ਸੰਗਰੂਰ, 5 ਮਾਰਚ (ਪੰਜਾਬੀ ਖਬਰਨਾਮਾ): ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੀ ਯੋਗ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਵੋਟਰਾਂ ਨੂੰ ਬਿਨਾਂ ਕਿਸੇ ਡਰ ਜਾਂ ਪ੍ਰਭਾਵ ਤੋਂ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਲਈ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਗਤੀਵਿਧੀਆਂ ਤਹਿਤ ਅੱਜ ਜ਼ਿਲ੍ਹਾ ਸਿਖਲਾਈ ਸੰਸਥਾ (ਡਾਇਟ) ਵਿੱਚ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ।
ਇਸ ਮੌਕੇ ਬੋਲਦਿਆਂ ਵਿਧਾਨ ਸਭਾ ਹਲਕਾ ਸੰਗਰੂਰ ਦੇ ਸਵੀਪ ਗਤੀਵਿਧੀਆਂ ਦੇ ਨੋਡਲ ਅਫ਼ਸਰ ਬਲਬੀਰ ਚੰਦ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਵਿੱਚ ਚੋਣਾਂ ਪੂਰੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਤਹਿਤ ਹੀ ਸਵੀਪ ਨਾਂ ਦੀ ਮੁਹਿੰਮ ਤਹਿਤ ਨਾਗਰਿਕਾਂ ਨੂੰ ਵੋਟ ਦੇ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਜਾਂਦਾ ਹੈ।
ਨੋਡਲ ਅਫ਼ਸਰ ਨੇ ਵਿਦਿਆਰਥੀਆਂ ਨੂੰ ਆਪਣੀ ਵੋਟ ਬਣਾਉਣ ਅਤੇ ਇਸਦੀ ਨਿਰਪੱਖ ਢੰਗ ਨਾਲ ਵਰਤੋਂ ਕਰਨ ਲਈ ਸਹੁੰ ਵੀ ਚੁਕਵਾਈ। ਉਨ੍ਹਾਂ ਕਿਹਾ ਕਿ ਦੁਨਿਆ ਦੇ ਸਭ ਤੋਂ ਵੱਡੇ ਲੋਕਤੰਤਰ ਵਿੱਚ ਸਰਕਾਰ ਚੁਣਨ ਦਾ ਅਧਿਕਾਰ ਸਾਡੇ ਦੇਸ਼ ਦੇ ਲੋਕਾਂ ਕੋਲ ਹੈ ਅਤੇ ਸਾਨੂੰ ਸਭ ਨੂੰ ਚੰਗੀ ਸਰਕਾਰ ਚੁਣਨ ਲਈ ਆਪਣੇ ਇਸ ਅਧਿਕਾਰ ਦੀ ਵਰਤੋਂ ਯਕੀਨੀ ਤੌਰ ਤੇ ਕਰਨੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵੋਟ ਬਣਾਉਣ ਅਤੇ ਵੋਟ ਵਿੱਚ ਸੋਧ ਕਰਵਾਉਣ ਲਈ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਬਾਰੇ ਵੀ ਸੁਚੇਤ ਕੀਤਾ।
