ਲੁਧਿਆਣਾ 18 ਸਤੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੀਏਯੂ ਦੇ ਕਿਸਾਨ ਮੇਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਗਾਂਹ ਵਧੂ ਕਿਸਾਨਾਂ ਦਾ ਸਨਮਾਨ ਕੀਤਾ ਗਿਆ, ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦਾ ਖੇਤੀ ਮੇਲਾ ਕਿਸਾਨਾਂ ਲਈ ਚਾਨਣ ਮੁਨਾਰੇ ਵਾਂਗ ਕੰਮ ਕਰ ਰਿਹਾ ਹੈ ਅਤੇ ਖੇਤੀ ਨੂੰ ਆਧੁਨਿਕ ਵਿਗਿਆਨ ਨਾਲ ਜੋੜਨ ’ਚ ਯੂਨੀਵਰਸਿਟੀ ਦੀ ਅਹਿਮ ਭੂਮਿਕਾ ਹੈ। ਇਹ ਗੱਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੇਤੀ ਮੇਲੇ ਦੌਰਾਨ ਸੰਬੋਧਨ ਕਰਦਿਆਂ ਕਹੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਪਰ ਪਿਛਲੇ ਸਮੇਂ ਦੌਰਾਨ ਖੇਤੀ ਨੂੰ ਕਈ ਵਾਰ ਮਜਬੂਰੀ ਦਾ ਧੰਦਾ ਸਮਝਿਆ ਜਾਣ ਲੱਗਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਰੰਪਰਾ ਵਿੱਚ ਖੇਤੀ ਨੂੰ ਉੱਤਮ ਦਰਜਾ ਦਿੱਤਾ ਗਿਆ ਹੈ, ਇਸ ਲਈ ਖੇਤੀ ਨੂੰ ਮੁੜ ਸਨਮਾਨ ਅਤੇ ਪੇਸ਼ੇਵਰ ਰੂਪ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਬਹੁਤ ਸਾਰੇ ਲੋਕਾਂ ਨੇ ਖੇਤੀ ਨੂੰ ਸ਼ੌਕ ਤੋਂ ਅੱਗੇ ਵਧਾ ਕੇ ਪੇਸ਼ੇ ਵਜੋਂ ਅਪਣਾਇਆ ਹੈ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਨਵੇਂ ਬੀਜਾਂ, ਖਾਦਾਂ, ਕੀਟਨਾਸ਼ਕਾਂ ਅਤੇ ਖੇਤੀ ਤਕਨੀਕਾਂ ਸਬੰਧੀ ਲਗਾਤਾਰ ਖੋਜ ਕੀਤੀ ਜਾ ਰਹੀ ਹੈ। ਅੱਜ ਦੇ ਵਿਗਿਆਨਕ ਯੁੱਗ ’ਚ ਖੇਤੀ ਸਿਰਫ਼ ਖੇਤ ’ਚ ਪਾਣੀ ਲਾਉਣ ਜਾਂ ਫ਼ਸਲ ਬੀਜਣ ਤੱਕ ਸੀਮਤ ਨਹੀਂ ਰਹੀ, ਸਗੋਂ ਹਰ ਬੂਟੇ ਅਤੇ ਪੱਤੇ ਦੀ ਲੋੜ ਨੂੰ ਸਮਝ ਕੇ ਖੇਤੀ ਕਰਨ ਦੀ ਜ਼ਰੂਰਤ ਹੈ।
ਉਨ੍ਹਾਂ ਕਿਹਾ ਕਿ ਖੇਤੀ ਮੇਲੇ ’ਚ ਲੱਗੇ ਵੱਖ-ਵੱਖ ਸਟਾਲਾਂ ’ਤੇ ਨਵੇਂ ਬੀਜਾਂ, ਫ਼ਸਲਾਂ ਅਤੇ ਖੇਤੀ ਉਤਪਾਦਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਮੱਕੀ, ਬਾਜਰਾ, ਸਰ੍ਹੋਂ, ਕਮਾਦ, ਕਪਾਹ ਸਮੇਤ ਵੱਖ-ਵੱਖ ਫ਼ਸਲਾਂ ਅਤੇ ਉਨ੍ਹਾਂ ਨਾਲ ਸਬੰਧਤ ਤਕਨੀਕਾਂ ਕਿਸਾਨਾਂ ਲਈ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਹਨ।
ਮੁੱਖ ਮੰਤਰੀ ਨੇ ਪਾਣੀ ਦੀ ਸੰਭਾਲ ਨੂੰ ਪੰਜਾਬ ਦੀ ਖੇਤੀ ਦਾ ਅਹਿਮ ਮੁੱਦਾ ਦੱਸਦਿਆਂ ਕਿਹਾ ਕਿ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਅਤੇ ਖੇਤਾਂ ਤੱਕ ਪਾਣੀ ਪਹੁੰਚਾਉਣ ਲਈ ਪਾਈਪਲਾਈਨਾਂ ਵਿਛਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅਨੁਸਾਰ ਇਸ ਨਾਲ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾਉਣ ਅਤੇ ਪਾਣੀ ਦੇ ਪੱਧਰ ਨੂੰ ਸੁਧਾਰਨ ਵਿੱਚ ਮਦਦ ਮਿਲ ਰਹੀ ਹੈ।
ਉਨ੍ਹਾਂ ਕਿਹਾ ਕਿ ਖੇਤੀ ਵਿੱਚ ਕੀਟਨਾਸ਼ਕਾਂ ਦੀ ਬੇਲੋੜੀ ਵਰਤੋਂ ਤੋਂ ਬਚਣਾ ਚਾਹੀਦਾ ਹੈ ਅਤੇ ਕਿਸੇ ਵੀ ਦਵਾਈ ਦੀ ਵਰਤੋਂ ਯੂਨੀਵਰਸਿਟੀ ਦੇ ਮਾਹਿਰਾਂ ਦੀ ਸਿਫ਼ਾਰਸ਼ ਅਨੁਸਾਰ ਹੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਪਰਖ ਕਰਵਾਉਣ ਅਤੇ ਖਾਦਾਂ ਤੇ ਸਪਰੇਅ ਦਾ ਖਰਚਾ ਘਟਾਉਣ ਲਈ ਵਿਗਿਆਨਕ ਤਰੀਕੇ ਅਪਣਾਉਣ ਦੀ ਅਪੀਲ ਕੀਤੀ।
ਪਰਾਲੀ ਪ੍ਰਬੰਧਨ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਵੀ ਪਰਾਲੀ ਨੂੰ ਅੱਗ ਨਹੀਂ ਲਾਉਣਾ ਚਾਹੁੰਦਾ ਪਰ ਇਸ ਲਈ ਵਿਹਾਰਕ ਅਤੇ ਆਰਥਿਕ ਹੱਲ ਦੇਣੇ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਪਰਾਲੀ ਤੋਂ ਬਾਇਓਗੈਸ ਅਤੇ ਹੋਰ ਉਤਪਾਦ ਤਿਆਰ ਕਰਨ ਵਾਲੇ ਉਦਯੋਗਾਂ ਨਾਲ ਕਿਸਾਨਾਂ ਲਈ ਰੁਜ਼ਗਾਰ ਅਤੇ ਵਾਤਾਵਰਣ ਸੰਭਾਲ ਦੇ ਨਵੇਂ ਮੌਕੇ ਪੈਦਾ ਹੋ ਸਕਦੇ ਹਨ।
ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਧਰਨਿਆਂ ਦੀ ਥਾਂ ਗੱਲਬਾਤ ਅਤੇ ਮੀਟਿੰਗਾਂ ਰਾਹੀਂ ਮਸਲੇ ਹੱਲ ਕਰਨ ਨੂੰ ਤਰਜੀਹ ਦੇਣ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ’ਤੇ ਗੱਲਬਾਤ ਲਈ ਤਿਆਰ ਹੈ ਅਤੇ ਖੇਤੀ ਨੂੰ ਆਧੁਨਿਕ, ਵਿਗਿਆਨਕ ਅਤੇ ਟਿਕਾਊ ਬਣਾਉਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਖੋਜ ਅਤੇ ਮਾਹਿਰਾਂ ਦੀ ਭੂਮਿਕਾ ਹੋਰ ਮਜ਼ਬੂਤ ਕੀਤੀ ਜਾਵੇਗੀ।
