14 ਜੁਲਾਈ, 2025 (ਪੰਜਾਬੀ ਖਬਰਨਾਮਾ ਬਿਊਰੋ ):- ਹਰਿਆਣਾ ਸਰਕਾਰ ਨੇ ਐਤਵਾਰ ਰਾਤ 9 ਵਜੇ ਤੋਂ ਨੂਹ ਜ਼ਿਲ੍ਹੇ ਵਿੱਚ ਇੰਟਰਨੈੱਟ ਅਤੇ ਬਲਕ ਐਸਐਮਐਸ ਸੇਵਾਵਾਂ ਉਤੇ ਪਾਬੰਦੀ ਲਗਾ ਦਿੱਤੀ ਹੈ। ਇਹ ਕਦਮ ਬ੍ਰਜ ਮੰਡਲ ਜਲਭਿਸ਼ੇਕ ਯਾਤਰਾ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੜਬੜ ਨੂੰ ਰੋਕਣ ਲਈ ਚੁੱਕਿਆ ਗਿਆ ਹੈ। ਦੋ ਸਾਲ ਪਹਿਲਾਂ, ਇਸੇ ਯਾਤਰਾ ਦੌਰਾਨ ਇਲਾਕੇ ਵਿੱਚ ਫਿਰਕੂ ਹਿੰਸਾ ਭੜਕ ਗਈ ਸੀ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਪੁਲਿਸ ਵਾਲੇ ਜ਼ਖਮੀ ਹੋ ਗਏ ਸਨ।

ਰਾਜ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਸਾਰੇ ਸੋਸ਼ਲ ਮੀਡੀਆ ਪਲੇਟਫਾਰਮ ਜਿਵੇਂ ਕਿ ਵਟਸਐਪ, ਫੇਸਬੁੱਕ, ਟਵਿੱਟਰ ਅਤੇ ਮੋਬਾਈਲ ਫੋਨਾਂ ਉਤੇ ਐਸਐਮਐਸ ਸੇਵਾਵਾਂ ਵੀ ਅਸਥਾਈ ਤੌਰ ‘ਤੇ ਬੰਦ ਰਹਿਣਗੀਆਂ। ਇਸ ਸਮੇਂ ਦੌਰਾਨ ਬੈਂਕਿੰਗ ਅਤੇ ਮੋਬਾਈਲ ਰੀਚਾਰਜ ਸਹੂਲਤਾਂ ਜਾਰੀ ਰਹਿਣਗੀਆਂ। ਇਹ ਪਾਬੰਦੀ ਸੋਮਵਾਰ ਰਾਤ 9 ਵਜੇ ਤੱਕ ਲਾਗੂ ਰਹੇਗੀ। ਸਰਕਾਰ ਦਾ ਮੰਨਣਾ ਹੈ ਕਿ ਇਸ ਨਾਲ ਅਫਵਾਹਾਂ ਅਤੇ ਗੁੰਮਰਾਹਕੁੰਨ ਜਾਣਕਾਰੀ ਦੇ ਫੈਲਣ ਨੂੰ ਰੋਕਿਆ ਜਾ ਸਕੇਗਾ।

2500 ਪੁਲਿਸ ਮੁਲਾਜ਼ਮ ਤਾਇਨਾਤ

ਸੋਮਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਬੰਦ ਰੱਖਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਪੁਲਿਸ ਨੇ ਦੱਸਿਆ ਹੈ ਕਿ ਇਲਾਕੇ ਵਿਚ ਲਗਭਗ 2,500 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਨੂਹ ਜ਼ਿਲ੍ਹੇ ਦੇ ਕਈ ਸੰਵੇਦਨਸ਼ੀਲ ਖੇਤਰਾਂ ਵਿੱਚ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਸੋਸ਼ਲ ਮੀਡੀਆ ਦੀ ਨਿਗਰਾਨੀ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

ਨੂਹ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਲੋਕ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਵੱਲ ਧਿਆਨ ਨਾ ਦੇਣ ਅਤੇ ਗਲਤ ਜਾਣਕਾਰੀ ਫੈਲਾਉਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਖਾਸ ਕਰਕੇ ਸੋਸ਼ਲ ਮੀਡੀਆ ਰਾਹੀਂ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ‘ਤੇ ਨਜ਼ਰ ਰੱਖਣ ਲਈ ਇੱਕ ਟੀਮ ਬਣਾਈ ਹੈ।

ਯਾਤਰਾ ਰੂਟ ‘ਤੇ ਮੀਟ ਦੀਆਂ ਦੁਕਾਨਾਂ ਬੰਦ

ਇਨ੍ਹਾਂ ਤੋਂ ਇਲਾਵਾ ਸਥਾਨਕ ਪ੍ਰਸ਼ਾਸਨ ਨੇ ਯਾਤਰਾ ਰੂਟ ਉਤੇ ਮਾਸ ਦੀ ਵਿਕਰੀ ‘ਤੇ ਪਾਬੰਦੀ ਲਗਾਈ ਹੈ। ਯਾਤਰਾ ਰੂਟ ‘ਤੇ ਸਾਰੀਆਂ ਮੀਟ ਦੁਕਾਨਾਂ ਨੂੰ 24 ਜੁਲਾਈ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਪੈਟਰੋਲ ਪੰਪਾਂ ‘ਤੇ ਸਵੇਰੇ 6 ਵਜੇ ਤੋਂ ਦੁਪਹਿਰ 12 ਵਜੇ ਤੱਕ ਖੁੱਲ੍ਹੇ ਡੱਬਿਆਂ ਵਿੱਚ ਪੈਟਰੋਲ ਜਾਂ ਡੀਜ਼ਲ ਵੇਚਣ ਦੀ ਵੀ ਮਨਾਹੀ ਹੋਵੇਗੀ।

ਸੰਖੇਪ: ਹਰਿਆਣਾ ਸਰਕਾਰ ਨੇ ਨੂਹ ਜ਼ਿਲ੍ਹੇ ਵਿੱਚ ਬ੍ਰਜ ਮੰਡਲ ਯਾਤਰਾ ਦੌਰਾਨ ਸੁਰੱਖਿਆ ਲਈ ਇੰਟਰਨੈੱਟ ਅਤੇ ਐਸਐਮਐਸ ਸੇਵਾਵਾਂ ਬੰਦ ਕਰਦਿਆਂ ਸਕੂਲ-ਕਾਲਜ ਬੰਦ ਅਤੇ 2,500 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।