ਹੁਸ਼ਿਆਰਪੁਰ, 10 ਫਰਵਰੀ (ਪੰਜਾਬੀ ਖ਼ਬਰਨਾਮਾ)
ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਵਿਚ ਲੋਕਾਂ ਨੂੰ ਹਰ ਬੁਨਿਆਦੀ ਸੁਵਿਧਾਵਾਂ ਉਨ੍ਹਾਂ ਦੇ ਘਰਾਂ ਨੇੜੇ ਮੁਹੱਈਆ ਕਰਵਾਈ ਜਾ ਰਹੀ ਹੈ। ਉਹ ਅੱਜ ਵਾਰਡ ਨੰਬਰ 1 ਵਿਚ 25 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਸ਼ੁਰੂ ਕਰਵਾਉਣ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਵਿਚ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਹੁਸ਼ਿਆਰਪੁਰ ਵਲੋਂ 20 ਕਰੋੜ ਰੁਪਏ ਦੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹੁਣ ਤੱਕ ਸੂਬੇ ਵਿਚ ਨੌਜਵਾਨਾਂ ਨੂੰ 42 ਹਜ਼ਾਰ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। 700 ਤੋਂ ਵੱਧ ਮੁਹੱਲਾ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ, ਜਿਥੇ ਸਾਰੀਆਂ ਤਰ੍ਹਾਂ ਦੀਆਂ ਦਵਾਈਆਂ ਅਤੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਸੂਬੇ ਦੇ ਸਾਰੇ ਸਿਵਲ ਹਸਪਤਾਲਾਂ ਵਿਚ ਮੁਫ਼ਤ ਦਵਾਈਆਂ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ ਅਤੇ ਡਾਕਟਰਾਂ ਵਲੋਂ ਬਾਹਰ ਕੋਈ ਦਵਾਈ ਦੀ ਪਰਚੀ ਨਹੀਂ ਭੇਜੀ ਜਾ ਰਹੀ ਹੈ, ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸੂਬੇ ਦੇ ਲੋਕਾਂ ਨੂੰ ਘਰ ਬੈਠੇ 600 ਯੂਨਿਟ ਮੁਫ਼ਤ ਬਿਜਲੀ ਮਿਲੀ ਹੈ। ਹੁਸ਼ਿਆਰਪੁਰ ਵਿਚ ਨਵੀਂ ਤਹਿਸੀਲ ਬਣ ਰਹੀ ਹੈ, ਇਸ ਤੋਂ ਇਲਾਵਾ ਹੋਰ ਕਈ ਵਿਕਾਸ ਪ੍ਰੋਜੈਕਟ ਚੱਲ ਰਹੇ ਹਨ। ਇਸ ਮੌਕੇ ਕੌਂਸਲਰ ਰਜਨੀ ਡਡਵਾਲ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
![](https://punjabikhabarnama.com/wp-content/uploads/2024/02/IMG-20240210-WA0167.jpg)