ਬਟਾਲਾ, 20 ਫਰਵਰੀ ( ਪੰਜਾਬੀ ਖ਼ਬਰਨਾਮਾ)
ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੋਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖਾਸ ਉਪਰਾਲੇ ਕਰ ਰਹੀ ਹੈ ਅਤੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁਲਿਤ ਹੋਇਆ ਹੈ। ਇਹ ਪ੍ਰਗਟਾਵਾ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਨਵਾਂ ਪਿੰਡ ਮਹਿਮਾਵਾਲ ਅਤੇ ਜੈ ਸ਼ੰਕਰ ਕ੍ਰਿਕਟ ਕਲੱਬ ਬਟਾਲਾ ਨੂੰ ਕ੍ਰਿਕਟ ਕਿੱਟਾਂ ਵੰਡਣ ਉਪਰੰਤ ਕੀਤਾ।
ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜਨ ਪਹਿਲੇ ਅਤੇ ਦੂਜੇ ਤਹਿਤ ਸੂਬੇ ਅੰਦਰ ਖਿਡਾਰੀਆਂ ਨੂੰ ਸ਼ਾਨਦਾਰ ਪਲੇਟਫਾਰਮ ਮੁਹੱਈਆ ਕਰਵਾਇਆ ਗਿਆ, ਜਿਸ ਵਿੱਚ ਹਜਾਰਾਂ ਦੀ ਗਿਣਤੀ ਵਿੱਚ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿੱਚ ਭਾਗ ਲਿਆ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਖਾਸ ਯਤਨ ਕੀਤੇ ਜਾ ਰਹੇ ਹਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਨੰਬਰ ਇੱਕ ਸੂਬਾ ਬਣਾਉਣ ਲਈ, ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਨੋਜਵਾਨਾਂ ਨੂੰ ਨਸ਼ਿਆਂ ਤੋਂ ਮੋੜ ਕੇ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਵੇ ਅਤੇ ਇਸ ਲਈ ਪੰਜਾਬ ਸਰਕਾਰ ਵਲੋਂ ਸਫਲ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ ਅਤੇ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਨਗਦ ਇਨਾਮ ਅਤੇ ਨੌਕਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ।