ਨੌਸ਼ਹਿਰਾ ਮੱਝਾ ਸਿੰਘ (ਬਟਾਲਾ), 03 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਵਲੋਂ ਵਿੱਢੀ ‘‘ਨਸ਼ਾ ਮੁਕਤੀ ਯਾਤਰਾ’ ਤਹਿਤ ਸੋਨੀਆ ਮਾਨ, ਜਿਨਾਂ ਨੂੰ ਮਾਝਾ ਜ਼ੋਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਨਾਂ ਵਲੋਂ ਜ਼ਿਲ੍ਹੇ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ ਹੈ।
‘ਨਸ਼ਾ ਮੁਕਤੀ ਯਾਤਰਾ’ ਤਹਿਤ ਵਿਧਾਨ ਸਭਾ ਹਲਕਾ ਬਟਾਲਾ ਦੇ ਪਿੰਡ ਨੋਸ਼ਹਿਰਾ ਮੱਝਾ ਸਿੰਘ ਤੇ ਕਲੇਰ ਕਲਾਂ ਵਿਖੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ ਲਈ ਸੋਨੀਆ ਮਾਨ ਨੇ ਵਿਸ਼ੇਸ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ ਅਤੇ ਚੇਅਰਮੈਨ ਮਾਨਿਕ ਮਹਿਤਾ ਜ਼ਿਲਾ ਕੁਆਰਡੀਨੇਟਰ ਵੀ ਮੋਜੂਦ ਸਨ। ਇਸ ਮੌਕੇ ਪਿੰਡ ਵਾਸੀਆਂ ਨੂੰ ਨਸ਼ਿਆਂ ਖਿਲਾਫ਼ ਇਕਜੁੱਟ ਹੋਣ ਦੀ ਸਹੁੰ ਵੀ ਚੁਕਾਈ ਗਈ।
ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸੋਨੀਆ ਮਾਨ ਨੇ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਜੁੜ ਕੇ ਇਸ ਨੂੰ ਇਕ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ।
ਉਨਾਂ ਕਿਹਾ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਦੀ ਸਖ਼ਤੀ ਕਰਕੇ ਨਸ਼ਾ ਤਸਕਰ ਜਾਂ ਤਾਂ ਪੰਜਾਬ ਛੱਡ ਕੇ ਭੱਜ ਗਏ ਹਨ ਜਾਂ ਫਿਰ ਸਲਾਖਾਂ ਦੇ ਪਿਛੇ ਹਨ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ ਤੋਂ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਜਾਵੇ।
ਇਸ ਮੌਕੇ ਪਿੰਡ ਵਾਸੀਆਂ ਨਾਲ ਮੁਖ਼ਾਤਬ ਹੁੰਦਿਆਂ ਅੰਮ੍ਰਿਤ ਕਲਸੀ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਹਲਕੇ ਅੰਦਰ ਨਸ਼ੇ ਨੂੰ ਜੜੋਂ ਖਤਮ ਕਰਨ ਦੀ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਚੱਲਦਿਆਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਲਗਤਾਰ ਲੋਕਾਂ ਨੂੰ ਨਸ਼ਿਆਂ ਖਿਲਾਫ ਲਾਮਬੰਦ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸਾਨੂੰ ਆਪਣੇ ਪਿੰਡ, ਹਲਕੇ ਤੇ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਖੁਦ ਅੱਗੇ ਆਉਣਾ ਪਵੇਗਾ ਤਾਂ ਹੀ ਇਸ ਸਮਾਜਿਕ ਬੁਰਾਈ ਨਸ਼ੇ ਨੂੰ ਖਤਮ ਕੀਤਾ ਜਾ ਸਕਦਾ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਨਸ਼ਾ ਤਸਰਕਾਂ ਵਿਰਪੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉਸ ਦੇ ਨਾਲ-ਨਾਲ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਜਾਲ ਵਿੱਚ ਫਸੇ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਕੇ ਮੁਫ਼ਤ ਇਲਾਜ ਕਰਵਾਉਣ ਤੋਂ ਇਲਾਵਾ ਉਨਾਂ ਦੇ ਮੁੜ ਵਸੇਬੇ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਨਸ਼ਿਆਂ ਸਬੰਧੀ ਕੋਈ ਵੀ ਜਾਣਕਾਰੀ ਵਟਸਐਪ ਨੰਬਰ 9779-100-200 ’ਤੇ ਦਿੱਤੀ ਜਾ ਸਕਦੀ ਹੈ ਤੇ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਯੂਥ ਆਗੂ ਮਨਦੀਪ ਸਿੰਘ ਗਿੱਲ, ਮਾਸਟਰ ਤਿਲਕ ਰਾਜ, ਸਰਪੰਚ ਸੁਖਵਿੰਦਰ ਸਿੰਘ, ਸਰਪੰਚ ਰਾਜਬੀਰ ਸਿੰਘ ਰਾਜੂ ਰੰਧਾਵਾ , ਮਨਜੀਤ ਸਿੰਘ ਬੁਮਰਾਹ ਕੋਆਰਡੀਨੇਟਰ ਬਟਾਲਾ, ਹਨੀ ਚੌਹਾਨ, ਅਮਿਤ ਸੋਢੀ, ਵੀਨੂੰ ਕਾਹਲੋਂ, ਲੰਬੜਦਾਰ ਅਮਰੀਕ ਸਿੰਘ, ਵਾਸੂਦੇਵ ਸ਼ਰਮਾ, ਭੁਪਿੰਦਰ ਸਿੰਘ, ਜਗਜੀਤ ਸਿੰਘ ਸਮੇਤ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।