ਜਲੰਧਰ, 25 ਫ਼ਰਵਰੀ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਹਰ ਰੋਜ਼ ਪਾਕਿਸਤਾਨ ਵੱਲੋਂ ਸਮਾਜ ਵਿਰੋਧੀ ਤੱਤਾਂ ਅਤੇ ਡਰੋਨ ਘੁਸਪੈਠ ਰਾਹੀਂ ਸੂਬੇ ਦਾ ਮਾਹੌਲ ਖ਼ਰਾਬ ਕਰਨ ਲਈ ਰਚੇ ਜਾ ਰਹੇ ਨਾਪਾਕ ਮਨਸੂਬਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅੰਤਰਰਾਸ਼ਟਰੀ ਸਰਹੱਦ ਦੀ ਰੱਖਿਆ ਲਈ ਡਟ ਕੇ ਪਹਿਰਾ ਦੇ ਰਹੀ ਹੈ ਅਤੇ ਪੰਜਾਬ ਪੁਲਿਸ ਸਿਰਫ਼ ਪੰਜਾਬ ਦੀ ਹੀ ਨਹੀਂ, ਸਗੋਂ ਪੂਰੇ ਦੇਸ਼ ਦੀ ਪੁਲਿਸ ਹੈ ਜੋ ਆਪਣਾ ਫਰਜ਼ ਬਖੂਬੀ ਨਿਭਾ ਰਹੀ ਹੈ।

ਸੂਬੇ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗ੍ਰਾਊਂਡ ਵਿੱਚ ਆਯੋਜਿਤ ਪਾਸਿੰਗ ਆਉਟ ਪਰੇਡ ਦੌਰਾਨ 2,577 ਨਵੇਂ ਪੁਲਿਸ ਜਵਾਨਾਂ ਨੂੰ ਰਸਮੀ ਤੌਰ ‘ਤੇ ਪੰਜਾਬ ਪੁਲਿਸ ਵਿੱਚ ਸ਼ਾਮਲ ਕੀਤਾ। ਇਹ ਕਦਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਪੁਲਿਸ ਦੇ ਆਧੁਨੀਕੀਕਰਨ ਪ੍ਰਤੀ ਰਾਜ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ 12,010 ਤੋਂ ਵੱਧ ਪੁਲਿਸ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਫੋਰਸ ਨੂੰ ਵਿਗਿਆਨਕ ਢੰਗ ਨਾਲ ਅਪਗ੍ਰੇਡ ਕਰਨ ਲਈ 1,100 ਕਰੋੜ ਰੁਪਏ ਰੱਖੇ ਗਏ ਹਨ ਅਤੇ ਸਾਈਬਰ ਅਪਰਾਧ, ਆਤੰਕਵਾਦ ਅਤੇ ਨਸ਼ਿਆਂ ਨਾਲ ਨਿਪਟਣ ਲਈ ਆਰਟੀਫ਼ਿਸ਼ਲ ਇੰਟੈਲੀਜੈਂਸ, ਵਿਸ਼ੇਸ਼ ਤਕਨੀਕੀ ਯੂਨਿਟਾਂ ਅਤੇ ਮਜ਼ਬੂਤ ਐਂਟੀ-ਨਾਰਕੋਟਿਕਸ ਟਾਸਕ ਫੋਰਸ ਵਰਗੇ ਅਧੁਨਿਕ ਕਦਮ ਚੁੱਕੇ ਗਏ ਹਨ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 50,238 ਗ੍ਰਿਫ਼ਤਾਰੀਆਂ ਅਤੇ ਸੜਕ ਸੁਰੱਖਿਆ ਫੋਰਸ ਵੱਲੋਂ 46,399 ਜ਼ਿੰਦਗੀਆਂ ਬਚਾਏ ਜਾਣ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਿਕਾਰਡ ਭਰਤੀਆਂ, ਤੇਜ਼ ਤਕਨੀਕੀ ਅਪਗ੍ਰੇਡੇਸ਼ਨ ਅਤੇ ਅਪਰਾਧ ਵਿਰੁੱਧ ਕੜੀ ਕਾਰਵਾਈ ਰਾਹੀਂ ਅਮਨ-ਸ਼ਾਂਤੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਹਰ ਕਿਸਮ ਦੀ ਚੁਣੌਤੀ ਦਾ ਸਾਹਮਣਾ ਕਰਨ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੰਪ੍ਰਭੁਤਾ ਦੀ ਰੱਖਿਆ ਲਈ ਆਧੁਨਿਕ ਸਾਧਨਾਂ ਨਾਲ ਲੈਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਵੇਂ ਭਰਤੀ ਜਵਾਨਾਂ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ, ਫਿਲੌਰ, ਪੁਲਿਸ ਰਿਕਰੂਟ ਟ੍ਰੇਨਿੰਗ ਸੈਂਟਰ ਜਹਾਨ ਖੇਲਾਂ (ਹੁਸ਼ਿਆਰਪੁਰ) ਅਤੇ ਇਨ-ਸਰਵਿਸ ਟ੍ਰੇਨਿੰਗ ਸੈਂਟਰ, ਕਪੂਰਥਲਾ ਵਿੱਚ ਤਰਬੀਅਤ ਹਾਸਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ 182 ਤਕਨੀਕੀ ਮਾਹਿਰ ਸਬ-ਇੰਸਪੈਕਟਰਾਂ ਅਤੇ 1,547 ਤਕਨੀਕੀ ਦੱਖਲ ਵਾਲੇ ਕਾਂਸਟੇਬਲਾਂ ਦੀ ਭਰਤੀ ਕਰਕੇ ਪੰਜਾਬ ਪੁਲਿਸ ਨੂੰ ਤਕਨੀਕੀ ਤੌਰ ‘ਤੇ ਹੋਰ ਮਜ਼ਬੂਤ ਕੀਤਾ ਹੈ। ਸੜਕ ਹਾਦਸਿਆਂ ਨੂੰ ਰੋਕਣ ਲਈ ਬਣਾਈ ਗਈ ਸੜਕ ਸੁਰੱਖਿਆ ਫੋਰਸ 146 ਨਵੇਂ ਵਾਹਨਾਂ ਅਤੇ ਆਧੁਨਿਕ ਉਪਕਰਣਾਂ ਨਾਲ ਲੈਸ ਹੈ, ਜਿਸ ਨੇ ਹੁਣ ਤੱਕ ਹਜ਼ਾਰਾਂ ਜਾਨਾਂ ਬਚਾਈਆਂ ਹਨ।

ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਹੋਰ ਮਜ਼ਬੂਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਐਂਟੀ-ਨਾਰਕੋਟਿਕਸ ਟਾਸਕ ਫੋਰਸ ਨੂੰ ਆਧੁਨਿਕ ਤਕਨਾਲੋਜੀ ਨਾਲ ਸਜਾਇਆ ਗਿਆ ਹੈ ਅਤੇ ਵੱਡੀ ਮਾਤਰਾ ਵਿੱਚ ਹੈਰੋਇਨ, ਅਫ਼ੀਮ ਅਤੇ ਹੋਰ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ।

ਮੁੱਖ ਮੰਤਰੀ ਨੇ ਨਵੇਂ ਭਰਤੀ ਜਵਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਜ਼ਿੰਦਗੀ ਦਾ ਯਾਦਗਾਰ ਪਲ ਹੈ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਵਚਨਬੱਧਤਾ ਨਾਲ ਨਿਭਾਉਣੀ ਚਾਹੀਦੀ ਹੈ ਤਾਂ ਜੋ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਵਿੱਚ ਅਹਿਮ ਯੋਗਦਾਨ ਪਾਇਆ ਜਾ ਸਕੇ।

ਇਸ ਮੌਕੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ। ਮੁੱਖ ਮੰਤਰੀ ਨੇ ਪਰੇਡ ਦਾ ਨਿਰੀਖਣ ਕਰਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਕੈਡੇਟਾਂ ਨੂੰ ਸਨਮਾਨਿਤ ਵੀ ਕੀਤਾ। ਸਮਾਰੋਹ ਦੌਰਾਨ ਪੰਜਾਬ ਦੀ ਧਰੋਹਰ ਨੂੰ ਦਰਸਾਉਂਦੀਆਂ ਸੱਭਿਆਚਾਰਕ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ, ਜਿਸ ਨਾਲ ਇਹ ਪਲ ਨਵੇਂ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਯਾਦਗਾਰ ਬਣ ਗਿਆ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।