ਜਲੰਧਰ, 5 ਮਾਰਚ (ਪੰਜਾਬੀ ਖਬਰਨਾਮਾ) :ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਨੂੰ ਪੀ.ਏ.ਪੀ.ਚੌਕ ਵਿਖੇ ਜਲਦ ਤੋਂ ਜਲਦ ਸਰਵੇਖਣ ਮੁਕੰਮਲ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਜਲੰਧਰ ਸ਼ਹਿਰ ਤੋਂ ਅੰਮ੍ਰਿਤਸਰ ਵੱਲ ਜਾਣ ਵਾਲੇ ਯਾਤਰੀਆਂ ਦੀ ਸਹੂਲਤ ਲਈ ਇੱਥੇ ‘ਅਡੀਸ਼ਨਲ ਅਟੈਚਮੈਂਟ’ ਦਾ ਨਿਰਮਾਣ ਕੀਤਾ ਜਾ ਸਕੇ।
ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਟ੍ਰੈਫਿਕ ਮਾਹਰਾਂ, ਲੋਕ ਨਿਰਮਾਣ ਵਿਭਾਗ ਅਤੇ ਰੇਲਵੇ ਨਾਲ ਸਾਂਝਾ ਸਰਵੇਖਣ ਕਰਕੇ ਜਲਦ ਰਿਪੋਰਟ ਦੇਣ ਲਈ ਕਿਹਾ ਤਾਂ ਜੋ ਇੱਥੇ ਇਸ ਅਡੀਸ਼ਨਲ ਅਟੈਚਮੈਂਟ ਦਾ ਨਿਰਮਾਣ ਕੀਤਾ ਜਾ ਸਕੇ।
ਸ੍ਰੀ ਸਾਰੰਗਲ ਨੇ ਅੱਗੇ ਦੱਸਿਆ ਕਿ ਸ਼ਹਿਰ ਲੋਕਾਂ ਅਤੇ ਰਾਹਗੀਰਾਂ ਨੂੰ ਅੰਮ੍ਰਿਤਸਰ ਰੋਡ ’ਤੇ ਜਾਣ ਸਮੇਂ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਉਨ੍ਹਾਂ ਨੂੰ ਰਾਮਾ ਮੰਡੀ ਤੋਂ ਘੁੰਮ ਕੇ ਆਉਣਾ ਪੈਂਦਾ ਹੈ।
ਡਿਪਟੀ ਕਮਿਸ਼ਨਰ ਨੇ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਸਾਈਟ ਦਾ ਦੌਰਾ ਕਰਕੇ ਇਸ ਸਰਵੇਖਣ ਨੂੰ ਜਲਦ ਤੋਂ ਜਲਦ ਪੂਰਾ ਕਰਨ ਲਈ ਕਿਹਾ।
ਉਨ੍ਹਾਂ ਅਡੀਸ਼ਨਲ ਅਟੈਚਮੈਂਟ ਦੀ ਜ਼ਰੂਰਤ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਦੇ ਨਾਲ ਸਭ ਤੋਂ ਵੱਧ ਰੁਝੇਵੇਂ ਵਾਲੇ ਇਸ ਚੌਕ ’ਚ ਵੱਡੀ ਗਿਣਤੀ ਵਿੱਚ ਯਾਤਰੀਆਂ ਨੂੰ ਸਹੂਲਤ ਹੋਵੇਗੀ। ਉਨ੍ਹਾਂ ਕਿਹਾ ਕਿ ਕਈ ਰਾਜਾਂ ਦੇ ਯਾਤਰੀ ਆਪਣੀ ਮੰਜ਼ਿਲ ਵੱਲ ਜਾਣ ਲਈ ਪੀ.ਏ.ਪੀ. ਚੌਕ ਤੋਂ ਲੰਘਦੇ ਹਨ।
ਜ਼ਿਕਰਯੋਗ ਹੈ ਕਿ ਸ਼ਹਿਰ ਵਾਲੇ ਪਾਸੇ ਤੋਂ ਆਉਣ ਵਾਲੇ ਯਾਤਰੀ ਅੰਮ੍ਰਿਤਸਰ ਰੋਡ ਵੱਲ ਜਾਣ ਲਈ ਰਾਮਾਂ ਮੰਡੀ ਚੌਕ ਵੱਲ ਜਾਂਦੇ ਹਨ, ਜਿਸ ਕਰਕੇ ਸਵਾਰੀਆਂ ਦਾ ਕੀਮਤੀ ਸਮਾਂ ਬਰਬਾਦ ਹੁੰਦਾ ਹੈ।
ਸ੍ਰੀ ਸਾਰੰਗਲ ਨੇ ਕਿਹਾ ਕਿ ਅਡੀਸ਼ਨਲ ਅਟੈਚਮੈਂਟ ਪੀ.ਏ.ਪੀ. ਫਲਾਈਓਵਰ ‘ਤੇ ਸਿੱਧੀ ਪਹੁੰਚ ਪ੍ਰਦਾਨ ਕਰੇਗੀ ਅਤੇ ਯਾਤਰੀਆਂ ਨੂੰ ਅੰਮ੍ਰਿਤਸਰ ਰੋਡ ‘ਤੇ ਜਾਣ ਲਈ ਰਾਮਾ ਮੰਡੀ ਚੌਕ ਜਾਣ ਦੀ ਲੋੜ ਨਹੀਂ ਪਵੇਗੀ।
ਜ਼ਿਕਰਯੋਗ ਹੈ ਕਿ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਵੱਲੋਂ ਪਹਿਲਾਂ ਪੀ.ਏ.ਪੀ. ਚੌਂਕ ਦਾ ਦੌਰਾ ਕੀਤਾ ਗਿਆ ਸੀ, ਜਿੱਥੇ ਉਨ੍ਹਾਂ ਵੱਲੋਂ ਸਥਾਨਕ ਪ੍ਰਸ਼ਾਸ਼ਨ ਨੂੰ ਪੀ.ਏ.ਪੀ. ਚੌਕ ਵਿਖੇ ਯਾਤਰੀਆਂ ਦੀ ਸਹੂਲਤ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਇਸ ਅਡੀਸ਼ਨਲ ਅਟੈਚਮੈਂਟ ਲਈ ਤਜਵੀਜ਼ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।