ਸਂਗਰੂਰ, 28 ਮਈ (ਪੰਜਾਬੀ ਖਬਰਨਾਮਾ) : ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਜਾਰੀ ਮੌਸਮ ਬੁਲੇਟਿਨ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਤਰ ਭਾਰਤ ਦੇ ਬਹੁਤੇ ਇਲਾਕਿਆਂ ਵਾਂਗ ਸੰਗਰੂਰ ਜ਼ਿਲ੍ਹਾ ਵੀ ਅੱਤ ਦੀ ਗਰਮੀ ਦੀ ਮਾਰ ਹੇਠ ਚੱਲ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਅੱਤ ਦੀ ਗਰਮੀ ਮਨੁੱਖੀ ਸਿਹਤ ਲਈ ਮਾਰੂ ਸਾਬਤ ਹੋ ਸਕਦੀ ਹੈ ਅਤੇ ਬਚਾਅ ਲਈ ਜ਼ਿਲ੍ਹਾ ਵਾਸੀ ਦੁਪਹਿਰ ਦੇ ਸਮੇਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਤਹਿਤ ਨਵ ਜਨਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਨਾਲ ਪੀੜਤ ਲੋਕਾਂ, ਮਾਨਸਿਕ ਤੌਰ ‘ਤੇ ਬਿਮਾਰ ਲੋਕਾਂ ,ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਆਦਿ ਨੂੰ ਹਰ ਹੀਲੇ ਵਧੇਰੇ ਤਾਪਮਾਨ ਤੋਂ ਬਚਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਬਾਹਰ ਕੰਮ ਕਰਨ ਵੇਲੇ ਹਲਕੇ ਰੰਗ ਦੇ ਪੂਰੇ ਸਰੀਰ ਨੂੰ ਢਕਣ ਵਾਲੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ, ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਢੱਕਣ ਲਈ ਛਤਰੀ, ਟੋਪੀ, ਤੌਲੀਏ, ਪੱਗ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ ਅਤੇ ਨੰਗੇ ਪੈਰ ਧੁੱਪ ਵਿੱਚ ਨਾ ਜਾਇਆ ਜਾਵੇ। ਜੋ ਲੋਕ ਧੁੱਪ ਵਿੱਚ ਕੰਮ ਕਰਦੇ ਹਨ ਉਹ ਸਰੀਰ ਦਾ ਤਾਪਮਾਨ 37 ਡਿਗਰੀ ਰੱਖਣ ਲਈ ਥੋੜੀ ਦੇਰ ਬਾਅਦ ਛਾਵੇਂ ਆਰਾਮ ਕਰਨ ਜਾਂ ਸਿਰ ਤੇ ਗਿੱਲਾ ਤੌਲੀਆ ਜਾਂ ਕੱਪੜਾ ਜਰੂਰ ਰੱਖਣ, ਧੁੱਪ ਵਿੱਚ ਜਾਣ ਵੇਲੇ ਹਮੇਸ਼ਾ ਪਾਣੀ ਨਾਲ ਲੈ ਕੇ ਜਾਓ। ਉਹਨਾਂ ਕਿਹਾ ਕਿ ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਖਰਬੂਜਾ, ਅੰਗੂਰ, ਖੀਰੇ, ਟਮਾਟਰ ,ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ ਕਿਉਂਕਿ ਇਹਨਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ। ਉਹਨਾਂ ਕਿਹਾ ਕਿ ਅਜਿਹੇ ਮੌਸਮ ਦੌਰਾਨ ਓ.ਆਰ.ਐਸ., ਨਿੰਬੂ ਪਾਣੀ, ਲੱਸੀ, ਨਾਰੀਅਲ ਦਾ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਗਰਮੀ ਦੇ ਸ਼ਿਖਰ ਦੇ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਪਰਹੇਜ਼ ਕਰੋ, ਰਸੋਈ ਦੇ ਖੇਤਰ ਨੂੰ ਚੰਗੀ ਤਰ੍ਹਾਂ ਹਵਾਦਾਰ ਕਰਨ ਲਈ ਦਰਵਾਜੇ ਤੇ ਖਿੜਕੀਆਂ ਖੁੱਲੀਆਂ ਰੱਖੋ। ਸਿਗਰਟ, ਤੰਬਾਕੂ, ਬੀੜੀ ਅਤੇ ਸ਼ਰਾਬ ਦੀ ਵਰਤੋਂ ਨਾ ਕੀਤੀ ਜਾਵੇ। ਚਾਹ, ਕਾਫੀ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ, ਤਲੇ ਅਤੇ ਬਾਹਰਲੇ ਖਾਣੇ ਤੋਂ ਪਰਹੇਜ਼ ਕਰੋ। ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਬੰਦ ਵਾਹਨਾਂ ਵਿੱਚ ਨਾ ਛੱਡੋ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।