• ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 43 ਸਕੀਮਾਂ ਦਾ ਦਿੱਤਾ ਜਾਵੇਗਾ ਲਾਭ
  • ਵਧੀਕ ਡਿਪਟੀ ਕਮਿਸ਼ਨਰ (ਜ) ਈਸ਼ਾ ਸਿੰਗਲ ਨੇ ਸਰਕਾਰ ਤੁਹਾਡੇ ਦੁਆਰ, ਸਬੰਧੀ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 02 ਫਰਵਰੀ (ਪੰਜਾਬੀ ਖ਼ਬਰਨਾਮਾ)

  ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੇ ਘਰਾਂ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਸਰਕਾਰ ਤੁਹਾਡੇ ਦੁਆਰ ਸਕੀਮ ਅਧੀਨ 06 ਫਰਵਰੀ ਤੋਂ ਸਬ ਡਵੀਜ਼ਨ ਪੱਧਰ ਤੇ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਵਿੱਚ ਆਮ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 43 ਸਕੀਮਾਂ ਦਾ ਲਾਭ ਦਿੱਤਾ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣਕਾਰੀ ਮੁਹੱਈਆ ਕਰਵਾਉਣ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਤਾਂ ਜੋ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਨਾਗਰਿਕ ਲਾਭ ਉਠਾ ਸਕਣ।

 ਸ਼੍ਰੀਮਤੀ ਈਸ਼ਾ ਸਿੰਗਲ ਨੇ ਕਿਹਾ ਕਿ ਪਹਿਲਾਂ ਜਿਥੇ ਆਮ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰਨੇ ਪੈਂਦੇ ਸਨ ਹੁਣ ਉਨ੍ਹਾਂ ਨੂੰ ਇਹ ਸੇਵਾਵਾਂ ਆਪਣੇ ਘਰਾਂ ਨੇੜੇ ਹੀ ਮੁਹੱਈਆ ਹੋਣਗੀਆਂ ਤਾਂ ਜੋ ਲੋਕਾਂ ਨੂੰ ਸੇਵਾਵਾਂ ਹਾਸਲ ਕਰਨ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ 6 ਫਰਵਰੀ ਤੋਂ ਇਨ੍ਹਾਂ ਕੈਂਪਾਂ ਦੀ ਸ਼ੁਰੂਆਤ ਹੋਵੇਗੀ ਜੋ ਕਿ ਸਬ ਡਵੀਜ਼ਨ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਕੈਂਪ 07 ਮਾਰਚ ਤੱਕ ਲਗਾਏ ਜਾਣਗੇ ਅਤੇ ਇਨ੍ਹਾਂ ਕੈਂਪਾਂ ਵਿੱਚ ਸਬ-ਡਵੀਜ਼ਨ ਫ਼ਤਹਿਗੜ੍ਹ ਸਾਹਿਬ, ਬਸੀ ਪਠਾਣਾ, ਅਮਲੋਹ ਤੇ ਖਮਾਣੋਂ ਦੇ ਪਿੰਡਾਂ ਨੂੰ ਸਰਕਾਰ ਵੱਲੋਂ ਤੈਅ ਕੀਤੀਆਂ ਗਈਆਂ 43 ਸੇਵਾਵਾਂ ਘਰਾਂ ਨੇੜੇ ਹਾਸਲ ਹੋਣਗੀਆਂ।

 ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਇਨ੍ਹਾਂ ਕੈਂਪਾਂ ਵਿੱਚ ਪਹੁੰਚਣ ਤਾਂ ਜੋ ਉਨ੍ਹਾਂ ਦੇ ਕੰਮ ਘਰਾਂ ਨੇੜੇ ਹੋ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਕੈਂਪ ਸਬ ਡਵੀਜ਼ਨ ਪੱਧਰ ਤੇ ਪਿੰਡਾਂ ਦੇ ਕਲਸਟਰ ਬਣਾ ਕੇ ਲਗਾਏ ਜਾਣਗੇ ਤਾਂ ਜੋ ਕੋਈ ਵੀ ਨਾਗਰਿਕ ਆਪਣੀ ਲੋੜ ਅਨੁਸਾਰ ਸੇਵਾਵਾਂ ਹਾਸਲ ਕਰਨ ਤੋਂ ਵਾਂਝਾ ਨਾ ਰਹੇ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।