ਮਾਲੇਰਕੋਟਲਾ 04 ਫਰਵਰੀ 2025(ਪੰਜਾਬੀ ਖਬਰਨਾਮਾ ਬਿਊਰੋ ):- ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਵਾਤਾਵਰਣ ਯੋਜਨਾ ਨੂੰ ਲਾਗੂ ਕਰਨ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਵਾਤਾਵਰਨ ਕਮੇਟੀ ਦੀ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਵਲੋਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਿਗਰਾਨੀ ਕਮੇਟੀ ਦੇ ਫੈਸਲਿਆਂ ਦੀ ਪਾਲਣਾ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ‘ਤੇ ਚਰਚਾ ਕੀਤੀ ਗਈ।
ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਾਤਾਵਰਣ,ਪਾਣੀ ਦੀ ਸਾਂਭ ਸੰਭਾਲ ਸਬੰਧੀ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਨਾ ਯਕੀਨੀ ਬਣਾਈ ਜਾਵੇ । ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਕੂੜਾ ਪ੍ਰਬੰਧਨ ਪਲਾਨ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ ਅਤੇ ਸ਼ਹਿਰ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕੀਤੇ ਜਾਣ ।
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਸ਼ਹਿਰੀ ਤੇ ਪੇਂਡੂ ਖੇਤਰਾਂ ‘ਚ ਗੰਦਗੀ ਵਾਲੇ ਸਥਾਨਾਂ ਦੀ ਸਫ਼ਾਈ, ਗਿੱਲੇ ਅਤੇ ਸੁੱਕੇ ਕੂੜੇ,ਠੋਸ ਰਹਿੰਦ-ਖੂੰਹਦ ਪ੍ਰਬੰਧਨ, ਪਲਾਸਟਿਕ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ,ਪਿੰਡਾਂ ਦੇ ਟੋਭੇ, ਸੀਵਰੇਜ ਦਾ ਗੰਦਾ ਪਾਣੀ ਸੋਧਣ ਲਈ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਦੀ ਕਾਰਗੁਜ਼ਾਰੀ, ਲੋਕਾਂ ਨੂੰ ਕੂੜਾ ਪ੍ਰਬੰਧਨ ਅਤੇ ਵਾਤਾਵਰਣ ਦੀ ਸੰਭਾਂਲ ਲਈ ਜਾਗਰੂਕ ਕਰਨ, ਬਾਇਓ ਮੈਡੀਕਲ ਤੇ ਈ-ਵੇਸਟ ਪ੍ਰਬੰਧਨ, ਛੱਪੜਾਂ ਦੀ ਸਾਫ਼-ਸਫ਼ਾਈ ਅਤੇ ਸੀਵਰੇਜ ਜਾਂ ਫੈਕਟਰੀਆਂ ਦੇ ਪਾਣੀ ਨੂੰ ਬਿਨ੍ਹਾਂ ਸੋਧੇ ਨਾ ਪੈਣ ਦੇਣ ਆਦਿ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹੇ ਅੰਦਰ ਲੱਗੇ ਐਸ.ਟੀ.ਪੀਜ ਦੀ ਸਮੀਖਿਆ ਕਰਦਿਆਂ ਕਿਹਾ ਕਿ ਸਬੰਧਤ ਵਿਭਾਗ ਇਹ ਯਕੀਨੀ ਬਣਾਉਣ ਕੇ ਐਸ.ਟੀ.ਪੀਜ਼ ਸਹੀ ਅਤੇ ਪੂਰੀ ਸਮਰੱਥਾ ਨਾਲ ਕੰਮ ਕਰਨ।
ਉਨ੍ਹਾਂ ਵਲੋਂ ਜ਼ਿਲ੍ਹੇ ਵਿਚ ਚਲ ਰਹੇ ਇੱਕ ਟ੍ਰੀਟਮੈਂਟ ਪਲਾਂਟਾਂ ਵਲੋਂ ਪਾਣੀ ਸਾਫ ਕਰਨ ਲਈ ਨਿਰਧਾਰਿਤ ਟੀਚਿਆਂ ਦੀ ਪ੍ਰਾਪਤੀ ਲਈ ਉਨ੍ਹਾਂ ਸੀਵਰੇਜ ਬੋਰਡ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਵਾਤਾਵਰਣ ਇੰਜੀਨੀਅਰ ਸਿਮਰਪ੍ਰੀਤ ਸਿੰਘ ਨੇ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਦੱਸਿਆ ਕਿ ਕੌਮੀ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਮੁਤਾਬਕ ਜਾਰੀ ਐਕਸ਼ਨ ਪਲਾਨ ਅਨੁਸਾਰ ਧਰਤੀ ਹੇਠਲੇ ਪਾਣੀ, ਹਵਾ ਤੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਰੋਕਣ ਲਈ ਸਮੁਚੀ ਪ੍ਰਕ੍ਰਿਆ ਨੂੰ ਮਿਥੇ ਸਮੇਂ ਦੇ ਅੰਦਰ ਨੇਪਰੇ ਚੜਾਇਆ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਰਿੰਪੀ ਗਰਗ,ਐਸ.ਡੀ.ਓ ਵਾਟਰ ਸਪਲਾਈ ਤੇ ਸੈਨੀਟੇਸ਼ਨ ਇੰਜ. ਰਜਿੰਦਰ ਗਰਗ,ਐਸ.ਡੀ.ਓ(ਪੀ.ਡਬਲਿਊ.ਡੀ) ਇੰਜ.ਬਲਰਾਜ ਸਿੰਘ, ਜਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਰ ਮੁਹੰਮਦ, ਜੇ.ਈ ਇੰਜ ਪ੍ਰਿੰਸ ਮੋਦੀ, ਸੀਨੀਅਰ ਉਦਯੋਗਿਕ ਪ੍ਰਮੋਸ਼ਨ ਅਫਸਰ ਕਰਨਦੀਪ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਸੰਖੇਪ:
ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹਾ ਵਾਤਾਵਰਣ ਯੋਜਨਾ ਨੂੰ ਲਾਗੂ ਕਰਨ ਸੰਬੰਧੀ ਗੱਲਬਾਤ ਕੀਤੀ। ਇਸ ਯੋਜਨਾ ਅਧੀਨ, ਵਾਤਾਵਰਣ ਸੰਭਾਲ, ਪ੍ਰਦੂਸ਼ਣ ਘਟਾਉਣ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਪਰਾਲੇ ਕੀਤੇ ਜਾਣਗੇ।