ਸੰਗਰੂਰ, 1 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਜ਼ਿਲ੍ਹਾ ਪੁਲਿਸ ਵੱਲੋਂ ਪ੍ਰਸਾਸ਼ਨ ਦੇ ਸਹਿਯੋਗ ਨਾਲ ਅੱਜ ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਐਥਲੈਟਿਕ ਮੀਟ ਕਰਵਾਈ ਗਈ। ਇਸ ਐਥਲੈਟਿਕ ਮੀਟ ਤਹਿਤ ਲੜਕੇ ਅਤੇ ਲੜਕੀਆਂ ਲਈ ਟਰੈਕ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿੱਚ ਵੱਡੀ ਗਿਣਤੀ ਖਿਡਾਰੀਆਂ ਨੇ ਹਿੱਸਾ ਲਿਆ। ਇਸ ਮੌਕੇ ਜੇਤੂ ਖਿਡਾਰੀਆਂ ਨੂੰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਵੱਲੋਂ ਤਮਗਿਆਂ ਦੇ ਨਾਲ-ਨਾਲ ਨਕਦ ਇਨਾਮੀ ਰਾਸ਼ੀ ਵੀ ਵੰਡੀ ਗਈ।
ਇਸ ਅਥਲੈਟਿਕ ਮੀਟ ਦੌਰਾਨ ਦਿਲਚਸਪ ਤੇ ਵਿਲੱਖਣ ਗੱਲ ਇਹ ਰਹੀ ਕਿ ਮੁਕਾਬਲਿਆਂ ਵਿੱਚ ਪਹਿਲੇ ਛੇ ਸਥਾਨਾਂ ‘ਤੇ ਆਉਣ ਵਾਲੇ ਖਿਡਾਰੀਆਂ ਨੂੰ ਨਗਦ ਇਨਾਮ ਦਿੱਤੇ ਗਏ।ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਭੈੜੇ ਪ੍ਰਕੋਪ ਤੋਂ ਬਚਾਉਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਫ਼ਸਣ ਤੋਂ ਬਚਾਉਣ ਅਤੇ ਉਨ੍ਹਾਂ ਦੀ ਊਰਜਾ ਸਹੀ ਪਾਸੇ ਲਗਾਉਣ ਲਈ ਖੇਡਾਂ ਬਹੁਤ ਚੰਗਾ ਉਪਰਾਲਾ ਹਨ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਟੂਰਨਾਮੈਂਟ ਖੇਡਾਂ ਦੇ ਖੇਤਰ ਵਿੱਚ ਅਣਤਰਾਸ਼ੇ ਹੀਰਿਆਂ ਨੂੰ ਤਰਾਸ਼ ਕੇ ਅੰਤਰਰਾਸ਼ਟਰੀ ਪੱਧਰ ਦਾ ਖਿਡਾਰੀ ਬਣਾਉਣ ਵਿੱਚ ਅਹਿਮ ਰੋਲ ਅਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਖਿਡਾਰੀ ਨੂੰ ਖੇਡ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਆਉਂਦੀ ਹੋਵੇ ਤਾਂ ਮਾਮਲਾ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਸਮੱਸਿਆ ਦਾ ਢੁੱਕਵਾਂ ਹੱਲ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ।
ਇਸ ਮੌਕੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਨੌਜਵਾਨਾਂ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਸਕਾਰਾਤਮਕ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਨੌਜਵਾਨਾਂ ਦੀ ਹੌਂਸਲਾ ਅਫ਼ਜਾਈ ਲਈ ਭਵਿੱਖ ਵਿੱਚ ਅਜਿਹੀਆਂ ਗਤੀਵਿਧੀਆਂ ਹੋਰ ਵੀ ਵੱਡੇ ਪੱਧਰ ਉਤੇ ਕਰਵਾਈਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਨਾਗਰਿਕ ਨਸ਼ਿਆਂ ਬਾਰੇ ਕੋਈ ਵੀ ਜਾਣਕਾਰੀ ਪੁਲਿਸ ਦੇ ਧਿਆਨ ਵਿੱਚ ਲਿਆਉਣਾ ਚਾਹੁੰਦਾ ਹੈ ਤਾਂ ਉਹ ਹੈਲਪਲਾਈਨ ਨੰਬਰ 112 ਉੱਪਰ ਸੂਚਨਾ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਜਾਣਕਾਰੀ ਮੁਹੱਈਆ ਕਰਾਵਉਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਪੀ. ਨਵਰੀਤ ਸਿੰਘ ਵਿਰਕ, ਡੀ.ਐਸ.ਪੀ. ਗੁਰਮੁੱਖ ਸਿੰਘ, ਡੀ.ਐਸ.ਪੀ. ਜਤਿੰਦਰ ਸਿੰਘ ਗਿੱਲ, ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ ਕਲਿਆਣ, ਇੰਸਪੈਕਟਰ ਸਿਮਰਨਜੋਤ ਸਿੰਘ, ਇੰਸਪੈਕਟਰ ਹਰਜੀਤ ਕੌਰ ਗਿੱਲ, ਸਮੂਹ ਕੋਚ, ਜ਼ਿਲ੍ਹਾ ਐਥਲੈਟਿਕ ਐਸੋਸੀਏਸ਼ਨ ਦੇ ਨੁਮਾਇੰਦੇ ਤੇ ਵੱਡੀ ਗਿਣਤੀ ਵਿੱਚ ਖਿਡਾਰੀ ਅਤੇ ਸਕੂਲਾਂ ਦੇ ਵਿਦਿਆਰਥੀ ਹਾਜ਼ਰ ਸਨ।