8 ਅਕਤੂਬਰ 2024 :ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਆਖ਼ਰੀ ਗੇੜ ਵਿੱਚ ਆੜ੍ਹਤੀਆਂ ਨੂੰ ਰਜ਼ਾਮੰਦ ਕੀਤੇ ਜਾਣ ਮਗਰੋਂ ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਹੋ ਗਿਆ ਹੈ। ਮੁੱਖ ਮੰਤਰੀ ਨਾਲ ਆੜ੍ਹਤੀਆਂ ਦੀ ਅੱਜ ਕਾਫ਼ੀ ਲੰਬੀ ਮੀਟਿੰਗ ਹੋਈ, ਜਿਸ ਵਿੱਚ ਮੁੱਖ ਮੰਤਰੀ ਨੇ ਆੜ੍ਹਤੀਆਂ ਦਾ ਮਾਮਲਾ ਕੇਂਦਰ ਸਰਕਾਰ ਕੋਲ ਉਠਾਉਣ ਦਾ ਭਰੋਸਾ ਦਿੱਤਾ। ਆੜ੍ਹਤੀਆਂ ਨੇ ਅੱਜ ਹੜਤਾਲ ਖ਼ਤਮ ਕਰ ਕੇ ਭਲਕ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ। ਆੜ੍ਹਤੀਆਂ ਨੇ ਪਹਿਲਾਂ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਮੰਗਲਵਾਰ ਤੋਂ ਮੰਡੀਆਂ ਨੂੰ ਤਾਲੇ ਲਾਉਣ ਦੀ ਚਿਤਾਵਨੀ ਦਿੱਤੀ ਸੀ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਅੱਜ ਇੱਥੇ ਮੀਟਿੰਗ ਲਈ ਪੁੱਜੇ ਹੋਏ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਉਹ ਉਦੋਂ ਤੱਕ ਵਾਪਸ ਨਹੀਂ ਜਾਣਗੇ ਜਦੋਂ ਤੱਕ ਕਿ ਝੋਨੇ ਦੀ ਖ਼ਰੀਦ ਸ਼ੁਰੂ ਨਹੀਂ ਹੁੰਦੀ। ਅਜਿਹੇ ਮਾਹੌਲ ਵਿੱਚ ਡਿਪਟੀ ਕਮਿਸ਼ਨਰਾਂ ਨੇ ਫ਼ੌਰੀ ਮੰਡੀਆਂ ਵਿੱਚ ਜਾ ਕੇ ਖ਼ਰੀਦ ਦਾ ਕੰਮ ਸ਼ੁਰੂ ਕਰਵਾਇਆ। ਸ਼ੈਲਰ ਮਾਲਕਾਂ ਨੇ ਪਹਿਲਾਂ ਹੀ ਆਪਣੀ ਹੜਤਾਲ ਵਾਪਸ ਲੈ ਲਈ ਸੀ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਨੇ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਹੈ ਕਿ ਜੇ ਕੇਂਦਰ ਸਰਕਾਰ ਨੇ ਘੱਟੋ- ਘੱਟ ਸਮਰਥਨ ਮੁੱਲ ਦੇ ਢਾਈ ਫ਼ੀਸਦੀ ਕਮਿਸ਼ਨ ਨੂੰ ਬਹਾਲ ਕਰਨ ਦੀ ਮੰਗ ਨਾ ਸਵੀਕਾਰੀ ਤਾਂ ਰਾਜ ਸਰਕਾਰ ਇਸ ਰਕਮ ਨੂੰ ਕਵਰ ਕਰੇਗੀ। ਆੜ੍ਹਤੀਆਂ ਨੂੰ ਪਹਿਲਾਂ ਕੇਂਦਰ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ’ਤੇ ਢਾਈ ਫ਼ੀਸਦ ਆੜ੍ਹਤ ਦਿੱਤੀ ਜਾਂਦੀ ਸੀ ਪ੍ਰੰਤੂ ਸਾਲ 2020 ਵਿੱਚ ਕੇਂਦਰ ਨੇ ਪ੍ਰਤੀ ਕੁਇੰਟਲ ਪਿੱਛੇ 46 ਰੁਪਏ ਆੜ੍ਹਤ ਤੈਅ ਕਰ ਦਿੱਤੀ ਸੀ। ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਨੇ ਕਿਹਾ ਕਿ ਭਲਕ ਤੋਂ ਖ਼ਰੀਦ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰੀ ਦਰਾਂ ਦਾ ਮਸਲਾ ਵੀ ਹੱਲ ਕਰਨ ਦੀ ਲੋੜ ਹੈ। ਦੂਜੇ ਬੰਨ੍ਹੇ ਰਵਿੰਦਰ ਸਿੰਘ ਚੀਮਾ ਦੀ ਅਗਵਾਈ ਵਾਲੀ ਆੜ੍ਹਤੀਆ ਯੂਨੀਅਨ ਜਿਸ ਨੂੰ ਅੱਜ ਦੀ ਮੀਟਿੰਗ ਵਿੱਚ ਸੱਦਿਆ ਨਹੀਂ ਗਿਆ ਸੀ, ਨੇ ਹੜਤਾਲ ਜਾਰੀ ਰੱਖਣ ਦਾ ਫ਼ੈਸਲਾ ਲਿਆ ਹੈ।