ਮੋਗਾ 21 ਮਈ 2026 (ਪੰਜਾਬੀ ਖਬਰਨਾਮਾ ਬਿਊਰੋ) : ਵੀਰਵਾਰ ਸਵੇਰੇ-ਸਵੇਰੇ ਮੋਗਾ-ਕੋਟਕਪੂਰਾ ਰੋਡ ‘ਤੇ ਬਾਘਾਪੁਰਾਣਾ ਦੀ ਅਨਾਜ ਮੰਡੀ ਦੇ ਬਾਹਰ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਜਲੰਧਰ ਤੋਂ ਰਾਜਸਥਾਨ ਜਾ ਰਹੀ ਇੱਕ ਤੇਜ਼ ਰਫ਼ਤਾਰ ਕਾਰ ਅਚਾਨਕ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ ਕਾਰ ਵਿੱਚ ਸਵਾਰ ਤਿੰਨ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਹਾਦਸੇ ਦੌਰਾਨ ਮੌਕੇ ‘ਤੇ ਇਕੱਠੇ ਹੋਏ ਲੋਕਾਂ ਵੱਲੋਂ ਤੁਰੰਤ ਸਮਾਜ ਸੇਵੀ ਸੁਸਾਇਟੀ ਮੈਂਬਰਾਂ ਨੂੰ ਸੂਚਨਾ ਦਿੱਤੀ ਗਈ। ਸੁਸਾਇਟੀ ਮੈਂਬਰਾਂ ਨੇ ਆਪਣੀ ਐਮਰਜੈਂਸੀ ਗੱਡੀ ਰਾਹੀਂ ਜ਼ਖ਼ਮੀਆਂ ਨੂੰ ਤੁਰੰਤ ਮੋਗਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ।
ਹਸਪਤਾਲ ਵਿੱਚ ਡਾਕਟਰਾਂ ਵੱਲੋਂ ਜਾਂਚ ਕਰਨ ਉਪਰੰਤ ਤਿੰਨ ਜ਼ਖ਼ਮੀਆਂ ਵਿੱਚੋਂ ਇੱਕ ਮਹਿਲਾ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਮ੍ਰਿਤਕ ਮਹਿਲਾ ਦੀ ਪਛਾਣ ਦੇਵੀਆ ਦੇਵੀ ਪਤਨੀ ਨਾਰਾਇਣ, ਉਮਰ ਕਰੀਬ 35 ਸਾਲ, ਵਾਸੀ ਜਲੰਧਰ ਵਜੋਂ ਹੋਈ ਹੈ।
ਇਸ ਦੁਖਦਾਈ ਘਟਨਾ ਨਾਲ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਹਾਦਸੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
