ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਸ਼ਹਾਦਤ ਨੂੰ ਦਰਸਾਉਦਾ ਰੋਸ਼ਨੀ ਅਤੇ ਆਵਾਜ਼ ਪ੍ਰੋਗਰਾਮ ਚਰਨ ਗੰਗਾ ਸਟੇਡੀਅਮ ਵਿਚ ਹੋਵੇਗਾ ਆਯੋਜਿਤ- ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਅਤੇ ਐਸ.ਐਸ.ਪੀ ਗੁਲਨੀਤ ਖੁਰਾਨਾ ਨੇ 350 ਸਾਲਾ ਸ਼ਹੀਦੀ ਸਮਾਗਮਾਂ ਦੀਆ ਅਗਾਓ ਤਿਆਰੀਆਂ ਦਾ ਲਿਆ ਜਾਇਜ਼ਾ
ਸ਼ਰਧਾਲੂਆਂ ਦੀ ਸਹੂਲਤ ਲਈ ਹੋਣਗੇ ਵਿਆਪਕ ਪ੍ਰਬੰਧ
ਸ੍ਰੀ ਅਨੰਦਪੁਰ ਸਾਹਿਬ 29 ਅਕਤੂਬਰ (ਪੰਜਾਬੀ ਖਬਰਨਾਮਾ ਬਿਊਰੋ)
ਪੰਜਾਬ ਸਰਕਾਰ ਵੱਲੋਂ ਨੋਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸ਼ਤਾਬਦੀ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਵਿੱਚ ਬਹੁਤ ਹੀ ਸ਼ਰਧਾ ਨਾਲ ਵੱਡੇ ਪੱਧਰ ਤੇ ਮਨਾਏ ਜਾ ਰਹੇ ਹਨ, ਜਿਸ ਦੀਆਂ ਅਗਾਓ ਤਿਆਰੀਆਂ ਅਰੰਭ ਹੋ ਚੁੱਕੀਆਂ ਹਨ। ਸੰਗਤਾਂ ਦੀ ਵੱਡੇ ਪੱਧਰ ਤੇ ਆਮਦ ਨੂੰ ਧਿਆਨ ਵਿਚ ਰੱਖਦੇ ਹੋਏ ਜਿਲ੍ਹਾ ਪ੍ਰਸਾਸ਼ਨ ਵੱਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ।
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਆਈ.ਏ.ਐਸ ਨੇ ਅੱਜ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀਆਂ ਅਗਾਓ ਤਿਆਰੀਆ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਲਈ ਵਿਆਪਕ ਪੱਧਰ ਤੇ ਤਿਆਰੀਆਂ ਕੀਤੀਆ ਜਾ ਰਹੀਆਂ ਹਨ ਇਨ੍ਹਾਂ ਸਮਾਗਮਾਂ ਵਿਚ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿਚ ਪਹੁੰਚਣ ਦੀ ਸੰਭਾਵਨਾ ਹੈ। ਜਿਲ੍ਹਾ ਪ੍ਰਸਾਸ਼ਨ ਵੱਲੋਂ ਪਿਛਲੇ ਲਗਭਗ ਦੋ ਮਹੀਨੇ ਤੋਂ ਇਸ ਸਬੰਧ ਵਿਚ ਤਿਆਰੀਆਂ ਕੀਤੀਆ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਉਦੇ ਰੋਸ਼ਨੀ ਅਤੇ ਅਵਾਜ਼ ਦੇ ਪ੍ਰੋਗਰਾਮ ਸਥਾਨਕ ਚਰਨ ਗੰਗਾ ਸਟੇਡੀਅਮ ਵਿਚ ਕਰਵਾਏ ਜਾਣਗੇ, ਜਿਸ ਵਿੱਚ ਲਗਭਗ 25 ਹਜ਼ਾਰ ਸੰਗਤ ਦੇ ਪਹੁੰਚਣ ਦੀ ਸੰਭਾਵਨਾ ਹੈ। ਗੁਰੂ ਨਗਰੀ ਵਿੱਚ 23 ਤੋ 25 ਨਵੰਬਰ ਤੱਕ ਲੜੀਵਾਰ ਵਿਆਪਕ ਪੱਧਰ ਤੇ ਧਾਰਮਿਕ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਥਾਨਕ ਚਰਨ ਗੰਗਾ ਸਟੇਡੀਅਮ ਜਿੱਥੇ ਰੋਸ਼ਨੀ ਅਤੇ ਆਵਾਜ ਰਾਹੀ ਹਿੰਦੀ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਇਆ ਜਾਵੇਗਾ, ਉਸ ਸਥਾਨ ਤੇ ਸਾਫ ਸਫਾਈ ਦਾ ਕੰਮ ਵੱਡੇ ਪੱਧਰ ਤੇ ਚੱਲ ਰਿਹਾ ਹੈ। ਸੰਗਤਾਂ ਦੀ ਸਹੂਲਤ ਲਈ ਚਰਨ ਗੰਗਾ ਸਟੇਡੀਅਮ ਦੇ ਆਲੇ ਦੁਆਲੇ ਵਾਹਨਾ ਦੀ ਪਾਰਕਿੰਗ ਲਈ ਢੁਕਵੀਆਂ ਥਾਵਾ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾ ਨੇ ਦੱਸਿਆ ਕਿ ਚਰਨ ਗੰਗਾ ਸਟੇਡੀਅਮ ਨੂੰ ਆਉਣ ਵਾਲੇ ਸਾਰੇ ਮਾਰਗਾਂ ਤੇ ਰਾਤ ਸਮੇਂ ਸਟਰੀਟ ਲਾਈਟ ਦੀ ਵਿਵਸਥਾ ਕੀਤੀ ਗਈ ਹੈ ਅਤੇ ਸਟੇਡੀਅਮ ਵਿਚ ਰੰਗ ਰੋਗਨ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਸਥਾਨ ਤੇ ਪਹੁੰਚਣਗੇ ਉਨ੍ਹਾਂ ਦੇ ਬੈਠਣ ਲਈ ਢੁਕਵੀ ਵਿਵਸਥਾ ਕੀਤੀ ਜਾ ਰਹੀ ਹੈ, ਇਸ ਸਟੇਡੀਅਮ ਦੇ ਆਲੇ ਦੁਆਲੇ ਸੁਰੱਖਿਆ ਦੇ ਸੁਚਾਰੂ ਪ੍ਰਬੰਧ ਹੋਣਗੇ। ਇਸ ਤੋ ਪਹਿਲਾ ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੇਵਾ ਦੇ ਨਾਲ ਡਿਊਟੀ ਕਰਨ ਦਾ ਜੋ ਮੌਕਾ ਮਿਲਿਆ ਹੈ, ਉਸ ਲਈ ਅਸੀ ਸਾਰੇ ਸੁਭਾਗੇ ਹਾਂ ਅਤੇ ਇਸ ਨੂੰ ਪੂਰੀ ਤਰਾਂ ਸੇਵਾ ਦੀ ਭਾਵਨਾ ਨਾਲ ਨਿਭਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਇਸ ਸਮਾਗਮ ਦੀਆਂ ਵਿਆਪਕ ਤਿਆਰੀਆਂ ਚੱਲ ਰਹੀਆਂ ਹਨ ਅਤੇ ਸਮਾਗਮ ਵਾਲੇ ਸਥਾਨ ਤੇ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਅੰਤਿਮ ਛੋਹਾ ਦਿੱਤੀਆਂ ਜਾ ਰਹੀਆਂ ਹਨ।
ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਸ੍ਰੀ ਗੁਲਨੀਤ ਸਿੰਘ ਖੁਰਾਨਾ ਆਈ.ਪੀ.ਐਸ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਚੰਦਰ ਜਯੋਤੀ ਸਿੰਘ ਆਈ.ਏ.ਐਸ, ਅਭਿਮਨਯੂ ਮਲਿਕ ਆਈ.ਏ.ਐਸ ਸਹਾਇਕ ਕਮਿਸ਼ਨਰ, ਐਸ.ਪੀ ਅਰਵਿੰਦ ਮੀਨਾ ਆਈ.ਪੀ.ਐਸ, ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ, ਜਸ਼ਨਦੀਪ ਸਿੰਘ ਡੀ.ਐਸ.ਪੀ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
