ਸ੍ਰੀ ਅਨੰਦਪੁਰ ਸਾਹਿਬ 16 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਹਲਕਾ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਦੀਆਂ ਹਦਾਇਤਾਂ ਹਨ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰਾਂ ਦੀ ਪ੍ਰੇਸ਼ਾਨੀ ਨਾ ਹੋਵੇ। ਸ਼੍ਰੀ ਵਰਜੀਤ ਵਾਲੀਆ ਡਿਪਟੀ ਕਮਿਸ਼ਨਰ ਰੂਪਨਗਰ ਦੀ ਅਗਵਾਈ ਵਿੱਚ ਜ਼ਿਲ੍ਹੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਸ੍ਰੀ ਅਨੰਦਪੁਰ ਸਾਹਿਬ ਦੀਆਂ ਸਾਰੀਆਂ 12 ਅਨਾਜ ਮੰਡੀਆਂ ਵਿੱਚ 15 ਅਪ੍ਰੈਲ 2025 ਤੱਕ ਕੁੱਲ 597 ਮੀਟ੍ਰਿਕ ਟਨ ਕਣਕ ਮੰਡੀਆਂ ਵਿੱਚ ਪਹੁੰਚੀ ਹੈ।
ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੀਆਂ ਕੁੱਲ 12 ਅਨਾਜ ਮੰਡੀਆਂ ਵਿੱਚ ਕਣਕ ਦੀ ਆਮਦ 597 ਮੀਟ੍ਰਿਕ ਟਨ ਤੱਕ ਪਹੁੰਚ ਗਈ ਹੈ, ਜਿਸ ਵਿੱਚੋਂ 558 ਮੀਟ੍ਰਿਕ ਟਨ ਕਣਕ ਸਰਕਾਰੀ ਏਜੰਸੀਆਂ ਦੁਆਰਾ ਖਰੀਦੀ ਗਈ ਹੈ।
ਉਨ੍ਹਾਂ ਨੇ ਦੱਸਿਆ ਕਿ ਰਾਜ ਦੀਆਂ ਖਰੀਦ ਏਜੰਸੀਆਂ ਦੁਆਰਾ ਕਣਕ ਦੀ ਲਿਫਟਿੰਗ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ ਅਤੇ ਕਾਰਵਾਈਆਂ ਤੇਜ਼ੀ ਨਾਲ ਕੀਤੀਆਂ ਜਾ ਰਹੀਆਂ ਹਨ। ਅੱਜ ਤੱਕ 40 ਮੀਟ੍ਰਿਕ ਟਨ ਕਣਕ ਚੁੱਕੀ ਗਈ ਹੈ। ਸਰਕਾਰ ਕਿਸਾਨ ਭਲਾਈ ਲਈ ਇੱਕ ਸਰਗਰਮ ਅਤੇ ਤੁਰੰਤ ਭੁਗਤਾਨ ਵਿਧੀ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਇੱਕ ਸੁਚਾਰੂ ਅਤੇ ਪਾਰਦਰਸ਼ੀ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਆਪਣੀ ਉਪਜ 12% ਦੀ ਨਿਰਧਾਰਤ ਨਮੀ ਸੀਮਾ ਦੇ ਅੰਦਰ ਲਿਆਉਣ ਦੀ ਤਾਕੀਦ ਕਰਦਾ ਹੈ।
ਉਨ੍ਹਾਂ ਨੇ ਦੱਸਿਆ ਕਿ ਸਾਰੀਆਂ 12 ਅਨਾਜ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲਾ ਪਾਣੀ, ਸਫਾਈ, ਤਰਪਾਲਾ, ਰੋਸ਼ਨੀ, ਪਖਾਨੇ ਆਦਿ ਦੀ ਵਿਵਸਥਾ ਕੀਤੀ ਹੋਈ ਹੈ। ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀ ਆਵੇਗੀ। ਅਨਾਜ ਮੰਡੀਆਂ ਦੇ ਵਿੱਚ ਖਰੀਦ ਏਜੰਸੀਆਂ ਦੇ ਅਧਿਕਾਰੀ ਮੋਜੂਦ ਹਨ। ਜਸਵਿੰਦਰ ਸਿੰਘ ਸਕੱਤਰ ਮਾਰਕੀਟ ਕਮੇਟੀ ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਲਗਾਤਾਰ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।