7 ਜੂਨ (ਪੰਜਾਬੀ ਖਬਰਨਾਮਾ):ਪੰਜਾਬ ਆਬਕਾਰੀ ਵਿਭਾਗ ਦੇ ਸੰਯੁਕਤ ਡਾਇਰੈਕਟਰ (ਜੀਐਸਟੀ) ਬਲਵੀਰ ਕੁਮਾਰ ਵਿਰਦੀ ਦੁਆਰਾ ਆਤਮ ਸਮਰਪਣ ਕਰਨ ਬਾਅਦ ਵਿਜੀਲੈਂਸ ਬਿਊਰੋ ਨੇ ਉਸਨੂੰ ਹਿਰਾਸਤ ਵਿਚ ਲੈ ਲਿਆ ਹੈ। ਉਹ ਪਿਛਲੇ ਕੁਝ ਸਮੇ ਤੋ ਭਗੌੜਾ ਸੀ। ਜਲੰਧਰ ਦੀ ਅਦਾਲਤ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਲਈ ਦੋ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ।
ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਬਲਵੀਰ ਕੁਮਾਰ ਵਿਰਦੀ ਅਤੇ ਰਾਜ ਆਬਕਾਰੀ ਵਿਭਾਗ ਦੇ ਹੋਰ ਅਧਿਕਾਰੀ/ਕਰਮਚਾਰੀ ਕੁਝ ਟਰਾਂਸਪੋਰਟਰਾਂ ਅਤੇ ਸਨਅਤਕਾਰਾਂ ਨਾਲ ਮਿਲੀਭੁਗਤ ਕਰਕੇ ਟੈਕਸਾਂ ਦੀ ਚੋਰੀ ਵਿਚ ਸ਼ਾਮਲ ਸਨ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਬੀਕੇ ਵਿਰਦੀ, ਵਾਸੀ ਲੰਮਾ ਪਿੰਡ, ਜਲੰਧਰ, ਜੋ ਕਿ ਹੁਣ ਕੋਠੀ ਨੰਬਰ 213, ਗੁਰੂ ਗੋਬਿੰਦ ਸਿੰਘ ਨਗਰ, ਜਲੰਧਰ ਵਿਖੇ ਰਹਿੰਦਾ ਹੈ, ਵਿਰੁੱਧ ਬਿਊਰੋ ਵੱਲੋਂ ਸਰਕਾਰੀ ਅਧਿਕਾਰੀ ਹੁੰਦੇ ਹੋਏ ਭ੍ਰਿਸ਼ਟਾਚਾਰ ਢੰਗਾਂ ਨਾਲ ਆਮਦਨ ਦੇ ਪ੍ਰਤੱਖ ਸਰੋਤਾਂ ਤੋਂ ਵੱਧ ਜਾਇਦਾਦ ਜੁਟਾਉਣ ਦਾ ਮੁਕੱਦਮਾ ਦਰਜ ਕੀਤਾ ਗਿਆ। ਇਸ ਸਬੰਧੀ ਬਿਊਰੋ ਨੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਕੇਸ ਦਰਜ ਕੀਤਾ ਸੀ ਜਿਸ ਵਿੱਚ ਉਸ ਨੂੰ ਅੱਜ ਗ੍ਰਿਫਤਾਰ ਕੀਤਾ ਗਿਆ ਹੈ।