ਅੰਮ੍ਰਿਤਸਰ, 17 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਨਾਨਕਸ਼ਾਹੀ ਕੈਲੰਡਰ ਸੰਮਤ 557 ਮੁਤਾਬਕ 13 ਪੋਹ 27 ਦਸੰਬਰ ਨੂੰ ਪੋਹ ਸੁਦੀ 7 ਮੁਤਾਬਕ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਵੀ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਹੀ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਕਮੇਟੀ, ਤਖਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕ ਕਮੇਟੀ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਵੱਡੀਆਂ ਜਥੇਬੰਦੀਆਂ 27 ਦਸੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣਗੀਆਂ।
ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਵੱਡੇ ਪੱਧਰ ‘ਤੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮਨਾਏ ਜਾਂਦੇ ਹਨ। ਪਿਛਲੇ ਕਈ ਸਾਲਾਂ ਤੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਪੰਦਰਵਾੜਾ ਵੀ ਮਨਾਇਆ ਜਾਂਦਾ ਹੈ, ਜਿਸ ਵਿਚ ਸੰਗਤ ਨੂੰ ਖੁਸ਼ੀ ਦੇ ਸਮਾਗਮ ਨਾ ਕਰਨ ਲਈ ਵੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਦੇਸ਼ ਜਾਰੀ ਹੁੰਦੇ ਹਨ। ਇਸ ਸਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਵੀ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਆਉਣ ’ਤੇ ਸਿੱਖ ਸੰਸਥਾਵਾਂ, ਜਥੇਬੰਦੀਆਂ, ਸਭਾ ਸੁਸਾਇਟੀਆਂ, ਪ੍ਰਬੰਧਕ ਕਮੇਟੀਆਂ, ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਤਰੀਕ ਕਿਸੇ ਹੋਰ ਦਿਨ ਤੈਅ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਲਿਖਤੀ ਰੂਪ ਵਿਚ ਵੱਡੇ ਪੱਧਰ ‘ਤੇ ਭੇਜਿਆ ਗਿਆ ਸੀ, ਜਿਸ ਤੋਂ ਬਾਅਦ 8 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਨਾਨਕਸ਼ਾਹੀ ਕੈਲੰਡਰ ਵਿਚ ਬਦਲ ਨਾ ਕਰਦਿਆਂ ਸੰਗਤ ਨੂੰ ਆਪਣੀ ਸਹੂਲਤ ਅਨੁਸਾਰ ਸਮਾਗਮ ਕਰਨ ਦੇ ਹੁਕਮ ਜਾਰੀ ਕੀਤੇ ਸਨ।
ਹੁਣ ਉਕਤ ਕਮੇਟੀਆਂ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਨਾਨਕਸ਼ਾਹੀ ਕੈਲੰਡਰ ਸੰਮਤ 557 ਮੁਤਾਬਕ 13 ਪੋਹ 27 ਦਸੰਬਰ ਨੂੰ ਪੋਹ ਸੁਦੀ 7 ਮੁਤਾਬਕ ਹੀ ਮਨਾਉਣ ਦੀਆਂ ਤਿਆਰੀ ਕਰ ਲਈਆਂ ਹਨ, ਜਿਸ ਮੁਤਾਬਕ 26 ਦਸੰਬਰ ਨੂੰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਅਸਥਾਨ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਸਿੱਖਾਂ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਦਿ ਵੱਲੋਂ ਨਗਰ ਕੀਰਤਨ ਵੀ ਸਜਾਏ ਜਾ ਰਹੇ ਹਨ।
