(ਪੰਜਾਬੀ ਖਬਰਨਾਮਾ):ਪੰਜਾਬ ਦੇ ਮੋਗਾ ਤੋਂ ਇੱਕ ਸਕੂਲ ਦੇ ਪ੍ਰਿੰਸੀਪਲ ਵੱਲੋਂ ਬੱਚਿਆਂ ਨੂੰ ਲਾਈਨ ਵਿੱਚ ਖੜਾ ਕਰਕੇ ਕੁੱਟਣ ਦੀ ਖਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਕੁੱਟਮਾਰ ਦੀ ਵੀਡੀਓ ਵਾਇਰਲ ਹੋ ਰਹੀ ਹੈ ਅਤੇ ਦੋਸ਼ੀ ਪ੍ਰਿੰਸੀਪਲ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਇਹ ਮਾਮਲਾ ਯੂਕੇ ਇੰਟਰਨੈਸ਼ਨਲ ਸਕੂਲ, ਧਰਮਕੋਟ, ਮੋਗਾ ਨਾਲ ਸਬੰਧਤ ਹੈ। ਦੱਸਿਆ ਜਾ ਰਿਹਾ ਹੈ ਕਿ ਮਈ 2024 ‘ਚ ਪ੍ਰਿੰਸੀਪਲ ਨੇ ਕੁਝ ਬੱਚਿਆਂ ਨੂੰ ਆਪਣੇ ਦਫਤਰ ਬੁਲਾਇਆ ਅਤੇ ਉਨ੍ਹਾਂ ਨੂੰ ਲਾਈਨ ‘ਚ ਖੜ੍ਹਾ ਕਰ ਕੇ ਕੁੱਟਿਆ। ਦੱਸ ਦਈਏ ਕਿ ਵੀਡੀਓ ਸਾਹਮਣੇ ਆਉਣ ‘ਤੇ ਸੈਕਟਰੀ ਬਲਕਾਰ ਸਿੰਘ ਨੇ ਕਿਹਾ ਕਿ ਇਸ ਮਾਮਲੇ ‘ਤੇ ਪ੍ਰਿੰਸੀਪਲ ਨਾਲ ਗੱਲ ਕੀਤੀ ਗਈ ਸੀ, ਜਿਸ ‘ਚ ਉਨ੍ਹਾਂ ਕਿਹਾ ਸੀ ਕਿ ਬੱਚੇ ਕਲਾਸ ‘ਚ ਇਕ ਦੂਜੇ ਨਾਲ ਕੁੱਟਮਾਰ ਕਰ ਰਹੇ ਸਨ। ਉਨ੍ਹਾਂ ਬੱਚਿਆਂ ਦੀ ਲੜਾਈ ‘ਚ ਦਖਲ ਦਿੱਤਾ, ਪਰ ਜਦੋਂ ਬੱਚਿਆਂ ਨੇ ਫਿਰ ਵੀ ਗੱਲ ਨਾ ਸੁਣੀ ਤਾਂ ਉਨ੍ਹਾਂ ਨੇ ਬੱਚਿਆਂ ਨੂੰ ਆਪਣੇ ਦਫਤਰ ਬੁਲਾਇਆ ਅਤੇ ਫਿਰ ਸਜਾ ਦਿੱਤੀ।
ਦੱਸ ਦੇਈਏ ਕਿ ਇਹ ਮਾਮਲਾ ਸਾਹਮਣੇ ਆਉਣ ਕਾਰਨ ਪ੍ਰਿੰਸੀਪਲ ਨੂੰ ਸਕੂਲ ਤੋਂ ਹਟਾ ਦਿੱਤਾ ਗਿਆ ਅਤੇ ਹੋਰ ਅਧਿਆਪਕਾਂ ਨੂੰ ਵੀ ਚਿਤਾਵਨੀ ਦਿੱਤੀ ਗਈ। ਇਸ ਮਾਮਲੇ ਸਬੰਧੀ ਮਾਪਿਆਂ ਦਾ ਕਹਿਣਾ ਹੈ ਕਿ ਇਹ ਮਾਮਲਾ ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਵਾਪਰਿਆ ਹੈ। ਜਦੋਂ ਪ੍ਰਸ਼ਾਸਨ ਨੂੰ ਇਸ ਘਟਨਾ ਦਾ ਪਤਾ ਲੱਗਾ ਤਾਂ ਪ੍ਰਿੰਸੀਪਲ ਨੂੰ ਤੁਰੰਤ ਨੌਕਰੀ ਤੋਂ ਕੱਢ ਦਿੱਤਾ ਗਿਆ।
ਬਾਅਦ ਵਿਚ ਜਦੋਂ ਪ੍ਰਸ਼ਾਸਨ ਨੂੰ ਅਹਿਸਾਸ ਹੋਇਆ ਕਿ ਇਸ ਬਾਰੇ ਕਿਸੇ ਨੂੰ ਪਤਾ ਨਹੀਂ ਲੱਗਾ ਤਾਂ ਉਨ੍ਹਾਂ ਨੇ ਪ੍ਰਿੰਸੀਪਲ ਨੂੰ ਮੁੜ ਬਹਾਲ ਕਰ ਦਿੱਤਾ। ਮਾਪਿਆਂ ਦਾ ਕਹਿਣਾ ਹੈ ਕਿ ਬੱਚਿਆਂ ਨੇ ਉਨ੍ਹਾਂ ਨੂੰ ਇਸ ਮਾਮਲੇ ਬਾਰੇ ਕੁਝ ਨਹੀਂ ਦੱਸਿਆ। ਜਦੋਂ ਇਹ ਵੀਡੀਓ ਵਾਇਰਲ ਹੋਇਆ ਤਾਂ ਬਹੁਤ ਸਾਰੇ ਲੋਕ ਇਕੱਠੇ ਹੋ ਗਏ ਅਤੇ ਸਕੂਲ ਪਹੁੰਚ ਗਏ, ਜਿਸ ਕਾਰਨ ਪ੍ਰਿੰਸੀਪਲ ਨੂੰ ਬਾਹਰ ਜਾਣਾ ਪਿਆ।