ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ,ਬਟਾਲਾ।
ਵਿਧਾਇਕ ਸ਼ੈਰੀ ਕਲਸੀ ਨੇ ਨਗਰ ਨਿਗਮ ਦਫਤਰ ਪਹੁੰਚੇ-ਲੋਕ ਮਿਲਣੀ ਦੌਰਾਨ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ
ਕਿਹਾ-ਬਟਾਲਾ ਸ਼ਹਿਰ ਅੰਦਰ ਲੋਕਹਿੱਤ ਵਿੱਚ ਕਰਵਾਏ ਗਏ ਵੱਖ ਵੱਖ ਵਿਕਾਸ ਕਾਰਜ
ਬਟਾਲਾ, 24 ਫਰਵਰੀ (ਪੰਜਾਬੀ ਖਬਰਨਾਮਾ ਬਿਊਰੋ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨਗਰ ਨਿਗਮ ਬਟਾਲਾ ਦਫਤਰ ਪਹੁੰਚੇ ਅਤੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਚਹੁਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਵਾਸੀਆਂ ਨੇ ਜੋ ਜ਼ਿੰਮੇਵਾਰੀ ਉਨਾਂ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਿਲ ਕੇ ਉਨਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਉਹ ਖੁਦ ਲੋਕਾਂ ਨੂੰ ਮਿਲਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ ਅਤੇ ਬਟਾਲਾ ਸ਼ਹਿਰ ਅੰਦਰ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਵਿਕਾਸ ਕਾਰਜ ਨਿਰੰਤਰ ਜਾਰੀ ਹਨ।
ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖਾਂ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਦੱਸਿਆ ਕਿ ਬਟਾਲਾ ਸਮੇਤ ਜਿਲ੍ਹੇ ਗੁਰਦਾਸਪੁਰ ਵਿੱਚ ਸਿਹਤ ਯੋਜਨਾ ਤਹਿਤ ਹੈਲਥ ਕਾਰਡ ਬਨਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ।
ਉਨ੍ਹਾਂ ਦੱਸਿਆ ਕਿ ਸਿਹਤ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ।
