ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ
ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਤਿੰਨ ਐਂਬੂਲੈਂਸ ਗੱਡੀਆਂ ਦਿੱਤੀਆਂ
ਗੁਰਦਾਸਪੁਰ, 01 ਸਤੰਬਰ (ਪੰਜਾਬੀ ਖਬਰਨਾਮਾ ਬਿਊਰੋ)– ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਪ੍ਰੇਰਨਾ ਸਦਕਾ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਜਲੰਧਰ ਸ਼ਾਖਾ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸਹੂਲਤਾਂ ਲਈ 3 ਐਂਬੂਲੈਂਸ ਗੱਡੀਆਂ ਭੇਜੀ ਗਈਆਂ ਹਨ। ਸਿਵਲ ਸਰਜਨ ਗੁਰਦਾਸਪੁਰ ਡਾ. ਜਸਵਿੰਦਰ ਸਿੰਘ ਵੱਲੋਂ ਇਨ੍ਹਾਂ ਐਂਬੂਲੈਂਸਾਂ ਨੂੰ ਸਿਹਤ ਅਮਲੇ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵੱਖ-ਵੱਖ ਥਾਈਂ ਮੈਡੀਕਲ ਕੈਂਪਾਂ ਲਈ ਭੇਜਿਆ।
ਇੰਡੀਅਨ ਮੈਡੀਕਲ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਸਿਵਲ ਸਰਜਨ ਡਾ. ਜਸਪਿੰਦਰ ਸਿੰਘ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਹੜ੍ਹ ਪੀੜ੍ਹਤਾਂ ਲਈ 3 ਐਂਬੂਲੈਂਸ ਗੱਡੀਆਂ ਭੇਜ ਕੇ ਵੱਡਾ ਸੇਵਾ ਦਾ ਕਾਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਐਂਬੂਲੈਂਸਾਂ ਜਰੀਏ ਸਿਹਤ ਵਿਭਾਗ ਦੀਆਂ ਟੀਮਾਂ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਸੇਵਾਵਾਂ ਦੇ ਸਕਣਗੀਆਂ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਇਸ ਤੋਂ ਇਲਾਵਾ ਇਨ੍ਹਾਂ ਖੇਤਰਾਂ ਵਿੱਚ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਪ੍ਰਭਜੋਤ ਕੌਰ ਕਲਸੀ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਗੁਰਪ੍ਰੀਤ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾਕਟਰ ਮਮਤਾ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।