Law And Order

29 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੁਲਿਸ ਹਿਰਾਸਤ ’ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ’ਚ ਐੱਸਆਈਟੀ ਨੇ ਬੁੱਧਵਾਰ ਨੂੰ ਹਾਈ ਕੋਰਟ ’ਚ ਸੀਲਬੰਦ ਸਟੇਟਸ ਰਿਪੋਰਟ ਪੇਸ਼ ਕੀਤੀ ਅਤੇ ਜਾਂਚ ਪੂਰੀ ਕਰਨ ਲਈ ਦੋ ਮਹੀਨੇ ਦਾ ਸਮਾਂ ਮੰਗਿਆ। ਐੱਸਆਈਟੀ ਦੀ ਮੰਗ ਨੂੰ ਸਵੀਕਾਰ ਕਰਦਿਆਂ ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਹੇਠਲੇ ਪੱਧਰ ਦੇ ਅਧਿਕਾਰੀਆਂ ਨੂੰ ਬਲੀ ਦਾ ਬੱਕਰਾ ਨਹੀਂ ਬਣਾਇਆ ਜਾਣਾ ਚਾਹੀਦਾ, ਉੱਚ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਤੇ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੇ ਮੁਖੀ ਪ੍ਰਬੋਧ ਕੁਮਾਰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ’ਚ ਪੇਸ਼ ਹੋਏ। ਮੁੱਖ ਸਕੱਤਰ ਨੇ ਜੇਲ੍ਹਾਂ ਦੀ ਸੁਰੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਸਮਾਂ ਸੀਮਾ ਨਾਲ ਸਬੰਧਤ ਇਕ ਹਲਫ਼ਨਾਮਾ ਵੀ ਅਦਾਲਤ ’ਚ ਪੇਸ਼ ਕੀਤਾ।

ਹਾਈ ਕੋਰਟ ਨੇ ਜੇਲ੍ਹ ’ਚ ਸੁਰੱਖਿਆ ਪ੍ਰਬੰਧਾਂ ਦਾ ਖੁਦ ਨੋਟਿਸ ਲੈ ਕੇ ਸੁਣਵਾਈ ਸ਼ੁਰੂ ਕੀਤੀ ਸੀ। ਇਸ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇਕ ਟੀਵੀ ਇੰਟਰਵਿਊ ਸਾਹਮਣੇ ਆਇਆ। ਇਸ ’ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਐੱਸਆਈਟੀ ਬਣਾਉਣ ਤੇ ਜਾਂਚ ਕਰਨ ਦੇ ਹੁਕਮ ਦਿੱਤੇ ਸਨ। ਐੱਸਆਈਟੀ ਦੀ ਜਾਂਚ ਅਧੂਰੀ ਰਹੀ, ਜਿਸ ਤੋਂ ਬਾਅਦ ਹਾਈ ਕੋਰਟ ਦੇ ਹੁਕਮਾਂ ‘ਤੇ ਡੀਜੀਪੀ ਪ੍ਰਬੋਧ ਕੁਮਾਰ ਦੀ ਪ੍ਰਧਾਨਗੀ ਹੇਠ ਇਕ ਐੱਸਆਈਟੀ ਬਣਾਈ ਗਈ। ਐੱਸਆਈਟੀ ਨੇ ਦੱਸਿਆ ਸੀ ਕਿ ਇੰਟਰਵਿਊ ਖਰੜ ਦੇ ਸੀਆਈਏ ਪੁਲਿਸ ਸਟੇਸ਼ਨ ’ਚ ਹੋਈ ਸੀ। ਇਸ ਤੋਂ ਬਾਅਦ ਕਈ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਗਈ, ਪਰ ਹਾਈ ਕੋਰਟ ਨੇ ਐੱਸਐੱਸਪੀ ਵਿਰੁੱਧ ਕਾਰਵਾਈ ਨਾ ਕਰਨ ‘ਤੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ। ਇਸ ਤੋਂ ਬਾਅਦ ਡੀਐੱਸਪੀ ਗੁਰਸ਼ੇਰ ਸੰਧੂ ਵਿਰੁੱਧ ਕਾਰਵਾਈ ਕੀਤੀ ਗਈ ਤੇ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ। ਡੀਜੀਪੀ ਪ੍ਰਬੋਧ ਕੁਮਾਰ ਨੇ ਅਦਾਲਤ ਨੂੰ ਦੱਸਿਆ ਸੀ ਕਿ ਉਹ ਸੇਵਾਮੁਕਤ ਹੋਣ ਜਾ ਰਹੇ ਹਨ। ਇਸ ‘ਤੇ ਹਾਈ ਕੋਰਟ ਨੇ ਕਿਹਾ ਸੀ ਕਿ ਉਹ ਸੇਵਾਮੁਕਤੀ ਤੋਂ ਬਾਅਦ ਵੀ ਜਾਂਚ ਜਾਰੀ ਰੱਖ ਸਕਦੇ ਹਨ। ਇਹ ਮਾਮਲਾ ਲੰਬੇ ਸਮੇਂ ਤੋਂ ਪੈਂਡਿੰਗ ਹੈ, ਇਸ ਲਈ ਅਦਾਲਤ ਨੇ ਬੁੱਧਵਾਰ ਨੂੰ ਕਿਹਾ ਕਿ ਜਾਂਚ ਕਿਸੇ ਵੀ ਕੀਮਤ ‘ਤੇ ਦੋ ਮਹੀਨਿਆਂ ’ਚ ਪੂਰੀ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾ ਸਕੇ। ਅਦਾਲਤ ਨੇ ਕਿਹਾ ਕਿ ਬਿਨਾਂ ਉੱਚ ਅਧਿਕਾਰੀਆਂ ਦੇ ਇਸ ਮਾਮਲੇ ’ਚ ਸ਼ਮੂਲੀਅਤ ਕੀਤੇ ਇੰਟਰਵਿਊ ਨਹੀਂ ਹੋ ਸਕਦੀ ਸੀ। ਅਜਿਹੀ ਸਥਿਤੀ ’ਚ ਉਨ੍ਹਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ।

ਸੰਖੇਪ: ਪੰਜਾਬ-ਹਰਿਆਣਾ ਹਾਈ ਕੋਰਟ ਨੇ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਦੀ ਜਾਂਚ ਦੋ ਮਹੀਨੇ ਵਿੱਚ ਪੂਰੀ ਕਰਨ ਦਾ ਹੁਕਮ ਦਿੱਤਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।