06 ਅਪ੍ਰੈਲ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਵੱਲੋਂ 13 ਅਪਰੈਲ ਨੂੰ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਵੇਰੇ 11 ਵਜੇ ਪੰਥਕ ਜਥੇਬੰਦੀਆਂ ਦੀ ਹੰਗਾਮੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਦਾ ਮੁੱਖ ਮਕਸਦ ਸਰਕਾਰ ਵੱਲੋਂ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008’ ਵਿੱਚ ਕੀਤੀਆਂ ਜਾਣ ਵਾਲੀਆਂ ਸੋਧਾਂ ਨੂੰ ਰੋਕਣਾ ਅਤੇ ਪੰਥਕ ਰਾਇ ਬਣਾਉਣਾ ਹੈ। ਐਸ.ਜੀ.ਪੀ.ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਮਦਮੀ ਟਕਸਾਲ, ਸਿੱਖ ਸਟੂਡੈਂਟਸ ਫੈਡਰੇਸ਼ਨ, ਸਿੰਘ ਸਭਾਵਾਂ ਅਤੇ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਸਮੇਤ ਸਮੂਹ ਸਿੱਖ ਸੰਪਰਦਾਵਾਂ ਨੂੰ ਇਸ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

ਐਸ.ਜੀ.ਪੀ.ਸੀ. ਪ੍ਰਧਾਨ ਦਾ ਕਹਿਣਾ ਹੈ ਕਿ 2008 ਦਾ ਐਕਟ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਅਤੇ ਪ੍ਰਕਾਸ਼ਨ ਨਾਲ ਸਬੰਧਤ ਹੈ ਅਤੇ ਇਸ ਦੇ ਮੂਲ ਸਰੂਪ ਨਾਲ ਕੋਈ ਛੇੜਛਾੜ ਨਹੀਂ ਹੋਣੀ ਚਾਹੀਦੀ। ਉਨ੍ਹਾਂ ਮੰਗ ਕੀਤੀ ਕਿ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਸਰਕਾਰ ਨੂੰ ਇੱਕ ਵੱਖਰਾ ਅਤੇ ਸੁਤੰਤਰ ਕਾਨੂੰਨ ਬਣਾਉਣਾ ਚਾਹੀਦਾ ਹੈ।

ਅੱਜ ਦੀ ਇਸ ਮੀਟਿੰਗ ਦੀ ਅਗਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਰਗਜ ਵੱਲੋਂ ਕੀਤੇ ਜਾਣ ਦੀ ਉਮੀਦ ਹੈ, ਤਾਂ ਜੋ ਮੌਜੂਦਾ ਐਕਟ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਦੇ ਵਿਰੁੱਧ ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕੀਤੀ ਜਾ ਸਕੇ।

ਸੰਖੇਪ:
SGPC ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਨੂੰ ਲੈ ਕੇ ਅੱਜ ਪੰਥਕ ਜਥੇਬੰਦੀਆਂ ਦੀ ਅਹਿਮ ਮੀਟਿੰਗ ਬੁਲਾਈ ਗਈ, ਜਿਸ ਵਿੱਚ ਕਾਨੂੰਨ ਦੀਆਂ ਵਿਵਸਥਾਵਾਂ ਅਤੇ ਸਿੱਖ ਸੰਸਥਾਵਾਂ ਦੀ ਰਾਏ ‘ਤੇ ਚਰਚਾ ਹੋਵੇਗੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।