Drug Awareness

ਗੁਰਦਾਸਪੁਰ, 03 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਵਸਨੀਕਾਂ ਨੂੰ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਜੁੜ ਕੇ ਇਸ ਨੂੰ ਇਕ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ ਹੈ।

ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਪੂਰੋਵਾਲ ਜੱਟਾਂ, ਲੰਗਾਹ, ਕੈਲੇ ਖ਼ੁਰਦ ਅਤੇ ਇੰਦਰਾਵਾਲ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੀਤੀ ਜਾ ਰਹੀ ਨਸ਼ਾ ਮੁਕਤੀ ਯਾਤਰਾ ਦੌਰਾਨ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਿਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਦੀ ਸਖ਼ਤੀ ਕਰਕੇ ਨਸ਼ਾ ਤਸਕਰ ਜਾਂ ਤਾਂ ਪੰਜਾਬ ਛੱਡ ਕੇ ਭੱਜ ਗਏ ਹਨ ਜਾਂ ਫਿਰ ਸਲਾਖ਼ਾਂ ਦੇ ਪਿੱਛੇ ਹਨ।

ਚੇਅਰਮੈਨ ਸ੍ਰੀ ਰਮਨ ਬਹਿਲ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਦਲ-ਦਲ ਵਿੱਚ ਫਸੇ ਨੌਜਵਾਨਾਂ ਨੂੰ ਬਾਹਰ ਕੱਢਣ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਪਿੰਡ ਵੀ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ ਤਾਂ ਨਸ਼ਾ ਛੁਡਾਊ ਕੇਂਦਰ ਵਿਚੋਂ ਉਸਦਾ ਮੁਫ਼ਤ ਇਲਾਜ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦੇ ਮਰੀਜ਼ਾਂ ਨੂੰ ਨਵਾਂ ਜੀਵਨ ਦੇ ਕੇ ਉਨ੍ਹਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ। ਇਸ ਮੌਕੇ ਸ੍ਰੀ ਬਹਿਲ ਨੇ ਪਿੰਡਾਂ ਦੇ ਵਸਨੀਕਾਂ ਨੂੰ ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋਣ ਦੀ ਸਹੁੰ ਵੀ ਚੁਕਾਈ।

ਇਸ ਮੌਕੇ ਪੁਲਿਸ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੀ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਜੇਕਰ ਕੋਈ ਵੀ ਨਸ਼ਿਆਂ ਸਬੰਧੀ ਗਤੀਵਿਧੀ ਧਿਆਨ ਵਿੱਚ ਆਉਂਦੀ ਹੈ ਤਾਂ ਇਕ ਜ਼ਿੰਮੇਵਾਰ ਨਾਗਰਿਕ ਦੀ ਭੂਮਿਕਾ ਨਿਭਾਉਂਦਿਆਂ ਇਸ ਦੀ ਸੂਚਨਾ ਪੁਲਿਸ ਵਿਭਾਗ ਨੂੰ ਦਿੱਤੀ ਜਾਵੇ।  

ਇਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਨੀਰਜ ਸਲਹੋਤਰਾ, ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾ, ਐਡਵੋਕੇਟ ਸੁੱਚਾ ਸਿੰਘ ਮੁਲਤਾਨੀ, ਰਾਕੇਸ਼ ਸ਼ਰਮਾ, ਰਮੇਸ਼ ਕੁਮਾਰ, ਰੈੱਡ ਕਰਾਸ, ਨਸ਼ਾ ਛਡਾਊ ਕੇਂਦਰ ਕੌਂਸਲਰ, ਬਲਾਕ ਪ੍ਰਧਾਨ ਨਿਸ਼ਾਨ ਸਿੰਘ ਜੌੜਾ ਛੱਤਰਾਂ, ਬਲਾਕ ਪ੍ਰਧਾਨ ਰੌਸ਼ਨ ਲਾਲ, ਸਰਪੰਚ ਗੁਰਨਾਮ ਸਿੰਘ ਪੂਰੋਵਾਲ ਜੱਟਾਂ, ਸਰਪੰਚ  ਬਲਵਿੰਦਰ ਸਿੰਘ ਭੋਲਾ ਲੰਗਾਹ, ਸਰਪੰਚ ਹਰਦੀਪ ਸਿੰਘ ਕੈਲੇ ਖ਼ੁਰਦ, ਸਰਪੰਚ ਜਸਬੀਰ ਸਿੰਘ ਇੰਦਰਾਵਲ ਤੋਂ ਇਲਾਵਾ ਇਲਾਕੇ ਦੇ ਹੋਰ ਮੁਹਤਬਰ ਵੀ ਹਾਜ਼ਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।