ਚੰਡੀਗੜ੍ਹ, 19 ਮਾਰਚ 2026 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਲਈ ਘੱਟੋ-ਘੱਟੋ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਣ ਲਈ ਕਾਨੂੰਨ ਲਿਆਵੇ। ਵੜਿੰਗ ਨੇ ਕਿਹਾ ਕਿ ਇਸ ਸਬੰਧ ਵਿਚ ਕੇਂਦਰ ਸਰਕਾਰ ਉਦੋਂ ਹੀ ਵਾਅਦਾ ਕਰ ਚੁੱਕੀ ਹੈ ਜਦੋਂ ਤਿੰਨ ਖੇਤੀ ਕਾਨੂੰਨਾਂ ਵਿਰੁੱਧ 15 ਮਹੀਨੇ ਲੰਮਾ ਅੰਦੋਲਨ ਵਾਪਸ ਲਿਆ ਗਿਆ ਸੀ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੰਜਾਬ ਖੇਤੀ ਯੂਨੀਵਰਸਿਟੀ, ਲੁਧਿਆਣਾ ਲਈ ਹਰ ਵਰ੍ਹੇ 50 ਤੋਂ 70 ਕਰੋੜ ਰੁਪਏ ਦੀ ਰਿਸਰਚ ਗ੍ਰਾਂਟ ਦਿੱਤੀ ਜਾਵੇ ਤਾਂ ਜੋ ਖੇਤੀ ਖੇਤਰ ਵਿਚ ਬਿਹਤਰ ਖੋਜ ਤੇ ਸਹੂਲਤਾਂ ਦਿੱਤੀਆਂ ਜਾ ਸਕਣ।

ਸੰਸਦ ਮੈਂਬਰ ਨੇ ਛੋਟੇ ਕਿਸਾਨਾਂ ਲਈ ਇਕਮੁਸ਼ਤ ਸੈਟਲਮੈਂਟ ਜ਼ਰੀਏ ਕਰਜ਼ਾ ਰਾਹਤ ਦੇਣ ਦੀ ਜ਼ੋਰਦਾਰ ਵਕਾਲਤ ਕੀਤੀ। ਉਨ੍ਹਾਂ ਨੇ ਸਵਾਲ ਕੀਤਾ ਕਿ ਜੇ ਸਰਕਾਰ ਵੱਡੇ ਸਨਅਤਕਾਰਾਂ ਦੇ 16 ਲੱਖ ਕਰੋੜ ਰੁਪਏ ਦੇ ਕਰਜ਼ੇ ਮਾਫ਼ ਕਰ ਸਕਦੀ ਹੈ ਤਾਂ ਛੋਟੇ ਕਿਸਾਨਾਂ ਨੂੰ ਰਾਹਤ ਕਿਉਂ ਨਹੀਂ ਦੇ ਸਕਦੀ? ਬੁੱਧਵਾਰ ਨੂੰ ਲੋਕ ਸਭਾ ਵਿਚ ਬੋਲਦੇ ਹੋਏ ਵੜਿੰਗ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਲਈ ਐਲਾਨੇ 1600 ਕਰੋੜ ਰੁਪਏ ਦੀ ਹੜ੍ਹ ਰਾਹਤ ਤੁਰੰਤ ਜਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਵਿਚ ਭਾਜਪਾ ਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਟਕਰਾਅ ਵਿਚਾਲੇ ਪੰਜਾਬ ਪਿੱਸ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਅੰਦੋਲਨ ਦੌਰਾਨ ਕਿਸਾਨਾਂ ਵਿਰੁੱਧ ਕੀਤੇ ਸਾਰੇ ਮਾਮਲੇ ਰੱਦ ਕੀਤੇ ਜਾਣ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।