ਲੁਧਿਆਣਾ 18 ਮਈ 2026 (ਪੰਜਾਬੀ ਖਬਰਨਾਮਾ ਬਿਊਰੋ) : ਸੀਆਈਏ ਸਟਾਫ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਨਾਕਾਬੰਦੀ ਦੌਰਾਨ ਦੋ ਨੌਜਵਾਨਾਂ ਨੂੰ ਹਥਿਆਰਾਂ ਅਤੇ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਫਿਲੌਰ ਦੇ ਉੱਚੀ ਘਾਟੀ ਮੁਹੱਲੇ ਦੇ ਰਹਿਣ ਵਾਲੇ ਅਨੁਰਾਗ ਮਸੀਹ ਤੇ ਅੰਕੁਸ਼ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਦੇ ਕਬਜ਼ੇ ਵਿੱਚੋਂ ਦੋ ਵੱਖ-ਵੱਖ ਬੋਰ ਦੀਆਂ ਪਿਸਤੌਲਾਂ, ਜਿੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ।
ਪੁਲਿਸ ਅਨੁਸਾਰ ਇਹ ਕਾਰਵਾਈ ਹਾਰਡੀ ਵਰਲਡ ਦੇ ਨਜ਼ਦੀਕ ਕੀਤੀ ਗਈ, ਜਿੱਥੇ ਸੀਆਈਏ ਦੀ ਟੀਮ ਵੱਲੋਂ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਗੁਪਤ ਸੂਚਨਾ ਮਿਲੀ ਕਿ ਦੋ ਨੌਜਵਾਨ ਗੈਰ ਕਾਨੂੰਨੀ ਹਥਿਆਰਾਂ ਸਮੇਤ ਇਲਾਕੇ ਵਿੱਚ ਘੁੰਮ ਰਹੇ ਹਨ। ਸੂਚਨਾ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਨੇ ਦੋਵਾਂ ਨੂੰ ਰੋਕ ਕੇ ਤਲਾਸ਼ੀ ਲਈ, ਜਿਸ ਦੌਰਾਨ ਉਨ੍ਹਾਂ ਕੋਲੋਂ 30 ਬੋਰ ਦੀ ਇੱਕ ਪਿਸਤੌਲ ਅਤੇ ਉਸ ਨਾਲ 9 ਜਿੰਦਾ ਕਾਰਤੂਸ ਬਰਾਮਦ ਹੋਏ।
ਇਸ ਤੋਂ ਇਲਾਵਾ 315 ਬੋਰ ਦੀ ਇੱਕ ਹੋਰ ਪਿਸਤੌਲ ਅਤੇ ਉਸ ਨਾਲ ਦੋ ਜਿੰਦਾ ਕਾਰਤੂਸ ਵੀ ਕਬਜ਼ੇ ਵਿੱਚ ਲਏ ਗਏ। ਪੁਲਿਸ ਨੇ ਮੁਲਜ਼ਮਾਂ ਦੇ ਵਰਤੋਂ ਵਿੱਚ ਆ ਰਹੇ ਇੱਕ ਮੋਟਰਸਾਈਕਲ ਨੂੰ ਵੀ ਜ਼ਬਤ ਕਰ ਲਿਆ ਹੈ।
ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਵਿਸਾਖਾ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਦੋਵਾਂ ਨੂੰ ਸੋਮਵਾਰ ਦੁਪਹਿਰ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਮੁਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਇਹ ਹਥਿਆਰ ਅੰਮ੍ਰਿਤਸਰ ਦੇ ਇੱਕ ਵਿਅਕਤੀ ਕੋਲੋਂ ਲੈ ਕੇ ਆਏ ਸਨ।
