ਲਾਲੜੂ, 22 ਸਤੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) :
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਦੇ ਵਾਰਡ ਨੰਬਰ 7 ਅਤੇ ਵਾਰਡ ਨੰਬਰ 17 ਤੋਂ ਸੰਗਤਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਬੱਸਾਂ ਰਵਾਨਾ ਕੀਤੀਆਂ ਗਈਆਂ। ਇਸ ਮੌਕੇ ਯਾਤਰਾ ਦੀ ਸਫਲਤਾ ਅਤੇ ਸੰਗਤਾਂ ਦੀ ਸੁਖਦ ਯਾਤਰਾ ਲਈ ਅਰਦਾਸ ਵੀ ਕੀਤੀ ਗਈ।
ਇਸ ਮੌਕੇ ਵਾਰਡ ਨੰਬਰ 7 ਤੋਂ 145ਵੀਂ ਅਤੇ ਵਾਰਡ ਨੰਬਰ 17 ਤੋਂ 146ਵੀਂ ਅਤੇ 147ਵੀਂ ਬੱਸ ਰਾਹੀਂ ਸੰਗਤਾਂ ਨੂੰ ਯਾਤਰਾ ਲਈ ਰਵਾਨਾ ਕੀਤਾ ਗਿਆ। ਬੱਸਾਂ ਵਿੱਚ ਯਾਤਰੀਆਂ ਲਈ ਬੈਠਣ, ਪੀਣ ਵਾਲੇ ਪਾਣੀ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ। ਯਾਤਰਾ ਨੂੰ ਲੈ ਕੇ ਸੰਗਤਾਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਸੰਗਤਾਂ ਨੇ ਇਸ ਪਹਿਲਕਦਮੀ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯਾਤਰਾ ਰਾਹੀਂ ਉਨ੍ਹਾਂ ਨੂੰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਯੋਜਨਾਵਾਂ ਨਾਲ ਹਰ ਵਰਗ ਦੇ ਲੋਕਾਂ ਨੂੰ ਸੂਬੇ ਦੇ ਮਹੱਤਵਪੂਰਨ ਧਾਰਮਿਕ ਸਥਾਨਾਂ ਨਾਲ ਜੁੜਨ ਦਾ ਮੌਕਾ ਮਿਲਦਾ ਹੈ।
ਇਸ ਮੌਕੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਸੰਗਤਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਅਤੇ ਉਨ੍ਹਾਂ ਦੀ ਯਾਤਰਾ ਨੂੰ ਸੁਵਿਧਾਜਨਕ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਅਜਿਹੇ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ।
ਇਸ ਮੌਕੇ ਨਗਰ ਕੌਂਸਲ ਲਾਲੜੂ ਦੇ ਪ੍ਰਧਾਨ ਸ. ਜੋਰਾਵਰ ਸਿੰਘ, ਕੌਂਸਲਰ ਸ੍ਰੀਮਤੀ ਪੂਜਾ ਰਾਣੀ, ਸ੍ਰੀ ਬਿਕਰਮ ਸਿੰਘ, ਸ. ਪ੍ਰਦੀਪ ਸਿੰਘ ਮਨੀ ਰੰਗੀ ਸਮੇਤ ਹੋਰ ਆਗੂ ਅਤੇ ਪਤਵੰਤੇ ਹਾਜ਼ਰ ਸਨ।
