13 ਅਗਸਤ, 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਸਰਕਾਰ ਕਲੈਕਟਰ ਰੇਟਾਂ ‘ਚ ਅਜੇ ਵਾਧਾ ਨਹੀਂ ਕਰੇਗੀ। ਲੈਂਡ ਪੂਲਿੰਗ ਸਕੀਮ ਵਾਪਸ ਲੈਣ ਮਗਰੋਂ ਸਰਕਾਰ ਨੇ ਹੁਣ ਇਹ ਲਿਆ ਫੈਸਲਾ। ਕਲੈਕਟਰ ਰੇਟਾਂ ‘ਚ ਵਾਧੇ ਦੀ ਤਜਵੀਜ਼ ‘ਤੇ ਫਿਲਹਾਲ ਰੋਕ ਲਗਾ ਦਿੱਤੀ ਗਈ ਹੈ। ਪਹਿਲਾਂ ਸਰਕਾਰ ਨੇ ਕਲੈਕਟਰ ਰੇਟਾਂ ‘ਚ ਵਾਧਾ ਕਰਨ ਦਾ ਫੈਸਲਾ ਲਿਆ ਸੀ। ਜ਼ਿਲ੍ਹਿਆਂ ‘ਚ ਪਹਿਲਾਂ ਹੀ ਕਲੈਕਟਰ ਰੇਟ ਵਧਾਏ ਜਾ ਚੁੱਕੇ ਹਨ।
ਪੰਜਾਬ ਸਰਕਾਰ ਵੱਲੋਂ ਹੁਣ ਸਮੁੱਚੇ ਪੰਜਾਬ ’ਚ ਕੁਲੈਕਟਰ ਰੇਟਾਂ ’ਚ ਵਾਧੇ ਦੀ ਤਜਵੀਜ਼ ਨੂੰ ਫ਼ਿਲਹਾਲ ਰੋਕ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਮਾਲੀਏ ਵਿਚ ਵਾਧੇ ਦੇ ਮੱਦੇਨਜ਼ਰ ਸਾਰੇ ਜ਼ਿਲ੍ਹਿਆਂ ਵਿੱਚ ਕੁਲੈਕਟਰ ਰੇਟਾਂ ਵਿੱਚ ਵਾਧਾ ਕਰਨ ਦੀ ਯੋਜਨਾ ਬਣਾਈ ਸੀ ਅਤੇ ਦਰਜਨ ਜ਼ਿਲ੍ਹਿਆਂ ਵਿੱਚ ਇਸ ਸਕੀਮ ਨੂੰ ਅਮਲ ਵਿੱਚ ਵੀ ਲਿਆਂਦਾ ਜਾ ਚੁੱਕਾ ਹੈ।
ਇਸੇ ਦੌਰਾਨ ਹੁਣ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੀਤੀ ਵਾਪਸ ਲੈਣੀ ਪਈ ਹੈ। ਪੰਜਾਬ ਸਰਕਾਰ ਦੇ ਉੱਚ ਪੱਧਰੀ ਸੂਤਰਾਂ ਦਾ ਕਹਿਣਾ ਹੈ ਕਿ ਡਿਪਟੀ ਕਮਿਸ਼ਨਰਾਂ ਤੋਂ ਪ੍ਰਾਪਤ ਹੋਏ ਕੁਝ ਪ੍ਰਸਤਾਵਾਂ ਨੂੰ ਹਾਲੇ ਮੁਲਤਵੀ ਕੀਤਾ ਗਿਆ ਹੈ।
ਪੰਜਾਬ ਸਰਕਾਰ ਨੇ ਚਾਲੂ ਵਿੱਤੀ ਵਰ੍ਹੇ ਦੌਰਾਨ ਸਟੈਂਪ ਅਤੇ ਰਜਿਸਟਰੇਸ਼ਨ ਤੋਂ ਸੱਤ ਹਜ਼ਾਰ ਕਰੋੜ ਦਾ ਮਾਲੀਆ ਇਕੱਠਾ ਕਰਨ ਦਾ ਟੀਚਾ ਮਿਥਿਆ ਹੈ, ਜੋ ਕਿ ਪਿਛਲੇ ਵਿੱਤੀ ਸਾਲ ਦੌਰਾਨ 5750 ਕਰੋੜ ਰੁਪਏ ਸੀ। ਪਤਾ ਲੱਗਿਆ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਕੁਲੈਕਟਰ ਰੇਟਾਂ ਵਿੱਚ 25 ਤੋਂ 40 ਫ਼ੀਸਦੀ ਤੱਕ ਵਾਧੇ ਦਾ ਪ੍ਰਸਤਾਵ ਪੰਜਾਬ ਸਰਕਾਰ ਨੂੰ ਭੇਜਿਆ ਹੋਇਆ ਹੈ ਜਿਸ ਨੂੰ ਫ਼ਿਲਹਾਲ ਸਰਕਾਰ ਨੇ ਪ੍ਰਵਾਨਗੀ ਨਹੀਂ ਦਿੱਤੀ ਹੈ।