3 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਅੱਜ ਪੰਜਾਬ ਕੈਬਨਿਟ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ, ਕੈਬਨਿਟ ਮੰਤਰੀ ਬਰਿੰਦਰ ਗੋਇਲ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਇਨ੍ਹਾਂ ਫੈਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਿੱਖਿਆ ਖੇਤਰ ਬਾਰੇ ਅਹਿਮ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੈਬਨਿਟ ਮੀਟਿੰਗ ਵਿੱਚ ਸਕੂਲ ਮੈਂਟਰਸ਼ਿਪ ਸਕੀਮ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਰਾਜ ਦੇ 80 ਸਕੂਲ ਆਫ਼ ਐਮੀਨੈਂਸ ਲਈ ਮੈਂਟਰਸ਼ਿਪ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ। ਇਸ ਤਹਿਤ ਸੀਨੀਅਰ ਆਈਏਐਸ ਅਤੇ ਆਈਪੀਐਸ ਪੰਜ ਸਾਲਾਂ ਲਈ ਸਕੂਲਾਂ ਨੂੰ ਗੋਦ ਲੈਣਗੇ। 118 ਸਕੂਲ ਆਫ਼ ਐਮੀਨੈਂਸ ਵਿੱਚੋਂ 80 ਸਕੂਲਾਂ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣ ਲਈ ਲਿਆ ਗਿਆ ਹੈ।
ਇਸ ਤੋਂ ਇਲਾਵਾ ਕੈਬਨਿਟ ਮੀਟਿੰਗ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਨੂੰ ਮੁੜ ਸ਼ੁਰੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹੁਣ 50 ਸਾਲ ਤੋਂ ਵੱਧ ਉਮਰ ਵਾਲੇ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਏਗੀ ਜਾਵੇਗੀ। ਇਸ ਲਈ 100 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸ ਸਕੀਮ ਲਈ ਰਜਿਸਟ੍ਰੇਸ਼ਨ ਅਪ੍ਰੈਲ ਦੇ ਆਖਰੀ ਹਫ਼ਤੇ ਵਿੱਚ ਕੀਤੀ ਜਾਵੇਗੀ ਅਤੇ ਯਾਤਰਾ ਮਈ ਵਿੱਚ ਸ਼ੁਰੂ ਹੋਵੇਗੀ। ਪੂਰੀ ਯਾਤਰਾ ਏਅਰ-ਕੰਡੀਸ਼ਨਡ ਹੋਵੇਗੀ ਅਤੇ ਆਰਾਮਦਾਇਕ ਹੋਣ ਦੇ ਨਾਲ-ਨਾਲ ਖਾਣ-ਪੀਣ ਦਾ ਪ੍ਰਬੰਧ ਵੀ ਸਰਕਾਰ ਕਰਵਾਏਗੀ ।
ਸੰਖੇਪ:-ਪੰਜਾਬ ਕੈਬਨਿਟ ਨੇ 80 ਸਕੂਲਾਂ ਲਈ IAS ਅਤੇ IPS ਅਫ਼ਸਰਾਂ ਨਾਲ ਮੈਨਟਰਸ਼ਿਪ ਸਕੀਮ ਲਾਗੂ ਕਰਨ ਅਤੇ ਮੁਫ਼ਤ ਤੀਰਥ ਯਾਤਰਾ ਪ੍ਰੋਗਰਾਮ ਸ਼ੁਰੂ ਕਰਨ ਦਾ ਫੈਸਲਾ ਲਿਆ।
