ਅੰਮ੍ਰਿਤਸਰ 28 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮਾਨਸਾ ‘ਚ ਰੋਸ ਪ੍ਰਦਰਸ਼ਨ ਕਰ ਰਹੇ ਸਿੱਖਾਂ ‘ਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਕਥਿਤ ਤਸ਼ੱਦਦ ਅਤੇ ਉਨ੍ਹਾਂ ਦੇ ਕਕਾਰਾਂ ਤੇ ਦਸਤਾਰਾਂ ਦੇ ਅਪਮਾਨ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਜਿਨ੍ਹਾਂ ਪੁਲਿਸ ਅਧਿਕਾਰੀਆਂ ਨੇ ਸਿੱਖ ਕਕਾਰਾਂ ਤੇ ਦਸਤਾਰਾਂ ਦਾ ਅਪਮਾਨ ਕੀਤਾ ਹੈ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
ਜਥੇਦਾਰ ਨੇ ਕਿਹਾ ਕਿ ਪੰਜਾਬ ਪੁਲਿਸ ਤੇ ਸਰਕਾਰ ਨੂੰ ਇਹ ਗੱਲ ਯਾਦ ਰੱਖਣੀ ਚਾਹੀਦੀ ਹੈ ਕਿ ਸਿੱਖ ਅਜਿਹੀ ਸ਼ਰਮਨਾਕ ਤੇ ਧੱਕੇਸ਼ਾਹੀ ਵਾਲੀ ਕਾਰਵਾਈ ਨੂੰ ਨਾ ਤਾਂ ਭੁੱਲਣਗੇ ਅਤੇ ਨਾ ਹੀ ਬਰਦਾਸ਼ਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਨਸ਼ਿਆਂ ਦੀ ਸਮੱਸਿਆ ਬੇਹੱਦ ਗੰਭੀਰ ਹੈ ਅਤੇ ਇਸ ਨੂੰ ਰੋਕਣਾ ਸਰਕਾਰਾਂ ਦੀ ਮੁੱਢਲੀ ਜ਼ਿੰਮੇਵਾਰੀ ਸੀ। ਪਰ ਉਨ੍ਹਾਂ ਦੇ ਮੁਤਾਬਕ, ਮੌਜੂਦਾ ਸਰਕਾਰ ਇਸ ਸਮੱਸਿਆ ਨਾਲ ਨਜਿੱਠਣ ‘ਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ। ਜਥੇਦਾਰ ਨੇ ਦੋਸ਼ ਲਾਇਆ ਕਿ ਲੋਕਾਂ ਦੀ ਰੱਖਿਆ ਕਰਨ ਦੀ ਬਜਾਏ ਪੰਜਾਬ ਸਰਕਾਰ ਸੂਬੇ ਦੇ ਲੋਕਾਂ ‘ਤੇ ਹੀ ਤਸ਼ੱਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਂ ਆਉਣ ‘ਤੇ ਲੋਕ ਇਸ ਦਾ ਢੁੱਕਵਾਂ ਜਵਾਬ ਦੇਣਗੇ।
ਮਾਨਸਾ ‘ਚ ਇਨਸਾਫ਼ ਲਈ ਚੱਲ ਰਹੇ ਮੋਰਚੇ ‘ਚ ਸ਼ਮੂਲੀਅਤ ਦੀ ਅਪੀਲ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਪੰਜਾਬੀਆਂ ਤੇ ਇਨਸਾਫ਼ ਪਸੰਦ ਸੰਸਥਾਵਾਂ ਤੇ ਸ਼ਖ਼ਸੀਅਤਾਂ ਨੂੰ ਮਾਨਸਾ ‘ਚ ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਇਨਸਾਫ਼ ਲਈ ਚੱਲ ਰਹੇ ਮੋਰਚੇ ‘ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਭੇਤਭਰੇ ਹਾਲਾਤ ‘ਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਦਾ ਦੋਸ਼ ਹੈ ਕਿ ਦਲਜੀਤ ਸਿੰਘ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਪਰਿਵਾਰ ਨੇ ਨਸ਼ਾ ਵੇਚਣ ਵਾਲੇ ਕਥਿਤ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ।
ਜਥੇਦਾਰ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਰੋਸ ਪ੍ਰਗਟਾਉਣ ਲਈ ਇਕੱਠੇ ਹੋਏ ਲੋਕਾਂ ‘ਤੇ ਪੁਲਿਸ ਨੇ ਕਾਰਵਾਈ ਕੀਤੀ ਅਤੇ ਉਨ੍ਹਾਂ ਨਾਲ ਅਣਮਨੁੱਖੀ ਵਿਵਹਾਰ ਕੀਤਾ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਨਸ਼ਾ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਸੂਬੇ ‘ਚ ਨਸ਼ਿਆਂ ਦੀ ਵਿਕਰੀ ਨੂੰ ਰੋਕਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।
ਦਸਤਾਰਾਂ ਤੇ ਕਕਾਰਾਂ ਦੀ ਬੇਅਦਬੀ ਬਰਦਾਸ਼ਤ ਨਹੀਂ: ਜਥੇਦਾਰ
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੰਮ੍ਰਿਤਧਾਰੀ ਸਿੱਖਾਂ ਦੀਆਂ ਦਸਤਾਰਾਂ, ਕੇਸਾਂ ਅਤੇ ਕਕਾਰਾਂ ਦੀ ਬੇਅਦਬੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਦੇਸ਼ ‘ਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨਾ ਹਰ ਨਾਗਰਿਕ ਦਾ ਅਧਿਕਾਰ ਹੈ, ਪਰ ਸਰਕਾਰ ਵੱਲੋਂ ਲੋਕਾਂ ਨਾਲ ਧੱਕਾ ਕਰਨਾ ਅਤੇ ਬੇਇਨਸਾਫ਼ੀ ਕਰਨਾ ਗ਼ਲਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਸੇਵਾ ਲਈ ਹੁੰਦੀ ਹੈ ਅਤੇ ਸੱਤਾ ਦਾ ਹੰਕਾਰ ਜ਼ਿਆਦਾ ਸਮੇਂ ਤੱਕ ਨਹੀਂ ਚੱਲਦਾ।
