ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫ਼ਤਹਿਗੜ੍ਹ ਸਾਹਿਬ
ਬੱਚਿਆਂ ਨੂੰ ਮਿਡ ਡੇਅ ਮੀਲ ਸਕੀਮ ਅਧੀਨ ਦਿੱਤੀ ਜਾਂਦੀ ਖੁਰਾਕ ਦੀ ਗੁਣਵੱਤਾ ਯਕੀਨੀ ਬਣਾਉਣ ਦੇ ਆਦੇਸ਼
ਫ਼ਤਹਿਗੜ੍ਹ ਸਾਹਿਬ, 08 ਜੁਲਾਈ:
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ਼੍ਰੀਮਤੀ ਪ੍ਰੀਤੀ ਚਾਵਲਾ ਨੇ ਅੱਜ ਆਂਗਨਵਾੜੀ ਕੇਂਦਰ ਆਲਮਪੁਰ, ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਰਾਮਪੁਰ ਕਲੇਰਾਂ, ਸਰਕਾਰੀ ਐਲੀਮੈਂਟਰੀ ਸਕੂਲ ਜੈ ਸਿੰਘ ਵਾਲਾ, ਸਰਕਾਰੀ ਮਿਡਲ ਸਕੂਲ ਜੈ ਸਿੰਘ ਵਾਲਾ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸਿਕੰਦਰਪੁਰ ਅਤੇ ਆਂਗਨਵਾੜੀ ਕੇਂਦਰ ਨਾਨੋਵਾਲ ਵਿੱਚ ਨੈਸ਼ਨਲ ਫੂਡ ਸੁਰੱਖਿਆ ਐਕਟ-2013 ਅਧੀਨ ਦਿੱਤੇ ਜਾਂਦੇ ਪੌਸ਼ਟਿਕ ਆਹਾਰ ਸਬੰਧੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਆਂਗਨਵਾੜੀ ਕੇਂਦਰਾਂ ਤੇ ਸਰਕਾਰੀ ਸਕੂਲਾਂ ਵਿੱਚ ਮਿਡ ਡੇਅ ਮੀਲ ਅਧੀਨ ਦਿੱਤੀ ਜਾ ਰਹੀ ਖੁਰਾਕ ਦੀ ਗੁਣਵੱਤਾ ਯਕੀਨੀ ਬਣਾਉਣ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਮਿਡ ਡੇਅ ਮੀਲਾ ਤਿਆਰ ਕਰਨ ਵਾਲੇ ਸਟਾਫ ਨੂੰ ਹਦਾਇਤ ਕੀਤੀ ਕਿ ਖਾਣਾ ਤਿਆਰ ਕਰਨ ਵਾਲੇ ਸਟਾਫ ਮੈਂਬਰ ਰਸੋਈ ਵਿੱਚ ਸਾਫ ਸਫਾਈ ਯਕੀਨੀ ਬਣਾਉਣ ਅਤੇ ਚਾਵਲ ਤਿਆਰ ਕਰਨ ਸਮੇਂ ਖੁਰਾਕ ਦੇ ਪੌਸ਼ਟਿਕ ਤੱਤਾਂ ਨੂੰ ਬਰਕਰਾਰ ਰੱਖਣ ਦੀ ਹਦਾਇਤ ਵੀ ਕੀਤੀ।
ਸ਼੍ਰੀਮਤੀ ਚਾਵਲਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਮਿਡ ਡੇਅ ਮੀਲ ਤਿਆਰ ਕਰਨ ਵਾਲਿਆਂ ਦੀ ਨਿਯਮਤ ਸਿਹਤ ਜਾਂਚ ਕਰਵਾਈ ਜਾਵੇ ਅਤੇ ਰਸੋਈਏ ਦੀ ਨਿੱਜੀ ਸਫਾਈ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਬੱਚਿਆਂ ਦੀ ਨਿਯਮਤ ਮੈਡੀਕਲ ਜਾਂਚ ਕਰਵਾਈ ਜਾਵੇ ਤਾਂ ਜੋ ਕਿਸੇ ਕਿਸਮ ਦੀ ਬਿਮਾਰੀ ਤੋਂ ਬਚਾਅ ਹੋ ਸਕੇ। ਉਨ੍ਹਾਂ ਹਦਾਇਤ ਕੀਤੀ ਕਿ ਛੋਟੇ ਬੱਚਿਆਂ ਤੇ ਗਰਭਵਤੀ ਔਰਤਾਂ ਨੂੰ ਸਿਹਤਮੰਦ ਰੱਖਣ ਲਈ ਖਾਣ ਪੀਣ ਦੇ ਸਮਾਨ ਦੇ ਮਿਆਰ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ। ਸ੍ਰੀਮਤੀ ਚਾਵਲਾ ਨੇ ਕਿਹਾ ਕਿ ਚੰਗੀ ਸਿਹਤ ਹਰੇਕ ਨਾਗਰਿਕ ਦਾ ਮੁਢਲਾ ਹੱਕ ਹੈ ਅਤੇ ਜੇਕਰ ਸਾਡੇ ਬੱਚੇ ਸਿਹਤਮੰਦ ਹੋਣਗੇ ਤਾਂ ਹੀ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਉਨ੍ਹਾਂ ਸਰਕਾਰ ਵੱਲੋਂ ਇਸ ਮੰਤਵ ਦੀ ਪੂਰਤੀ ਲਈ ਮਿਡ-ਡੇਅ ਮੀਲ ਸਕੀਮ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਦਿੱਤਾ ਜਾ ਰਿਹਾ ਹੈ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ਼੍ਰੀਮਤੀ ਚਾਵਲਾ ਨੇ ਸਕੂਲਾਂ ਅਤੇ ਆਂਗਣਵਾੜ੍ਹੀ ਕੇਦਰਾਂ ‘ਚ ਪਰੋਸੀ ਜਾ ਰਹੀ ਖਾਣ ਪੀਣ ਦੀ ਸਮੱਗਰੀ ਦੇ ਮਿਆਰ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮਿਲ-ਡੇਅ ਮੀਲ ਸਕੀਮ ਤਹਿਤ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਖਾਣ ਪੀਣ ਦੇ ਸਮਾਨ ਅਤੇ ਆਂਗਨਵਾੜੀ ਕੇਂਦਰਾਂ ਵਿੱਚ ਗਰਭਵਤੀ ਔਰਤਾਂ ਤੇ ਛੋਟੇ ਬੱਚਿਆਂ ਨੂੰ ਦਿੱਤੀ ਜਾਣ ਵਾਲੇ ਖੁਰਾਕੀ ਵਸਤਾਂ ਦੀ ਚੈਕਿੰਗ ਕਰ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਇਹ ਹਦਾਇਤ ਵੀ ਕੀਤੀ ਕਿ ਪੰਜਾਬ ਫੂਡ ਕਮਿਸ਼ਨ ਦੇ ਹੈਲਪ ਲਾਇਨ ਨੰਬਰ ਬਾਰੇ ਸਕੂਲਾਂ ਤੇ ਆਂਗਨਵਾੜੀ ਕੇਂਦਰਾਂ ਵਿੱਚ ਫਲੈਕਸ ਲਗਵਾਏ ਜਾਣ ਤਾਂ ਜੋ ਲੋੜਵੰਦ ਆਪਣੀਆਂ ਮੁਸ਼ਕਲਾਂ ਕਮਿਸ਼ਨ ਨਾਲ ਸਾਂਝੀਆਂ ਕਰ ਸਕਣ।
ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਲਾਭਪਾਤਰੀਆ ਨੂੰ ਕਮਿਸ਼ਨ ਦੇ ਹੈਲਪਲਾਈਨ ਨੰਬਰ 98767-64545 ਅਤੇ ਈਮੇਲ punjabfoodcommission@gmail.com ਦੀ ਜਾਣਕਾਰੀ ਦਿੱਤੀ ਗਈ ।