ਚੰਡੀਗੜ੍ਹ 17 ਜੂਨ 2026 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੇ ਵਿਵਾਦ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਏ ਗਏ ਫ਼ੈਸਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਇਸ ਮਾਮਲੇ ‘ਤੇ ਆਪਣਾ ਪੱਖ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਤੇ ਉਹ ਇਸ ਤੋਂ ਅੱਗੇ ਕੋਈ ਵਾਧੂ ਟਿੱਪਣੀ ਨਹੀਂ ਕਰਨਾ ਚਾਹੁੰਦੇ।ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਇਸ ਪੂਰੇ ਮਾਮਲੇ ‘ਤੇ ਆਪਣੀ ਗੱਲ ਰੱਖੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੋ ਕਹਿ ਚੁੱਕੇ ਹਨ, ਉਹੀ ਉਨ੍ਹਾਂ ਦਾ ਸਪੱਸ਼ਟ ਰੁਖ਼ ਹੈ। ਉਨ੍ਹਾਂ ਕਿਹਾ ਕਿ ਵਿਵਾਦ ਨਾਲ ਜੁੜੇ ਤੱਥਾਂ ਦੀ ਪੁਸ਼ਟੀ ਕੇਵਲ ਫੋਰੈਂਸਿਕ ਜਾਂਚ ਦੇ ਜ਼ਰੀਏ ਹੀ ਹੋ ਸਕਦੀ ਹੈ ਅਤੇ ਸੱਚਾਈ ਸਾਹਮਣੇ ਲਿਆਉਣ ਲਈ ਤਕਨੀਕੀ ਜਾਂਚ ਦਾ ਇੰਤਜ਼ਾਰ ਕੀਤਾ ਜਾਣਾ ਚਾਹੀਦਾ ਹੈ।

ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੇ ਅਨੁਸਾਰ ਮੁੱਖ ਮੰਤਰੀ ਦੇ ਸਪੱਸ਼ਟੀਕਰਨ ਤੋਂ ਬਾਅਦ ਫਿਲਹਾਲ ਇਸ ਤੋਂ ਅੱਗੇ ਕੁਝ ਕਹਿਣਾ ਉਚਿਤ ਨਹੀਂ ਹੋਵੇਗਾ। ਉਨ੍ਹਾਂ ਦੁਹਰਾਇਆ ਕਿ ਮਾਮਲੇ ਦੀ ਸਚਾਈ ਫੋਰੈਂਸਿਕ ਜਾਂਚ ਨਾਲ ਹੀ ਸਥਾਪਤ ਹੋ ਸਕਦੀ ਹੈ।

ਦੂਜੇ ਪਾਸੇ, ਸ੍ਰੀ ਅਕਾਲ ਤਖ਼ਤ ਵੱਲੋਂ ਇਸ ਮਾਮਲੇ ‘ਚ ਸੁਣਾਏ ਗਏ ਫ਼ੈਸਲੇ ਤਹਿਤ ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕਾਂ ਤੇ ਆਗੂਆਂ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਤਲਬ ਕੀਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਵੱਲੋਂ ਜਾਰੀ ਆਦੇਸ਼ ਅਨੁਸਾਰ ਆਪ ਵਿਧਾਇਕਾਂ ਨੂੰ 4 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋ ਕੇ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਹੈ।

ਜ਼ਿਕਰਯੋਗ ਹੈ ਕਿ ਇਕ ਵੀਡੀਓ ਨੂੰ ਲੈ ਕੇ ਵਿਵਾਦ ਖੜ੍ਹਾ ਹੋਇਆ ਸੀ ਜਿਸ ਤੋਂ ਬਾਅਦ ਵਿਭਿੰਨ ਸਿੱਖ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਵੱਲੋਂ ਇਤਰਾਜ਼ ਜਤਾਇਆ ਗਿਆ ਸੀ। ਇਸ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਪ੍ਰਧਾਨਗੀ ਹੇਠ ਹੋਈ ਇਕੱਤਰਤਾ ਤੋਂ ਬਾਅਦ ਫ਼ੈਸਲਾ ਸੁਣਾਇਆ ਗਿਆ। ਅਕਾਲ ਤਖ਼ਤ ਨੇ ਸਬੰਧਤ ਵਿਅਕਤੀਆਂ ਨੂੰ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਦੇ ਨਿਰਦੇਸ਼ ਦਿੱਤੇ ਹਨ।

ਦੂਜੇ ਪਾਸੇ, ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਵਿਵਾਦਤ ਵੀਡੀਓ ਉਨ੍ਹਾਂ ਦੀ ਨਹੀਂ ਹੈ ਅਤੇ ਉਨ੍ਹਾਂ ਖ਼ਿਲਾਫ਼ ਕੂੜ ਪ੍ਰਚਾਰ (ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਸੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਧਾਰਮਿਕ ਸੰਸਥਾਵਾਂ ਦਾ ਪੂਰਾ ਸਤਿਕਾਰ ਕਰਦੇ ਹਨ। ਹੁਣ ਇਸ ਪੂਰੇ ਮਾਮਲੇ ‘ਤੇ ਸਿਆਸੀ ਅਤੇ ਧਾਰਮਿਕ ਹਲਕਿਆਂ ਦੀਆਂ ਨਜ਼ਰਾਂ 29 ਜੂਨ ਨੂੰ ਹੋਣ ਵਾਲੀ ਪੇਸ਼ੀ ਅਤੇ ਅਗਲੀ ਕਾਰਵਾਈ ‘ਤੇ ਟਿਕੀਆਂ ਹੋਈਆਂ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।