ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਦਿੱਤਾ

ਕਿਹਾ ਕੇਂਦਰ ਸਰਕਾਰ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਤੁਰੰਤ ਆਰਥਿਕ ਪੈਕੇਜ ਜਾਰੀ ਕਰੇ

ਹੜ੍ਹ ਕਾਰਨ ਨੁਕਸਾਨੇ ਗਏ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਦੀ ਤੁਰੰਤ ਮੁਰੰਮਤ ਕੀਤੀ ਜਾਵੇ – ਵਿਧਾਇਕ ਰੰਧਾਵਾ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 03 ਸਤੰਬਰ (ਪੰਜਾਬੀ ਖਬਰਨਾਮਾ ਬਿਊਰੋ ) – ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਅੱਜ ਡੇਰਾ ਬਾਬਾ ਨਾਨਕ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਮੰਗ ਪੱਤਰ ਦੇ ਕੇ ਕੇਂਦਰ ਸਰਕਾਰ ਕੋਲੋਂ ਜਿੱਥੇ ਹੜ੍ਹ ਪੀੜ੍ਹਤਾਂ ਦੀ ਹਰ ਤਰ੍ਹਾਂ ਨਾਲ ਸਹਾਇਤਾ ਕਰਨ ਦੀ ਮੰਗ ਰੱਖੀ ਹੈ ਓਥੇ ਨਾਲ ਹੜ੍ਹ ਨਾਲ ਨੁਕਸਾਨੇ ਗਏ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਦੀ ਤੁਰੰਤ ਮੁਰੰਮਤ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਨੇ ਰਾਜਪਾਲ ਜਰੀਏ ਕੇਂਦਰ ਸਰਕਾਰ ਕੋਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਆਰਥਿਕ ਸਹਾਇਤਾ ਦਾ ਪੈਕੇਜ ਮੰਗਿਆ ਹੈ।

ਅੱਜ ਡੇਰਾ ਬਾਬਾ ਨਾਨਕ ਵਿਖੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਮੰਗ ਪੱਤਰ ਦਿੰਦਿਆਂ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਰਾਵੀ ਦਰਿਆ ਦੇ ਹੜ੍ਹ ਕਾਰਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ 159 ਪਿੰਡ ਅਤੇ 1 ਲੱਖ ਤੋਂ ਵੱਧ ਵਸੋਂ ਪ੍ਰਭਾਵਿਤ ਹੋਈ ਹੈ। ਹੜ੍ਹਾਂ ਕਾਰਨ ਫ਼ਸਲਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਹਨ ਅਤੇ ਲੋਕਾਂ ਦੀ ਅਤੇ ਸਰਕਾਰੀ ਜਾਇਦਾਦ ਨੂੰ ਵੀ ਵੱਡਾ ਨੁਕਸਾਨ ਪਹੁੰਚਿਆ ਹੈ। ਬਹੁਤ ਸਾਰੇ ਲੋਕਾਂ ਦੇ ਹੜ੍ਹ ਕਾਰਨ ਘਰ ਤਬਾਹ ਹੋ ਗਏ ਹਨ, ਜਿਸ ਕਾਰਨ ਉਹ ਬੇਘਰ ਹੋ ਗਏ ਹਨ। ਇਸ ਤੋਂ ਇਲਾਵਾ ਹੜ੍ਹ ਦੇ ਪਾਣੀ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਦੇ ਕਾਰੀਡੋਰ ਨੂੰ ਵੀ ਵੱਡਾ ਨੁਕਸਾਨ ਪਹੁੰਚਿਆ ਹੈ।

ਸ. ਰੰਧਾਵਾ ਨੇ ਕਿਹਾ ਕਿ ਹੜ੍ਹਾਂ ਦੌਰਾਨ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਪੰਜਾਬ ਸਰਕਾਰ ਦੀ ਸਰਕਾਰੀ ਮਸ਼ੀਨਰੀ ਦਿਨ-ਰਾਤ ਸੇਵਾ ਵਿੱਚ ਲੱਗੀ ਹੋਈ ਹੈ ਅਤੇ ਇਸ ਦੇ ਨਾਲ ਸਮਾਜ ਸੇਵੀ ਸੰਸਥਾਵਾਂ ਵੀ ਆਪਣਾ ਸਹਿਯੋਗ ਦੇ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 970 ਵਿਅਕਤੀਆਂ ਨੂੰ ਖ਼ਤਰਨਾਕ ਪੱਧਰ ਤੱਕ ਪਹੁੰਚੇ ਹੜ੍ਹ ਦੇ ਪਾਣੀ ਵਿਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਵਲੰਟੀਅਰਜ਼ ਵੱਲੋਂ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ।

ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਰਾਜਪਾਲ ਪੰਜਾਬ ਕੋਲੋਂ ਮੰਗ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਤੇ ਮੁੜ-ਵਸੇਬੇ ਲਈ ਕੇਂਦਰ ਸਰਕਾਰ ਕੋਲੋਂ ਤੁਰੰਤ ਆਰਥਿਕ ਸਹਾਇਤਾ ਦਿਵਾਉਣ ਲਈ ਯਤਨ ਕਰਨ। ਇਸ ਤੋਂ ਇਲਾਵਾ ਜਿਨ੍ਹਾਂ ਵਿਅਕਤੀਆਂ ਦੇ ਘਰਾਂ ਦਾ ਨੁਕਸਾਨ ਹੋਇਆ ਉਨ੍ਹਾਂ ਦੀ ਆਰਥਿਕ ਸਹਾਇਤਾ ਕੀਤੀ ਜਾਵੇ। ਫ਼ਸਲਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ ਅਤੇ ਪਬਲਿਕ ਪ੍ਰਾਪਰਟੀ ਨੂੰ ਜੋ ਨੁਕਸਾਨ ਪਹੁੰਚਿਆ ਹੈ ਉਸ ਨੂੰ ਠੀਕ ਕਰਨ ਲਈ ਵੀ ਵਿਸ਼ੇਸ਼ ਰਾਸ਼ੀ ਦਿੱਤੀ ਜਾਵੇ।  

ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਪਾਵਨ ਗੁਰਧਾਮ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਵਿਖੇ ਬਣੇ ਕਾਰੀਡੋਰ ਨੂੰ ਵੀ ਹੜ੍ਹਾਂ ਕਾਰਨ ਵੱਡਾ ਨੁਕਸਾਨ ਪਹੁੰਚਿਆ ਹੈ। ਸਮੂਹ ਨਾਨਕ ਨਾਮ ਲੇਵਾ ਸੰਗਤ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਦੀ ਤੁਰੰਤ ਮੁਰੰਮਤ ਕਰਕੇ ਇਸ ਨੂੰ ਮੁੜ ਖੋਲ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਦੇ ਵਸਨੀਕਾਂ ਨੂੰ ਪੂਰੀ ਉਮੀਦ ਹੈ ਕਿ ਸੰਕਟ ਦੀ ਇਸ ਘੜੀ ਵਿੱਚ ਆਪ ਜੀ ਸਾਡੀ ਅਵਾਜ਼ ਨੂੰ ਕੇਂਦਰ ਸਰਕਾਰ ਤੱਕ ਜ਼ਰੂਰ ਪਹੁੰਚਾਉਗੇ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।