ਹਨ। ਅਦਾਲਤ ਨੇ ਸਵਾਲ ਉਠਾਇਆ ਕਿ ਇਹੋ-ਜਿਹੇ ਭ੍ਰਿਸ਼ਟ ਸਰਕਾਰੀ ਮੁਲਾਜ਼ਮਾਂ ਨੂੰ ਸੇਵਾ ਤੋਂ ਬਾਹਰ ਕਿਉਂ ਨਹੀਂ ਕੀਤਾ ਗਿਆ।
ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਇਹ ਸਿਰਫ ਹੇਠਲੇ ਪੱਧਰ ਦੇ ਮੁਲਾਜ਼ਮਾਂ ਦੀ ਨਹੀਂ, ਬਲਕਿ ਉੱਚ ਅਧਿਕਾਰੀਆਂ ਦੀ ਵੀ ਜ਼ਿੰਮੇਵਾਰੀ ਹੋਵੇਗੀ, ਜਿਨ੍ਹਾਂ ਨੇ ਦੋਸ਼ੀ ਹੋਣ ਦੇ ਬਾਵਜੂਦ ਇਹੋ-ਜਿਹੇ ਮੁਲਾਜ਼ਮਾਂ ਨੂੰ ਨੌਕਰੀ ਵਿਚ ਬਣਾਈ ਰੱਖਣ ਦੀ ਸਿਫਾਰਸ਼ ਕੀਤੀ। ਹਾਈ ਕੋਰਟ ਨੇ ਕਿਹਾ ਕਿ ਉਨ੍ਹਾਂ ਅਧਿਕਾਰੀਆਂ ਦੀ ਜਾਣਕਾਰੀ ਵੀ ਦਿੱਤੀ ਜਾਵੇ ਤਾਂ ਜੋ ਉਨ੍ਹਾਂ ‘ਤੇ ਵੀ ਕਾਰਵਾਈ ਕੀਤੀ ਜਾ ਸਕੇ।
ਸੁਣਵਾਈ ਦੌਰਾਨ ਅਦਾਲਤ ਦੇ ਸਾਹਮਣੇ ਇਹ ਤੱਥ ਰੱਖਿਆ ਗਿਆ ਕਿ ਪੰਜਾਬ ਦੇ ਸਿਹਤ ਵਿਭਾਗ ਵਿਚ ਹੀ ਅਜਿਹੇ 20 ਅਫ਼ਸਰ ਅਤੇ ਮੁਲਾਜ਼ਮ ਹਨ, ਜਿਨ੍ਹਾਂ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਤੇ ਐੱਨਡੀਪੀਐੱਸ ਦੇ ਮਾਮਲੇ ਦਰਜ ਹਨ ਤੇ ਫਿਰ ਵੀ ਉਹ ਨੌਕਰੀ ਕਰੀ ਜਾ ਰਹੇ ਹਨ। ਇਨ੍ਹਾਂ ਵਿੱਚੋਂ ਕੁਝ ‘ਤੇ ਸਾਲ 2019 ਤੋਂ ਕੇਸ ਦਰਜ ਹਨ ਪਰ ਹੁਣ ਤੱਕ ਉਨ੍ਹਾਂ ਨੂੰ ਮੁਅੱਤਲ ਕਰਨ ‘ਤੇ ਵਿਚਾਰ ਨਹੀਂ ਕੀਤਾ ਗਿਆ। ਇਕ ਕਲਰਕ ਜਿਹੜਾ ਐੱਨਡੀਪੀਐੱਸ ਐਕਟ ਵਿਚ ਦੋਸ਼ੀ ਕਰਾਰ ਦਿੱਤਾ ਜਾ ਚੁੱਕਾ ਹੈ, ਉਸ ਨੂੰ ਬਹਾਲ ਕਰ ਕੇ ਵਿਭਾਗ ਵਿਚ ਨਿਯੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਅੱਜ ਸਿਹਤ ਨਿਰਦੇਸ਼ਕ ਦੇ ਦਫਤਰ ਵਿਚ ਕੰਮ ਕਰ ਰਿਹਾ ਹੈ।
ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਹੁਕਮ ਦਿੱਤਾ ਹੈ ਕਿ ਅਗਲੀ ਸੁਣਵਾਈ ਤੱਕ ਇਹ ਜਾਣਕਾਰੀ ਪੇਸ਼ ਕੀਤੀ ਜਾਵੇ ਕਿ ਕਿੰਨੇ ਅਜਿਹੇ ਅਧਿਕਾਰੀ ਤੇ ਮੁਲਾਜ਼ਮ ਹਾਲੇ ਵੀ ਸੇਵਾ ਵਿਚ ਹਨ, ਉਨ੍ਹਾਂ ਦੇ ਖ਼ਿਲਾਫ਼ ਕਿਹੜੇ-ਕਿਹੜੇ ਮਾਮਲੇ ਦਰਜ ਹਨ ਅਤੇ ਕਿਸ ਦੀ ਸਿਫਾਰਸ਼ ‘ਤੇ ਉਹ ਨੌਕਰੀ ਕਰੀ ਜਾ ਰਹੇ ਹਨ।
