02 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਬੀਤੇ ਦਿਨ ਇੱਕ ਅਣਪਛਾਤੇ ਵਿਅਕਤੀ ਵੱਲੋਂ ਮੁੱਖ ਸਟੇਸ਼ਨ ’ਤੇ ਬੰਬ ਹੋਣ ਬਾਰੇ ਕੀਤੀ ਗਈ ਫੋਨ ਕਾਲ ਬਾਅਦ ਵਿਚ ਝੂਠੀ ਸਾਬਤ ਹੋਈ। ਪੁਲੀਸ ਨੇ ਸੋਮਵਾਰ ਨੂੰ ਕਿਹਾ ਕਿ ਸੁਰੱਖਿਆ ਏਜੰਸੀਆਂ ਵੱਲੋਂ ਡੂੰਘਾਈ ਨਾਲ ਤਲਾਸ਼ੀ ਲੈਣ ਤੋਂ ਬਾਅਦ ਜੰਮੂ ਰੇਲਵੇ ਸਟੇਸ਼ਨ ਨੂੰ ਨਿਸ਼ਾਨਾ ਬਣਾਉਣ ਵਾਲੀ ਬੰਬ ਦੀ ਧਮਕੀ ਝੂਠੀ ਨਿਕਲੀ। ਅਧਿਕਾਰੀ ਨੇ ਕਿਹਾ ਕਿ ਰੇਲਵੇ ਪੁਲੀਸ ਦੇ ਨਾਲ ਮਿਲ ਕੇ ਪੁਲੀਸ ਨੇ ਤੇਜ਼ੀ ਨਾਲ ਕਾਰਵਾਈ ਕੀਤੀ ਅਤੇ ਪੂਰੇ ਸਟੇਸ਼ਨ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਗਈ, ਪਰ ਇਸ ਦੌਰਾਨ ਕੁੱਝ ਵੀ ਸ਼ੱਕੀ ਨਹੀਂ ਮਿਲਿਆ।
ਉਨ੍ਹਾਂ ਕਿਹਾ ਕਿ ਕਾਲ ਕਰਨ ਵਾਲੇ ਦੀ ਪਛਾਣ ਦੀ ਪ੍ਰਕਿਰਿਆ ਜਾਰੀ ਹੈ। ਅਧਿਕਾਰੀਆਂ ਨੇ ਕਿਹਾ ਕਿ ਐਤਵਾਰ ਅਤੇ ਸੋਮਵਾਰ ਦੀ ਵਿਚਕਾਰਲੀ ਰਾਤ ਦੌਰਾਨ ਰੇਲਵੇ ਸਟੇਸ਼ਨ ’ਤੇ ਸਾਂਝਾ ਤਲਾਸ਼ੀ ਅਭਿਆਨ ਕਈ ਘੰਟਿਆਂ ਤੱਕ ਜਾਰੀ ਰਿਹਾ। ਸੀਨੀਅਰ ਪੁਲੀਸ ਅਧਿਕਾਰੀਆਂ ਦੀ ਸਿੱਧੀ ਨਿਗਰਾਨੀ ਹੇਠ ਕੀਤੇ ਗਏ ਤਲਾਸ਼ੀ ਅਭਿਆਨ ਦੌਰਾਨ ਖੋਜੀ ਕੁੱਤਿਆਂ ਅਤੇ ਮੈਟਲ ਡਿਟੈਕਟਰਾਂ ਦੀ ਵੀ ਵਰਤੋਂ ਕੀਤੀ ਗਈ, ਉਨ੍ਹਾਂ ਕਿਹਾ ਕਿ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ।
ਸੰਖੇਪ: ਜੰਮੂ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉੱਡਾਉਣ ਦੀ ਮਿਲੀ ਧਮਕੀ ਝੂਠੀ ਨਿਕਲੀ। ਪੁਲੀਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਸਟੇਸ਼ਨ ਦੀ ਪੂਰੀ ਤਲਾਸ਼ੀ ਲਈ ਪਰ ਕੋਈ ਸ਼ੱਕੀ ਚੀਜ਼ ਨਹੀਂ ਮਿਲੀ।