ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਫ਼ਤਹਿਗੜ੍ਹ ਸਾਹਿਬ
ਪਹਿਲੇ ਪੜਾਅ ਤਹਿਤ ਮੰਡੀ ਗੋਬਿੰਦਗੜ੍ਹ ਵਿਖੇ 50 ਕੈਮਰੇ ਲਗਾਉਣ ਦੀ ਪ੍ਰਕਿਰਿਆ ਸ਼ੁਰੂ
ਸ਼ਹਿਰ ਵਾਸੀਆਂ ਦੀ ਚਿਰਾਂ ਤੋਂ ਚੱਲੀ ਆ ਰਹੀ ਮੰਗ ਹੋਈ ਪੂਰੀ: ਵਿਧਾਇਕ ਗੈਰੀ ਬੜਿੰਗ
ਮੰਡੀ ਗੋਬਿੰਦਗੜ੍ਹ, 17 ਜੁਲਾਈ (ਪੰਜਾਬੀ ਖਬਰਨਾਮਾ ਬਿਊਰੋ ):
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਅਹਿਮ ਉਪਰਾਲੇ ਕਰ ਰਹੀ ਹੈ। ਇਸ ਲੜੀ ਤਹਿਤ ਅੱਜ ਅਮਲੋਹ ਤੋਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਦੀ ਮੌਜੂਦਗੀ ਵਿੱਚ ਮੰਡੀ ਗੋਬਿੰਦਗੜ੍ਹ ਦੇ ਸ਼ਹਿਰੀ ਹਿੱਸੇ ਵਿੱਚ 51.78 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਸੀ.ਸੀ.ਟੀ.ਵੀ ਕੈਮਰਿਆਂ ਦੇ ਪ੍ਰੋਜੈਕਟ ਦਾ ਰਸਮੀ ਆਗਾਜ਼ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਚਿਰਾਂ ਤੋਂ ਚੱਲੀ ਰਹੀ ਮੰਗ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਇਹ ਇੱਕ ਅਹਿਮ ਉਪਰਾਲਾ ਹੈ ਜਿਸ ਤਹਿਤ ਹੁਣ ਪੜਾਅਵਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਸ਼ਹਿਰ ਵਿੱਚ 50 ਅਤਿ ਆਧੁਨਿਕ ਤਕਨਾਲੋਜੀ ਵਾਲੇ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ ਜਿਨ੍ਹਾਂ ਵਿੱਚੋਂ 5 ਕੈਮਰੇ ਅਜਿਹੇ ਹਨ ਜਿਨ੍ਹਾਂ ਰਾਹੀਂ ਵਾਹਨਾਂ ਦੀ ਨੰਬਰ ਪਲੇਟ ਦੀ ਕਾਫ਼ੀ ਦੂਰੋਂ ਵੀ ਟਰੇਸਿੰਗ ਸੰਭਵ ਹੋ ਸਕੇਗੀ।
ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਜੁਰਮ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਿੱਚ ਇਹ ਕੈਮਰੇ ਮਦਦਗਾਰ ਸਾਬਤ ਹੋਣਗੇ ਅਤੇ ਲੋਕਾਂ ਨੂੰ ਅਣਸੁਖਾਵੀਆਂ ਘਟਨਾਵਾਂ ਤੋਂ ਰਾਹਤ ਮਹਿਸੂਸ ਹੋਵੇਗੀ। ਉਨ੍ਹਾਂ ਕਿਹਾ ਕਿ ਆਵਾਜਾਈ ਮੈਨੇਜਮੈਂਟ ਵਿੱਚ ਵੀ ਕੈਮਰਿਆਂ ਦਾ ਰੋਲ ਵਧੀਆ ਸਾਬਤ ਹੋਵੇਗਾ ਅਤੇ ਆਉਣ ਵਾਲੇ ਸਮੇਂ ਅੰਦਰ ਲੋਕਾਂ ਦੀ ਜ਼ਰੂਰਤ ਮੁਤਾਬਕ ਹੋਰ ਕੈਮਰੇ ਲਗਾਉਣ ਲਈ ਵੀ ਵਚਨਬੱਧ ਹਾਂ। ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਐਸ.ਐਸ.ਪੀ ਸ਼ੁਭਮ ਅਗਰਵਾਲ ਹੇਠ ਪੁਲਿਸ ਵੱਲੋਂ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਤਹਿਤ ਨਸ਼ਾਖੋਰੀ ਤੇ ਲੁੱਟ ਖੋਹ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਸਮੇਂ ਸਮੇਂ *ਤੇ ਦੁਕਾਨਦਾਰਾਂ, ਬੈਂਕਾਂ ਨੂੰ ਅਜਿਹੇ ਕੈਮਰੇ ਲਗਵਾਏ ਜਾਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਹੁਣ ਇਨ੍ਹਾਂ ਉਚ ਕੁਆਲਟੀ ਦੇ ਕੈਮਰਿਆਂ ਦੇ ਇੰਸਟਾਲ ਹੋਣ ਨਾਲ ਪੁਲਿਸ ਨੂੰ ਵੀ ਮਦਦ ਮਿਲੇਗੀ।
ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਇਹ ਅਹਿਮ ਉਪਰਾਲਾ ਕੀਤਾ ਗਿਆ ਹੈ ਜਿਸ ਨਾਲ ਕ੍ਰਾਈਮ ਨੂੰ ਰੋਕਣ ਵਿੱਚ ਮਦਦ ਮਿਲੇਗੀ ਅਤੇ ਸ਼ਹਿਰ ਵਾਸੀ ਵੱਡੀ ਰਾਹਤ ਮਹਿਸੂਸ ਕਰਨਗੇ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਸ਼ਹਿਰ ਦੇ ਬਾਹਰੀ ਹਿੱਸਿਆਂ ਵਿੱਚ ਵੀ ਅਜਿਹੇ ਕੈਮਰੇ ਲਗਵਾਏ ਜਾਣ ਲਈ ਲੋੜੀਂਦੇ ਕਦਮ ਪੁੱਟੇ ਜਾ ਰਹੇ ਹਨ। ਇਸ ਮੌਕੇ ਨਗਰ ਕੌਂਸਲ ਦੇ ਈਓ ਚੇਤਨ ਸ਼ਰਮਾ ਤੇ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਰਕਰ ਵੀ ਮੌਜੂਦ ਸਨ।