ਜ਼ੀਰਕਪੁਰ 20 ਮਈ 2026 (ਪੰਜਾਬੀ ਖਬਰਨਾਮਾ ਬਿਊਰੋ) : ਈ-ਫਾਰਮੇਸੀ ਪ੍ਰਣਾਲੀ ਦੇ ਵਿਰੋਧ ਵਿੱਚ ਅੱਜ (20 ਮਈ) ਦੇਸ਼ ਭਰ ਵਿੱਚ ਦਵਾਈ ਵਿਕਰੇਤਾਵਾਂ ਵੱਲੋਂ ਰਾਸ਼ਟਰਵਿਆਪੀ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੇ ਮੱਦੇਨਜ਼ਰ ਜ਼ੀਰਕਪੁਰ ਸਮੇਤ ਮੁਹਾਲੀ ਜ਼ਿਲ੍ਹੇ ਦੇ ਵੱਖ-ਵੱਖ ਕਸਬਿਆਂ ਵਿੱਚ ਮੈਡੀਕਲ ਸਟੋਰ ਬੰਦ ਰਹਿਣਗੇ।

ਇਹ ਬੰਦ ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ ਕੈਮਿਸਟ ਐਂਡ ਡਰੱਗਿਸਟਸ (ਏਆਈਓਸੀਡੀ) ਅਤੇ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੱਦੇ ’ਤੇ ਕੀਤਾ ਜਾ ਰਿਹਾ ਹੈ। ਜ਼ੀਰਕਪੁਰ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਪੁਨੀਤ ਕੁਮਾਰ ਅਤੇ ਜਨਰਲ ਸਕੱਤਰ ਰਾਜੀਵ ਚਾਟਲੀ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਈ-ਫਾਰਮੇਸੀ ਪ੍ਰਣਾਲੀ ਲੋਕ ਸਿਹਤ ਅਤੇ ਮਰੀਜ਼ਾਂ ਦੀ ਸੁਰੱਖਿਆ ਲਈ ਗੰਭੀਰ ਚੁਣੌਤੀ ਬਣਦੀ ਜਾ ਰਹੀ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਆਨਲਾਈਨ ਦਵਾਈ ਵਿਕਰੀ ਕਾਰਨ ਜਾਅਲੀ ਅਤੇ ਅਪ੍ਰਮਾਣਿਤ ਪਰਚਿਆਂ ’ਤੇ ਦਵਾਈਆਂ ਦੀ ਉਪਲਬਧਤਾ ਵਧ ਰਹੀ ਹੈ, ਜਿਸ ਨਾਲ ਨਸ਼ੀਲੀਆਂ ਦਵਾਈਆਂ ਅਤੇ ਐਂਟੀਬਾਇਓਟਿਕਸ ਦੇ ਦੁਰਵਰਤੋਂ ਦਾ ਖ਼ਤਰਾ ਵੀ ਵਧਿਆ ਹੈ। ਐਸੋਸੀਏਸ਼ਨ ਅਨੁਸਾਰ ਆਨਲਾਈਨ ਪਲੇਟਫਾਰਮਾਂ ’ਤੇ ਫਾਰਮਾਸਿਸਟ ਅਤੇ ਮਰੀਜ਼ ਦਰਮਿਆਨ ਸਿੱਧਾ ਸੰਪਰਕ ਖ਼ਤਮ ਹੋ ਜਾਂਦਾ ਹੈ, ਜਿਸ ਕਾਰਨ ਗਲਤ ਦਵਾਈ ਮਿਲਣ ਜਾਂ ਨਕਲੀ ਅਤੇ ਘਟੀਆ ਗੁਣਵੱਤਾ ਵਾਲੀਆਂ ਦਵਾਈਆਂ ਬਾਜ਼ਾਰ ਵਿੱਚ ਪਹੁੰਚਣ ਦੀ ਸੰਭਾਵਨਾ ਵਧ ਜਾਂਦੀ ਹੈ।

ਪੁਨੀਤ ਕੁਮਾਰ ਅਤੇ ਰਾਜੀਵ ਚਾਟਲੀ ਨੇ ਦੋਸ਼ ਲਾਇਆ ਕਿ ਵੱਡੇ ਕਾਰਪੋਰੇਟ ਘਰਾਣੇ ਭਾਰੀ ਛੋਟਾਂ ਅਤੇ ਗੈਰ-ਨਿਯਮਿਤ ਕੀਮਤ ਨੀਤੀਆਂ ਰਾਹੀਂ ਦਵਾਈ ਬਾਜ਼ਾਰ ਦਾ ਸੰਤੁਲਨ ਵਿਗਾੜ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕਾਰਨ ਛੋਟੇ ਦਵਾਈ ਵਿਕਰੇਤਾਵਾਂ ਦੇ ਕਾਰੋਬਾਰ ਅਤੇ ਉਨ੍ਹਾਂ ਦੀ ਆਜੀਵਿਕਾ ’ਤੇ ਗੰਭੀਰ ਅਸਰ ਪੈ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਭਰ ਵਿੱਚ ਲੱਖਾਂ ਪਰਿਵਾਰ ਇਸ ਕਾਰੋਬਾਰ ਨਾਲ ਜੁੜੇ ਹੋਏ ਹਨ, ਜਿਨ੍ਹਾਂ ਦੇ ਭਵਿੱਖ ’ਤੇ ਸਵਾਲ ਖੜ੍ਹੇ ਹੋ ਰਹੇ ਹਨ।

ਐਸੋਸੀਏਸ਼ਨ ਨੇ ਕੇਂਦਰ ਸਰਕਾਰ ਤੋਂ ਜੀਐੱਸਆਰ 220(ਈ) ਅਤੇ ਜੀਐੱਸਆਰ 817(ਈ) ਸਬੰਧੀ ਜਾਰੀ ਨੋਟੀਫਿਕੇਸ਼ਨਾਂ ਨੂੰ ਤੁਰੰਤ ਵਾਪਸ ਲੈਣ ਅਤੇ ਕਥਿਤ ਗੈਰ-ਕਾਨੂੰਨੀ ਈ-ਫਾਰਮੇਸੀ ਗਤੀਵਿਧੀਆਂ ’ਤੇ ਸਖ਼ਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਆਗੂਆਂ ਨੇ ਕਿਹਾ ਕਿ ਦਵਾਈ ਕੋਈ ਆਮ ਵਸਤੂ ਨਹੀਂ, ਸਗੋਂ ਮਨੁੱਖੀ ਜੀਵਨ ਅਤੇ ਸੁਰੱਖਿਆ ਨਾਲ ਜੁੜਿਆ ਸੰਵੇਦਨਸ਼ੀਲ ਮਾਮਲਾ ਹੈ।।ਜ਼ੀਰਕਪੁਰ ਕੈਮਿਸਟ ਐਸੋਸੀਏਸ਼ਨ ਨੇ ਸਾਰੇ ਦਵਾਈ ਵਿਕਰੇਤਾਵਾਂ ਨੂੰ ਬੰਦ ਵਿੱਚ ਸ਼ਮੂਲੀਅਤ ਕਰਕੇ ਇਸ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।