ਫਤਿਹਗੜ੍ਹ ਚੂੜੀਆਂ, ਬਟਾਲਾ , 28 ਸਤੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਅੱਜ ਘਣੀਏ ਕੇ ਬਾਂਗਰ ਵਿਖੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਪ੍ਰਧਾਨਗੀ ਵਿੱਚ ਪਿੰਡ ਦੇ ਸਰਬਪੱਖੀ ਵਿਕਾਸ ਕਾਰਜਾਂ ਦੀ ਸਮੀਖਿਆ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਆਮਦ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਇਸ ਮੌਕੇ ਐੱਸ ਐੱਸ ਪੀ ਬਟਾਲਾ ਡਾ. ਮਹਿਤਾਬ ਸਿੰਘ, ਚੇਅਰਮੈਨ ਜੋਬਨ ਰੰਧਾਵਾ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐੱਸ ਪੀ (ਐੱਚ) ਮੈਡਮ ਖੁਸ਼ਬੀਰ ਕੌਰ, ਐੱਸ ਡੀ ਐਮ ਸੁਖਜਿੰਦਰ ਸਿੰਘ ਟਿਵਾਣਾ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਾਰਟੀ ਦੇ ਆਗੂ ਅਤੇ ਵਰਕਰ ਮੌਜੂਦ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਪਿੰਡ ਘਣੀਏ ਕੇ ਬਾਂਗਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਨੇਪਰੇ ਚਾੜ੍ਹਨ ਦੀ ਹਦਾਇਤ ਕਰਦਿਆਂ ਕਿਹਾ ਕਿ ਪਿੰਡ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਜਲਦ ਵਿਕਾਸ ਕੰਮ ਮੁਕੰਮਲ ਕਰਵਾਏ ਜਾਣ।
ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਫਤਿਹਗੜ੍ਹ ਚੂੜ੍ਹੀਆਂ ਅਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਜੋਬਨ ਰੰਧਾਵਾ ਨੇ ਦੱਸਿਆ ਕਿ ਪਿੰਡ ਘਣੀਏ-ਕੇ- ਬਾਂਗਰ ਸਮੇਤ ਹਲਕੇ ਅੰਦਰ ਵਿਕਾਸ ਕਾਰਜਾਂ ਦੀ ਰਫਤਾਰ ਨੂੰ ਹੋਰ ਤੇਜ਼ੀ ਦੇਣ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ 3 ਅਕਤੂਬਰ ਨੂੰ ਪਿੰਡ ਘਣੀਕੇ-ਕੇ-ਬਾਂਗਰ ਵਿੱਚ ਆਉਣਗੇ ਅਤੇ ਉਨ੍ਹਾਂ ਦੇ ਕਰ ਕਮਲਾਂ ਨਾਲ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾਣਗੇ।
ਹਲਕਾ ਇੰਚਾਰਜ ਜੋਬਨ ਰੰਧਾਵਾ ਨੇ ਕਿਹਾ ਕਿ ਜਦੋਂ ਦੀ ਪਾਰਟੀ ਨੇ ਉਨ੍ਹਾਂ ਨੂੰ ਹਲਕਾ ਫਤਿਹਗੜ੍ਹ ਚੂੜੀਆਂ ਦੀ ਜ਼ਿੰਮੇਵਾਰੀ ਦਿੱਤੀ ਹੈ, ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ।
ਉਨ੍ਹਾਂ ਦੱਸਿਆਂ ਕਿ ਹਲਕੇ ਅੰਦਰ ਵੱਖ ਵੱਖ ਵਿਕਾਸ ਕਾਰਜਾਂ ਸਮੇਤ ਫਤਿਹਗੜ੍ਹ ਚੂੜੀਆਂ ਸ਼ਹਿਰ ਵਿਖੇ ਵੀ ਵਿਕਾਸ ਕਾਰਜ, ਕਰੋੜਾਂ ਰੁਪਏ ਦੀ ਲਾਗਤ ਨਾਲ ਕਰਵਾਏ ਜਾਣਗੇ, ਜਿਨ੍ਹਾਂ ਦੀ ਸ਼ੁਰੂਆਤ ਮਾਣਯੋਗ ਮੁੱਖ ਮੰਤਰੀ ਪੰਜਾਬ ਕਰਨਗੇ।
ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀ ਸੇਵਾ ਅਤੇ ਲੋਕਾਂ ਨੂੰ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਦਾ ਲਾਭ ਦਿਵਾਉਣ ਲਈ ਖੁਦ ਲੋਕਾਂ ਤੱਕ ਪਹੁੰਚ ਕਰ ਰਹੇ ਹਨ ਅਤੇ ਹਲਕਾ ਵਾਸੀਆਂ ਵੱਲੋਂ ਵੀ ਉਨ੍ਹਾਂ ਨੂੰ ਰੱਜਵਾਂ ਪਿਆਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੁਹਰਾਇਆ ਕਿ ਹਲਕੇ ਦੇ ਵਿਕਾਸ ਵਿੱਚ ਕੋਈ ਕਮੀਂ ਨਹੀ ਰਹਿਣ ਦਿੱਤੀ ਜਾਵੇਗੀ।
