21 ਅਪ੍ਰੈਲ 2026 (ਪੰਜਾਬੀ ਖਬਰਨਾਮਾ ਬਿਊਰੋ) : ਲੁਧਿਆਣਾ ਵਿੱਚ ਇੱਕ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਗ਼ਮ ਵਿੱਚ ਬਦਲ ਗਈਆਂ ਜਦੋਂ ਦੋ ਧਿਰਾਂ ਵਿਚਾਲੇ ਹੋਈ ਹਿੰਸਕ ਝੜਪ ਵਿੱਚ ਚਾਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਸ ਲੜਾਈ ਦੌਰਾਨ ਇੱਕ ਵਿਅਕਤੀ ਨੂੰ ਗੋਲੀ ਲੱਗੀ ਹੈ, ਜਦੋਂਕਿ ਤਿੰਨ ਹੋਰਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਜ਼ਖ਼ਮੀਆਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਥਾਣਾ ਡਿਵੀਜ਼ਨ ਨੰਬਰ 2 ਦੇ ਜਾਂਚ ਅਧਿਕਾਰੀ ਸਬ-ਇੰਸਪੈਕਟਰ ਜਸਬੀਰ ਸਿੰਘ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਤੜਕੇ ਕਰੀਬ 3 ਵਜੇ ਵਾਪਰੀ।

ਕੋਚਰ ਮਾਰਕੀਟ ਨੇੜੇ ਇੱਕ ਵਿਆਹ ਸਮਾਗਮ ਦੌਰਾਨ ਦੋ ਧਿਰਾਂ ਵਿੱਚ ਮਾਮੂਲੀ ਗੱਲ ਨੂੰ ਲੈ ਕੇ ਬਹਿਸ ਹੋ ਗਈ, ਜੋ ਦੇਖਦਿਆਂ ਹੀ ਦੇਖਦਿਆਂ ਖੂਨੀ ਸੰਘਰਸ਼ ਵਿੱਚ ਬਦਲ ਗਈ। ਪਹਿਲਾਂ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਲਹੂ-ਲੁਹਾਨ ਕਰ ਦਿੱਤਾ ਗਿਆ। ਜਦੋਂ ਜ਼ਖ਼ਮੀ ਹਾਲਤ ਵਿੱਚ ਇਹ ਲੋਕ ਸਿਵਲ ਹਸਪਤਾਲ ਜਾ ਰਹੇ ਸਨ, ਤਾਂ ਦੂਜੀ ਧਿਰ ਨੇ ਉਨ੍ਹਾਂ ਨੂੰ ਫਿਰ ਘੇਰ ਲਿਆ। ਇਸ ਦੌਰਾਨ ਹੋਈ ਗੋਲੀਬਾਰੀ ਵਿੱਚ ਧਰਮਿੰਦਰ ਨਾਮਕ ਵਿਅਕਤੀ ਦੀ ਲੱਤ ਵਿੱਚ ਗੋਲੀ ਲੱਗ ਗਈ।

ਜਨਕਪੁਰੀ ਪੁਲੀਸ ਚੌਕੀ ਦੇ ਇੰਚਾਰਜ ਏ.ਐੱਸ.ਆਈ. ਧਰਮਿੰਦਰ ਕੁਮਾਰ ਨੇ ਦੱਸਿਆ ਕਿ ਸਿਵਲ ਹਸਪਤਾਲ ਨੇੜੇ ਕਰੀਬ ਤਿੰਨ ਰਾਉਂਡ ਫਾਇਰ ਕੀਤੇ ਗਏ। ਉਨ੍ਹਾਂ ਦੱਸਿਆ ਕਿ ਲੜਾਈ ਵਿੱਚ ਸ਼ਾਮਲ ਲੋਕ ਆਪਸ ਵਿੱਚ ਗੁਆਂਢੀ ਹਨ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਵਾਰਦਾਤ ਵਿੱਚ ਵਰਤਿਆ ਗਿਆ ਹਥਿਆਰ ਲਾਇਸੰਸੀ ਹੋ ਸਕਦਾ ਹੈ ਪਰ ਇਸ ਦੀ ਪੁਸ਼ਟੀ ਹਥਿਆਰ ਦੀ ਬਰਾਮਦਗੀ ਤੋਂ ਬਾਅਦ ਹੀ ਹੋਵੇਗੀ।

ਪੁਲੀਸ ਨੇ ਸਪੱਸ਼ਟ ਕੀਤਾ ਹੈ ਕਿ ਇਹ ਕੋਈ ਗੈਂਗਵਾਰ ਨਹੀਂ ਸੀ। ਸਬ-ਇੰਸਪੈਕਟਰ ਜਸਬੀਰ ਸਿੰਘ ਅਨੁਸਾਰ ਦੋਵੇਂ ਧਿਰਾਂ ਸ਼ਰਾਬ ਦੇ ਨਸ਼ੇ ਵਿੱਚ ਸਨ ਅਤੇ ਮਾਮੂਲੀ ਤਕਰਾਰ ਤੋਂ ਬਾਅਦ ਹਾਲਾਤ ਵਿਗੜ ਗਏ। ਪੁਲੀਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।