16 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਅੱਜ ਸੰਘਰਸ਼ ਕਮੇਟੀ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਐਸਐਸਪੀ ਨੇ ਕਿਹਾ ਕਿ ਇਹ ਇੱਕ ਮੰਦਭਾਗੀ ਘਟਨਾ ਹੈ ਅਤੇ ਪਰਿਵਾਰ ਜਿਸ ਤਰ੍ਹਾਂ ਚਾਹੇਗਾ, ਉਸੇ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਘਟਨਾ ਸਬੰਧੀ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਕੱਲ੍ਹ ਖੋਖੇ ਵਾਲੇ ਦੇ ਸਮਾਨ ਨੂੰ ਅੱਗ ਲਗਾਉਣ ਅਤੇ ਫਿਰਕੂ ਬਿਆਨਬਾਜੀ ਵੀਡੀਓ ਕਰਨ ਵਾਲੇ ਮਾਮਲਿਆ ਵਿੱਚ ਦੋ ਪਰਚੇ ਦਰਜ ਕੀਤੇ ਗਏ ਹਨ ਅਤੇ ਸ਼ਨਾਖ਼ਤ ਦੇ ਆਧਾਰ ’ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ ਨੇ ਕਿਹਾ ਕਿ ਸ਼ਹਿਰ ਵਿੱਚ ਅਮਨ ਕਾਨੂੰਨ ਭੰਗ ਕਰਨ ਵਾਲੇ ਮਾੜੇ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਇੱਕ ਵਿਅਕਤੀ ਦੀ ਕੁੱਟਮਾਰ ਕਰਨ ਅਤੇ ਉਸ ਖੋਖੇ ਵਿੱਚੋਂ ਸਮਾਨ ਕੱਢ ਕੇ ਅੱਗ ਲਗਾਉਣ ਵਾਲੇ ਅਤੇ ਇੱਕ ਵਿਅਕਤੀ ਵੱਲੋਂ ਫਿਰਕੂ ਬਿਆਨਬਾਜੀ ਕਰਕੇ ਆਪਣੀ ਵੀਡੀਓ ਵਾਇਰਲ ਕਰਨ ਦੇ ਮਾਮਲੇ ਵਿੱਚ ਕਿਸ ਦਰਜ ਕੀਤਾ ਗਿਆ ਹੈ। ਵਿਅਕਤੀਆਂ ਦੀ ਸ਼ਨਾਖਤ ਕੀਤੀ ਜਾਵੇਗੀ। ਜੇਕਰ ਅਜਿਹੀਆਂ ਕੋਈ ਵੀ ਹਿੰਸਕ ਘਟਨਾਵਾਂ ਨੂੰ ਅੰਜਾਮ ਦੇਵੇਗਾ ਜਾਂ ਹੁੜਦੰਗਬਾਜੀ ਕਰੇਗਾ।ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਪਰਿਵਾਰ ਅਤੇ ਸੰਘਰਸ਼ ਕਮੇਟੀ ਨਾਲ ਲਗਾਤਾਰ ਸੰਪਰਕ ਵਿੱਚ ਰਹੇਗਾ ਅਤੇ ਹਰ ਮੁੱਦੇ ’ਤੇ ਆਪਸੀ ਸਹਿਮਤੀ ਨਾਲ ਯੋਜਨਾਬੱਧ ਤਰੀਕੇ ਨਾਲ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਪਰਿਵਾਰ ਦੀ ਸਹਿਮਤੀ ਅਤੇ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਲਾਕੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਅਗਲੇ ਫ਼ੈਸਲੇ ਲਏ ਜਾਣਗੇ। ਇਸ ਦੇ ਨਾਲ ਹੀ ਜਿਨ੍ਹਾਂ ਲੋਕਾਂ ਦੇ ਨੁਕਸਾਨ ਦੀ ਗੱਲ ਸਾਹਮਣੇ ਆਈ ਹੈ। ਉਨ੍ਹਾਂ ਦੇ ਮਾਮਲੇ ਨੂੰ ਵੀ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫ਼ਵਾਹਾਂ ਤੋਂ ਬਚਣ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ। ਇਸ ਮੌਕੇ ਪ੍ਰਸ਼ਾਸਨ ਦੇ ਨਾਲ ਸੰਘਰਸ਼ ਕਮੇਟੀ ਦੇ ਗੁਰਲਾਭ ਮਾਹਲ ਅਤੇ ਹੋਰ ਸੰਘਰਸ਼ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ।
