05 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਸਿੱਖਾਂ ਦੇ ਮਸਲਿਆਂ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੱਡਾ ਬਿਆਨ ਦਿਤਾ ਹੈ। ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖਾਂ ਦੇ ਮਸਲਿਆਂ ਨੂੰ ਅਦਾਲਤਾਂ ਵਿਚ ਲਿਜਾਣ ਦੀ ਬਜਾਏ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਲਿਆਉਣੇ ਚਾਹੀਦੇ ਹਨ ਕਿਉਂਕਿ ਗੁਰਮਤਿ ਦੇ ਸਿਧਾਂਤ ’ਤੇ ਚਲਦਿਆਂ ਹੋਇਆਂ ਹਰ ਮਸਲੇ ਦਾ ਹੱਲ ਸੰਵਾਦ ਰਾਹੀਂ ਕਢਿਆ ਜਾ ਸਕਦਾ ਹੈ।
ਇਸ ਦੇ ਨਾਲ ਹੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖਾਂ ਦੀ ਘੱਟਦੀ ਜਾ ਰਹੀ ਗਿਣਤੀ ’ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਹਰੇਕ ਸਿੱਖ ਪਰਿਵਾਰ ਨੂੰ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨ ਦੀ ਸਲਾਹ ਦਿੱਤੀ ਹੈ।
ਸੋਮਵਾਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਪੁੱਜੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖਾਂ ਦੀ ਘੱਟਦੀ ਜਾ ਰਹੀ ਆਬਾਦੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇਹ ਇਸ ਲਈ ਹੈ ਕਿਉਂਕਿ ਅੱਜਕੱਲ੍ਹ ਹਰ ਸਿੱਖ ਇੱਕ ਜਾਂ ਦੋ ਬੱਚੇ ਪੈਦਾ ਕਰਨ ਤੱਕ ਸੀਮਿਤ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਚਿੰਤਾ ਵਾਲੀ ਗੱਲ ਹੈ। ਇਸ ਲਈ ਹਰੇਕ ਸਿੱਖ ਪਰਿਵਾਰ ਨੂੰ ਜ਼ਿਆਦਾ ਨਹੀਂ ਤਾਂ ਘੱਟੋ-ਘੱਟ ਤਿੰਨ ਬੱਚੇ ਜ਼ਰੂਰ ਪੈਦਾ ਕਰਨੇ ਚਾਹੀਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਸਿੱਖ ਪਰਿਵਾਰ ਆਪਣੇ ਬੱਚਿਆਂ ਨੂੰ ਬਾਣੀ ਤੇ ਬਾਣੇ ਨਾਲ ਜੋੜਨ ਲਈ ਬਚਪਨ ਤੋਂ ਹੀ ਉਨ੍ਹਾਂ ਨੂੰ ਗੁਰੂ ਸਾਹਿਬਾਨ ਦੀਆਂ ਸਾਖੀਆਂ ਸੁਣਾਉਣ। ਬਾਣੀ ਨਾਲ ਜੋੜਣ ਲਈ ਨਿਤਨੇਮ ਲਈ ਪ੍ਰੇਰਿਤ ਕਰਨ ਤਾਂ ਜੋ ਉਹ ਵੱਡੇ ਹੋ ਕੇ ਪੂਰਨ ਸਿੱਖੀ ਸਰੂਪ ’ਚ ਸਜਣ।
ਸੰਖੇਪ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ ਲਈ ਹਰ ਸਿੱਖ ਪਰਿਵਾਰ ਨੂੰ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨ ਦੀ ਅਪੀਲ ਕੀਤੀ ਹੈ।